ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਈ ਰਵਾਨਾ ਹੋਏ ਅੰਮ੍ਰਿਤਪਾਲ ਸਿੰਘ

ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਈ ਰਵਾਨਾ ਹੋਏ ਅੰਮ੍ਰਿਤਪਾਲ ਸਿੰਘ

ਚੰਡੀਗੜ੍ਹ/ਏ.ਟੀ.ਨਿਊਜ਼:  ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਰਿਹਾ ਹੈ। ਅਦਾਲਤ ਵੱਲੋਂ ਦਿੱਤੀ ਗਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਤਹਿਤ ਉਹ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ।
ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਟੀਮ ਡੀਐੱਸਪੀ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਡਿਬਰੂਗੜ੍ਹ ਪਹੁੰਚ ਗਈ ਸੀ। ਇਹ ਪੁਲਿਸ ਟੀਮ ਕੁਝ ਚਿਰ ਬਾਅਦ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਡਿਬਰੂਗੜ੍ਹ ਤੋਂ ਦਿੱਲੀ ਲੈ ਕੇ ਪਹੁੰਚੇਗੀ। ਇਸ ਤੋਂ ਬਾਅਦ ਭਲਕੇ 21 ਨਵੰਬਰ ਨੂੰ ਦੁਪਹਿਰ 2:30 ਵਜੇ ਦੇ ਕਰੀਬ ਹਵਾਈ ਜਹਾਜ਼ ਰਾਹੀਂ ਪੰਜਾਬ ਲਈ ਰਵਾਨਾ ਹੋਣਗੇ।
ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਰਾਜਾਸਾਂਸੀ ਵਿਖੇ ਲਿਆਂਦਾ ਜਾਵੇਗਾ। ਉੱਥੋਂ ਪੁਲਿਸ ਸੁਰੱਖਿਆ ਹੇਠ ਉਨ੍ਹਾਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਜੱਦੀ ਪਿੰਡ ਜੱਲੂਪੁਰ ਖੇੜਾ ਲਿਜਾਇਆ ਜਾਵੇਗਾ। ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਕਿੱਥੇ ਰੱਖਿਆ ਜਾਵੇਗਾ, ਇਸ ਬਾਰੇ ਪੁਲਿਸ ਵੱਲੋਂ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਲਗਭਗ ਤਿੰਨ ਸਾਲ ਸੱਤ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਅੰਮ੍ਰਿਤਪਾਲ ਸਿੰਘ ਆਪਣੇ ਪਰਿਵਾਰ ਵਿਚਕਾਰ ਪਹੁੰਚਣਗੇ। ਅੰਮ੍ਰਿਤਸਰ ਦੀ ਅਦਾਲਤ ਨੇ ਉਨ੍ਹਾਂ ਨੂੰ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਦਿੱਤੀ ਹੈ। ਅਦਾਲਤੀ ਹੁਕਮਾਂ ਅਨੁਸਾਰ ਉਹ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੁਲਿਸ ਹਿਰਾਸਤ ਵਿੱਚ ਰਹਿੰਦਿਆਂ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣਗੇ।