ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦਾ ਹੋਵੇਗਾ ਹੱਲ

ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕਿਸਾਨਾਂ ਦੀਆਂ ਸਾਰੀਆਂ  ਮੰਗਾਂ ਦਾ ਹੋਵੇਗਾ ਹੱਲ

ਲੁਧਿਆਣਾ/ਏ.ਟੀ.ਨਿਊਜ਼ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਪਿੰਡ ਲੱਖੋਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਦੇ ਸਰਪ੍ਰਸਤ ਅਜਮੇਰ ਸਿੰਘ ਲੱਖੋਵਾਲ ਅਤੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਕੀਤਾ। ਲੱਖੋਵਾਲ ਨੇ ਕਿਹਾ ਕਿ ਜੋ ਕਿਸਾਨ ਤੇ ਪੰਜਾਬ ਦੇ ਭਲਾਈ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਹੈ ਉਹ ਹੋਰ ਕਿਸੇ ਪਾਰਟੀ ਦੀ ਸਰਕਾਰ ਵੱਲੋਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਉਹ ਪ੍ਰਕਾਸ਼ ਸਿੰਘ ਬਾਦਲ ਤੋਂ ਕਿਸਾਨਾਂ ਦੀਆਂ ਹਰ ਮੰਗਾਂ ਨੂੰ ਮਨਵਾ ਲੈਂਦੇ ਸਨ, ਪਰ ਮੌਜੂਦਾ ਸਰਕਾਰ ਦੇ ਵਿੱਚ ਨਾ ਤਾਂ ਮੁੱਖ ਮੰਤਰੀ ਚੱਲਦੀ ਹੈ ਅਤੇ ਨਾ ਹੀ ਕਿਸੇ ਮੰਤਰੀ ਦੀ ਚਲਦੀ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੀ ਹਰ ਸਟੇਜ ’ਤੇ ਜਾ ਕੇ ਉਹਨਾਂ ਦੇ ਉਮੀਦਵਾਰਾਂ ਦਾ ਸਮਰਥਨ ਕਰਨਗੇ ਅਤੇ 2027 ਵਿੱਚ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣਾਉਣ ’ਚ ਆਪਣੇ ਵੱਲੋਂ ਪੂਰਾ ਯੋਗਦਾਨ ਪਾਉਣਗੇ।
ਆਪਣੇ ਸੰਬੋਧਨ ’ਚ ਸੁਖਬੀਰ ਨੇ ਕਿਹਾ ਕਿ ਉਨਾਂ ਦੇ ਪਿਤਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਅਜਮੇਰ ਸਿੰਘ ਲੱਖੋਵਾਲ ਦਾ ਆਪਸ ਵਿੱਚ ਬੜਾ ਗੂੜਾ ਸੰਬੰਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਸੰਬੰਧਿਤ ਜੇਕਰ ਕੋਈ ਵੀ ਸਮੱਸਿਆ ਆਉਂਦੀ ਸੀ, ਤਾਂ ਦੋਵੇਂ ਬਜ਼ੁਰਗ ਬੈਠ ਕੇ ਉਸ ਸਮੱਸਿਆ ਦਾ ਹੱਲ ਕਰ ਲੈਂਦੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕਿਸਾਨਾਂ ਦੀਆਂ ਸਾਰੀਆਂ ਹੀ ਮੰਗਾਂ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਪੰਜਾਬ ਦੀ ਇੱਕੋ ਇੱਕ ਮਾਂ ਪਾਰਟੀ ਹੈ ਜਿਸ ਨੂੰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਦਰਦ ਹੈ।