ਭਾਜਪਾ ਵੱਲੋਂ ਪੰਜਾਬ ਵਿੱਚ ‘ਸਮਰਸਤਾ ਸੰਕਲਪ ਯਾਤਰਾ’ ਸ਼ੁਰੂ

ਭਾਜਪਾ ਵੱਲੋਂ ਪੰਜਾਬ ਵਿੱਚ ‘ਸਮਰਸਤਾ ਸੰਕਲਪ ਯਾਤਰਾ’ ਸ਼ੁਰੂ

ਜਲੰਧਰ/ਏ.ਟੀ.ਨਿਊਜ਼ :
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸੱਤਾਧਾਰੀ ਆਮ ਆਦਮੀ ਪਾਰਟੀ (‘ਆਪ’) ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਵੋਟਰਾਂ ਨੇ ਸੂਬੇ ਵਿੱਚ ‘ਬਦਲਾਅ’ ਲਿਆਉਣ ਲਈ ‘ਆਪ’ ਨੂੰ ਸੱਤਾ ਸੌਂਪੀ ਸੀ, ਪਰ ਸਕਾਰਾਤਮਕ ਤਬਦੀਲੀ ਸਿਰਫ਼ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਲਈ ਹੀ ਆਈ ਹੈ। ਜਲੰਧਰ-ਪਠਾਨਕੋਟ ਮਾਰਗ ’ਤੇ ਡੇਰਾ ਸੱਚਖੰਡ ਬੱਲਾਂ ਨਾਲ ਲੱਗਦੇ ਪਿੰਡ ਰਾਏਪੁਰ-ਰਸੂਲਪੁਰ ਵਿਖੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਨਿਸ਼ਾਨੇ ’ਤੇ ਲਿਆ। ਇਹ ਰੈਲੀ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਤੋਂ ਵਾਰਾਣਸੀ (ਕਾਸ਼ੀ) ਤੱਕ ਕੱਢੀ ਜਾਣ ਵਾਲੀ ‘ਸਮਰਸਤਾ ਸੰਕਲਪ ਯਾਤਰਾ’ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਰੱਖੀ ਗਈ ਸੀ।
ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਨਬੀਨ ਨੇ ਕਿਹਾ ਕਿ ਹੁਣ ਸੂਬੇ ਦੇ ਨੌਜਵਾਨਾਂ ਨੂੰ ਹੋਰ ਗੁੰਮਰਾਹ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿੱਚ ਪੰਜਾਬ ਦੀ ਨੌਜਵਾਨੀ ਨਸ਼ਿਆਂ ਅਤੇ ਬੇਰੁਜ਼ਗਾਰੀ ਦੀ ਮਾਰ ਝੱਲ ਰਹੀ ਹੈ, ਜਿਸ ਕਾਰਨ ਨੌਜਵਾਨਾਂ ਨੂੰ ਮਜਬੂਰਨ ਪਰਵਾਸ ਕਰਨਾ ਪੈ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਉਹ ਕਿਹੜੇ ਨੌਜਵਾਨ ਹਨ, ਜਿਨ੍ਹਾਂ ਨੂੰ ਸਰਕਾਰ ਕਰੋੜਪਤੀ ਬਣਾਉਣਾ ਚਾਹੁੰਦੀ ਹੈ? ਆਪਣੇ ਭਾਸ਼ਣ ਦੌਰਾਨ ਉਨ੍ਹਾਂ ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਵੀ ਵਰ੍ਹਦਿਆਂ ਕਿਹਾ ਕਿ ਉਹ ਦੇਸ਼ ਵਿੱਚ ਸਿਰਫ਼ ਅਰਾਜਕਤਾ (ਅਸ਼ਾਂਤੀ) ਫੈਲਾਉਣਾ ਚਾਹੁੰਦੇ ਹਨ।