ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੱਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਹਨ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਐਲਾਨਿਆ ਗਿਆ।
ਐੱਸ. ਜੀ. ਪੀ. ਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਹਨ। ਇਸ ਦੇ ਨਾਲ ਹੀ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਨੂੰ ਨਿਯੁਕਤ ਕੀਤਾ ਗਿਆ  ਹੈ।
ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ। 1956 ਵਿੱਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, ਐਲਐਲਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ। ਉਹ 1996 ਵਿੱਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਰਹੇ। ਉਹ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਮੈਂਬਰ ਵੀ ਬਣੇ। ਐਡਵੋਕੇਟ ਧਾਮੀ 2019 ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ, ਜਿਸ ਮਗਰੋਂ 2020 ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁਦੇ ’ਤੇ ਸੇਵਾ ਨਿਭਾਈ। ਉਸ ਮਗਰੋਂ ਨਵੰਬਰ 2021 ਵਿੱਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਅਤੇ ਹੁਣ ਇਸ ਅਹੁਦੇ ਉੱਤੇ ਲਗਾਤਾਰ ਛੇਵੀਂ ਵਾਰ ਚੁਣੇ ਗਏ ਹਨ।