ਗੁਰੂ ਗੋਬਿੰਦ ਸਿੰਘ ਜੀ ਦੇ ਦੱਸੇ ਮਾਰਗ ‘ਤੇ ਚਲਦਿਆਂ ਵਿਤਕਰੇਬਾਜ਼ੀ ਨੂੰ ਦੂਰ ਕਰਨਾ ਹੀ ਦਸਮ ਪਿਤਾ ਨੂੰ ਸੱਚੀ ਸ਼ਰਧਾਂਜਲੀ : ਡਾ. ਮਨਮੋਹਨ ਸਿੰਘ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼:
ਸ੍ਰੀ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸੰਪੂਰਨਤਾ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਮਕੌਰ ਸਾਹਿਬ ਦੀ ਧਰਤੀ ‘ਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿਲ ਯੂਨੀਵਰਸਿਟੀ ਅਤੇ ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਆਨੰਦਪੁਰ ਸਾਹਿਬ ਅਰਬਨ ਡਿਵੈਲਪਮੈਂਟ ਅਥਾਰਟੀ ਬਨਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਇਲਾਕੇ ਅੰਦਰ ਇੰਡਸਟਰੀ ਅਤੇ ਸੈਰ ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਲੋੜੀਂਦੇ ਫੈਸਲੇ ਲੈਣ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਆਨੰਦਪੁਰ ਸਾਹਿਬ ਵਿੱਚ ਫੂਡ ਪਾਰਕ ਬਣਾਉਣਾ ਵੀ ਵਿਚਾਰ ਅਧੀਨ ਹੈ। ਉਨ੍ਹਾਂ ਐਲਾਨ ਕੀਤਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਕਰੱਸ਼ਰ ਇੰਡਸਟਰੀ ਨੂੰ ਹੁੰਗਾਰਾ ਦੇਣ ਲਈ ਇਸ ਨੂੰ ਕਰੱਸ਼ਰ ਜ਼ੋਨ ਬਣਾਇਆ ਜਾਵੇਗਾ।
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਦਾ ਜੀਵਨ ਅਤੇ ਫਲਸਫ਼ਾ ਫਿਰਕੂ ਸਦਭਾਵਨਾ, ਧਾਰਮਿਕ ਸਹਿਣਸ਼ੀਲਤਾ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਮਜ਼ਬੂਤ ਬਣਾਉਣ ਦਾ ਮਾਰਗ ਵਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਦਸਵੇਂ ਗੁਰੂ ਨੇ ਕਦੇ ਵੀ ਕਿਸੇ ਧਰਮ ਨਾਲ ਵਿਤਕਰਾ ਨਹੀਂ ਕੀਤਾ ਸਗੋਂ ਰੰਗ, ਜਾਤ, ਨਸਲ ਦੇ ਵਖਰੇਵਿਆਂ ਦੇ ਬਾਵਜੂਦ ਸਾਰਿਆਂ ਦਾ ਮਨੁੱਖ ਵਜੋਂ ਸਤਿਕਾਰ ਕੀਤਾ। ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਉਨ੍ਹਾਂ ਦੇ ਦੱਸੇ ਮਾਰਗ ‘ਤੇ ਚਲਦਿਆਂ ਵਿਤਕਰੇਬਾਜ਼ੀ ਨੂੰ ਦੂਰ ਕਰੀਏ। ਉਨ੍ਹਾਂ ਕਿਹਾ ਕਿ ਮਰਦਾਂ ਅਤੇ ਔਰਤਾਂ ਦੋਵਾਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ ਤਾਂ ਜੋ ਉਹ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ। ਉਨ੍ਹਾਂ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਵਾਤਾਵਰਣ ਦੀ ਸੁਰੱਖਿਆ ਲਈ ਧਾਰਮਿਕ ਅਤੇ ਸਵੈ-ਸੇਵੀ ਸੰਸਥਾਵਾਂ ਤੋਂ ਇਲਾਵਾ ਸਾਰਿਆਂ ਨੂੰ ਸਹਿਯੋਗ ਦੇਣ ਦਾ ਵੀ ਸੱਦਾ ਦਿੱਤਾ। ਆਪਣੇ ਸਵਾਗਤੀ ਭਾਸ਼ਣ ਵਿੱਚ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਹ ਇਸ ਧਾਰਮਿਕ ਮਹੱਤਤਾ ਵਾਲੇ ਹਲਕੇ ਤੋਂ ਚੁਣੇ ਜਾਣ ਲਈ ਖ਼ੁਦ ਨੂੰ ਵਡਭਾਗਾ ਸਮਝਦੇ ਹਨ। ਉਨ੍ਹਾਂ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ, ਪੀਣ ਵਾਲਾ ਪਾਣੀ ਅਤੇ ਸੜਕਾਂ ਆਦਿ ਦੇਣ ਦਾ ਵੀ ਜ਼ਿਕਰ ਕੀਤਾ। ਸੱਭਿਆਚਾਰ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਗੁਰੂ ਗੋਬਿੰਦ ਸਿੰਘ ਦੇ ਮਹਾਨ ਬਲਿਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦੀ ਰਹੇਗੀ। ਸਮਾਗਮ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਸੰਬੋਧਨ ਕੀਤਾ ਜਦਕਿ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਸਮਾਗਮ ‘ਚ ਹਾਜ਼ਰੀ ਭਰੀ। ਉਹ ਪੂਰੇ ਸਮਾਗਮ ਦੌਰਾਨ ਕਾਂਗਰਸੀ ਸਟੇਜ ‘ਤੇ ਮੌਜੂਦ ਰਹੇ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸਾਬਕਾ ਰਾਜ ਸਭਾ ਮੈਂਬਰ ਐਚ.ਐਸ. ਹੰਸਪਾਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਸੰਸਦ ਮੈਂਬਰ ਸੰਤੋਖ ਸਿੰਘ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ, ਰਜ਼ੀਆ ਸੁਲਤਾਨਾ, ਵਿਧਾਇਕ ਬਲਬੀਰ ਸਿੱਧੂ ਆਦਿ ਸਮੇਤ ਪਾਰਟੀ ਵਰਕਰ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਵਲੋਂ ਸਾਬਕਾ ਪ੍ਰਧਾਨ ਮੰਤਰੀ
ਦੇ ਹੱਥ ਵਿੱਚ ਫੜਾਇਆ ਗਿਆ ਸਿਰੋਪਾ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼: ਲਗਾਤਾਰ ਇੱਕ ਦਹਾਕੇ ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਦਾ ਕੱਦ ਉੱਚਾ ਕਰਨ ਵਾਲੇ ਡਾ. ਮਨਮੋਹਨ ਸਿੰਘ ਨੂੰ ਐਤਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸਿਰੋਪਾਓ ਗਲ ਵਿੱਚ ਨਾ ਪਾ ਕੇ, ਹੱਥ ਵਿੱਚ ਦੇਣ ਨਾਲ ਕਈ ਸਵਾਲ ਖੜ੍ਹੇ ਹੋ ਗਏ ਹਨ। ਸਾਬਕਾ ਪ੍ਰਧਾਨ ਮੰਤਰੀ ਦੇ ਨਾਲ ਮੌਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਪ੍ਰਸ਼ਾਦ ਵਾਲਾ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਯਾਦ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਦੋਂ ਆਨੰਦਪੁਰ ਸਾਹਿਬ ਦੀ ਫੇਰੀ ਪਾਈ ਸੀ ਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਕੌਮ ਦੇ ਸਭ ਤੋਂ ਵੱਡੇ ਸਨਮਾਨ ਤੇ ਗੁਰੂਘਰ ਦੀ ਬਖਸ਼ਿਸ਼ ਸਿਰੋਪਾਓ ਬਕਾਇਦਾ ਮਰਿਆਦਾ ਅਨੁਸਾਰ ਉਨ੍ਹਾਂ ਦੇ ਗ਼ਲ ਵਿੱਚ ਪਾਇਆ ਗਿਆ ਸੀ, ਪਰ ਮੰਨੇ ਪ੍ਰਮੰਨੇ ਅਰਥ ਸ਼ਾਸਤਰੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸਿਰੋਪਾਓ ਦੇਣ ਲੱਗਿਆਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਤੰਗਦਿਲੀ ਦਾ ਮੁਜ਼ਾਹਰਾ ਕੀਤਾ। ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਸਿਰੋਪਾਓ ਡਾ. ਮਨਮੋਹਨ ਸਿੰਘ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗਲੇ ਵਿੱਚ ਪਾਉਣ ਦੀ ਥਾਂ ਪ੍ਰਸ਼ਾਦ ਵਾਲਾ ਸਿਰੋਪਾਓ ਉਨ੍ਹਾਂ ਦੇ ਹੱਥ ਵਿੱਚ ਫੜਾ ਦਿੱਤਾ। ਸਿੱਖ ਬੁੱਧੀਜੀਵੀਆਂ ਦਾ ਕਹਿਣਾ ਹੈ ਕਿ ਜੇਕਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਉੱਥੋਂ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਂ ਹੋਰ ਆਗੂਆਂ ਨੂੰ ਸਿਰੋਪਾਓ ਦਿੱਤਾ ਜਾ ਸਕਦਾ ਹੈ ਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਜਿਹਾ ਕਿਉਂ ਨਹੀਂ ਹੋ ਸਕਦਾ। ਇਹੀ ਨਹੀਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਵੀ ਆਪਣਾ ਨਾਮ ਨਾ ਛਾਪਣ ਦੀ ਸ਼ਰਤ ‘ਤੇ ਕਿਹਾ ਕਿ ਜੇਕਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਦਫ਼ਤਰ ਵਿੱਚ ਦੋਵਾਂ ਆਗੂਆਂ ਦੇ ਗ਼ਲ ਵਿੱਚ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਜਾ ਸਕਦਾ ਹੈ ਤਾਂ ਤਖ਼ਤ ਸਾਹਿਬ ਵਿਖੇ ਵੀ ਕਰਨ ‘ਚ ਕੋਈ ਹਰਜ਼ ਨਹੀਂ ਹੈ। ਓਧਰ, ਦੂਸਰੇ ਪਾਸੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨਾਲ ਜਦੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮਾਣ ਸਨਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਮਰਿਆਦਾ ਅਨੁਸਾਰ ਹੀ ਕੀਤਾ ਗਿਆ ਹੈ।
Comments (0)