ਕੈਪਟਨ ਵਲੋਂ ਮੋਦੀ ਨਾਲ ਮੁਲਾਕਾਤ-ਯੂ.ਪੀ. ਦੀ ਤਰਜ਼ ‘ਤੇ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਮੰਗੀ

ਕੈਪਟਨ ਵਲੋਂ ਮੋਦੀ ਨਾਲ ਮੁਲਾਕਾਤ-ਯੂ.ਪੀ. ਦੀ ਤਰਜ਼ ‘ਤੇ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਮੰਗੀ

ਕੈਪਸ਼ਨ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੀਂ ਦਿੱਲੀ ਵਿੱਚ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਾਰਲੀਮੈਂਟ ਹਾਊਸ ਵਿੱਚ ਮੁਲਾਕਾਤ ਕਰਦੇ ਹੋਏ। 

ਨਵੀਂ ਦਿੱਲੀ/ਬਿਊਰੋ ਨਿਊਜ਼ :
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਥੇ ਸੰਸਦ ਭਵਨ ਵਿਖੇ ਉਨ੍ਹਾਂ ਦੇ ਦਫ਼ਤਰ ਵਿਚ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਯੂਪੀ ਦੀ ਤਰਜ਼ ‘ਤੇ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ ਪ੍ਰਧਾਨ ਮੰਤਰੀ ਅੱਗੇ ਜ਼ੋਰਦਾਰ ਢੰਗ ਨਾਲ ਰੱਖੀ।
ਕੈਪਟਨ ਅਮਰਿੰਦਰ ਸਿੰਘ ਨੇ ਮੰਗ ਕੀਤੀ ਕਿ ਜਿਵੇਂ ਯੂਪੀ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਹੈ, ਉਸੇ ਤਰ੍ਹਾਂ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਇਕਮੁਸ਼ਤ ਮੁਆਫ਼ ਕਰਨ ਲਈ ਵਿਸ਼ੇਸ਼ ਪੈਕੇਜ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਜਦੋਂ ਉਹ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਾਲੇ ਵਫ਼ਦ ਨਾਲ ਪ੍ਰਧਾਨ ਮੰਤਰੀ ਨੂੰ ਮਿਲੇ ਸੀ, ਤਾਂ ਉਸ ਸਮੇਂ ਕੀਤੀ ਗਈ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਹੀ ਅੱਗੇ ਵਧਾਇਆ ਗਿਆ ਹੈ। ਕਾਂਗਰਸ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਕੈਪਟਨ ਨੇ ਕੇਂਦਰ ਤੋਂ ਮਦਦ ਮੰਗੀ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਸੂਬੇ ਦੀ ਕੈਬਨਿਟ ਨੇ ਕਾਂਗਰਸ ਵੱਲੋਂ ਕੀਤੇ ਗਏ ਚੋਣ ਵਾਅਦਿਆਂ ਨੂੰ ਸਮਾਂਬੱਧ ਪੂਰੇ ਕਰਨ ਲਈ ਜ਼ਰੂਰੀ ਕਦਮ ਪੁੱਟੇ ਜਾਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਸਿਰ ਚੜ੍ਹੇ ਕਰਜ਼ੇ ਦੇ ਮੱਕੜ ਜਾਲ ਵਿੱਚੋਂ ਬਾਹਰ ਕੱਢਣ ਲਈ ਇਸ ਵਿਸ਼ੇਸ਼ ਪੈਕਜ ਦੀ ਮੰਗ ਪ੍ਰਧਾਨ ਮੰਤਰੀ ਤੋਂ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲੇਖੇ ਪੱਤਰ ਵਿੱਚ ਦੱਸਿਆ ਹੈ ਕਿ ਪੰਜਾਬੀ ਕਿਸਾਨਾਂ ਸਿਰ 80000 ਕਰੋੜ ਰੁਪਏ ਕਰਜ਼ਾ ਹੈ, ਜਿਸ ਵਿੱਚ ਕਾਰਪੋਰੇਟ ਖੇਤਰ ਦਾ ਫਸਲੀ ਕਰਜ਼ਾ 12500 ਕਰੋੜ ਹੈ। ਇਸ ਤਰ੍ਹਾਂ ਪੰਜਾਬ ਦੇ ਹਰੇਕ ਕਿਸਾਨ ਸਿਰ ਫਸਲੀ ਕਰਜ਼ੇ ਸਮੇਤ 8 ਲੱਖ ਰੁਪਏ ਦਾ ਕਰਜ਼ਾ ਹੈ। ਪੰਜਾਬ ਦੇ ਛੋਟੇ ਤੇ ਦਰਮਿਆਨੇ ਕਿਸਾਨ ਪ੍ਰਤੀ ਏਕੜ ਦੇ ਹਿਸਾਬ ਨਾਲ ਦੇਸ਼ ਵਿਚ ਸਭ ਤੋਂ ਵੱਧ ਕਰਜ਼ਦਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਅਹਿਮ ਯੋਗਦਾਨ ਪਾਇਆ ਹੈ ਤੇ ਇਸ ਸਰਹੱਦੀ ਸੂਬੇ ਦੇ ਕਿਸਾਨਾਂ ਦੀ ਮਾੜੀ ਆਰਥਿਕ ਹਾਲਤ ਸਮਾਜਕ ਤਾਣੇ-ਬਾਣੇ ਤੇ ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਅਹਿਮ ਹੋ ਸਕਦੀ ਹੈ।
ਉਨ੍ਹਾਂ ਕਿਹਾ ਕਿ ਕਰਜ਼ਾ ਲਾਹੁਣ ਤੋਂ ਅਸਮਰੱਥ ਪੰਜਾਬੀ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ ਤੇ ਉਨ੍ਹਾਂ ਨੂੰ ਸਹਾਰਾ ਦੇਣ ਲਈ ਕੇਂਦਰ ਸਰਕਾਰ ਆਪਣੀ ਖੇਤੀ ਨੀਤੀ ਵਿੱਚ ਤਬਦੀਲੀ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਸਾਲ 2016-17 ਦੇ ਹਾੜ੍ਹੀ ਸੀਜ਼ਨ ਦੌਰਾਨ ਰਿਕਾਰਡ 160.60 ਲੱਖ ਮੀਟਰਕ ਟਨ ਕਣਕ ਖਰੀਦੀ ਹੈ, ਜਿਸ ਵਿਚੋਂ 108.24 ਲੱਖ ਮੀਟਰਕ ਟਨ ਕਣਕ ਕੇਂਦਰੀ ਭੰਡਾਰ ਲਈ ਖਰੀਦੀ ਗਈ। ਸੋਕੇ ਵਰਗੇ ਹਾਲਾਤ ਰਹਿਣ ਦੇ ਬਾਵਜੂਦ 2016 ਦੀ ਸਾਉਣੀ ਦੌਰਾਨ ਰਿਕਾਰਡ 186.76 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ।
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਾਰੇ ਉਨ੍ਹਾਂ ਕਿਹਾ ਕਿ ਉਹ ਦੋਵੇਂ ਅਹੁਦੇ ਨਹੀਂ ਸਾਂਭ ਸਕਦੇ। ਇਸ ਲਈ ਉਹ ਕਾਂਗਰਸ ਮੁਖੀ ਸੋਨੀਆ ਗਾਂਧੀ ਦੇ ਵਤਨ ਪਰਤਣ ‘ਤੇ ਉਨ੍ਹਾਂ ਨੂੰ ਨਵਾਂ ਪ੍ਰਧਾਨ ਥਾਪਣ ਦੀ ਬੇਨਤੀ ਕਰਨਗੇ।
ਕਾਂਗਰਸ ਦੇ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦਾ ਬਚਾਅ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸ੍ਰੀ ਕਿਸ਼ੋਰ ਦੇ ਕੰਮ ਤੋਂ ਬਹੁਤ ਖੁਸ਼ ਹਨ ਤੇ ਉਨ੍ਹਾਂ ਤਕੜੀ ਲੜਾਈ ਲੜੀ ਹੈ। ਗ਼ੌਰਤਲਬ ਹੈ ਕਿ ਸ੍ਰੀ ਕਿਸ਼ੋਰ ਦੀ ਅਗਵਾਈ ਹੇਠ ਯੂਪੀ ਵਿਧਾਨ ਸਭਾ ਚੋਣਾਂ ਵਿੱੱਚ ਕਾਂਗਰਸ ਦੀ ਭਾਰੀ ਹਾਰ ਹੋਈ ਹੈ।  ਕੈਪਟਨ ਨੇ ਦੱਸਿਆ ਕਿ ਉਸ ਦੀ ਟੀਮ ਦੇ 1700 ਵਲੰਟੀਅਰਾਂ ਨੇ ਪਿੰਡ ਪਿੰਡ ਜਾ ਕੇ ਪ੍ਰਚਾਰ ਕੀਤਾ ਤੇ 100 ਤੋਂ ਜ਼ਿਆਦਾ ਲੋਕਾਂ ਦੀ ਟੀਮ ਚੰਡੀਗੜ੍ਹ ਡਟੀ ਰਹੀ। ਗ਼ੌਰਤਲਬ ਹੈ ਕਿ ਪ੍ਰਸ਼ਾਂਤ ਕਿਸ਼ੋਰ ਦਾ ਯੂਪੀ ਵਿੱਚ ਜ਼ੋਰਦਾਰ ਵਿਰੋਧ ਹੋਇਆ ਸੀ।
ਪਾਣੀਆਂ ਦੀ ਰਾਖੀ ਲਈ ਕਾਨੂੰਨੀ ਲੜਾਈ ਲੜਾਂਗੇ :
ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਾਮਲੇ ‘ਤੇ 24 ਮਾਰਚ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਵਫ਼ਦ ਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਤਜਵੀਜ਼ਤ ਮੀਟਿੰਗ ਬਾਰੇ ਸੁਆਲ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਅਦਾਲਤੀ ਦੇ ਜ਼ੇਰੇ-ਗ਼ੌਰ ਹੈ। ਉਨ੍ਹਾਂ ਦੀ ਸਰਕਾਰ ਪੰਜਾਬ ਦੇ ਪਾਣੀਆਂ ਦੇ ਹੱਕ ਦੀ ਰਾਖੀ ਲਈ ਕਾਨੂੰਨੀ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਫਾਲਤੂ ਪਾਣੀ ਨਹੀਂ ਹੈ। ਉਹ ਪਹਿਲਾਂ ਵੀ ਪੰਜਾਬ ਦੇ ਪਾਣੀਆਂ ਬਾਰੇ ਆਪਣਾ ਸਟੈਂਡ ਸਪਸ਼ਟ ਕਰ ਚੁੱਕੇ ਹਨ ਤੇ ਇਸ ਵਿੱਚ ਕੋਈ ਤਬਦੀਲੀ ਨਹੀਂ ਹੋਵੇਗੀ।