ਦਿੱਲੀ ਪੁਲਿਸ ਵੱਲੋਂ ਕੇਜਰੀਵਾਲ, ਸਿਸੋਦੀਆ ਤੇ 11 ਵਿਧਾਇਕਾਂ ਖ਼ਿਲਾਫ਼ ਚਾਰਜਸ਼ੀਟ

ਦਿੱਲੀ ਪੁਲਿਸ ਵੱਲੋਂ ਕੇਜਰੀਵਾਲ, ਸਿਸੋਦੀਆ ਤੇ 11 ਵਿਧਾਇਕਾਂ ਖ਼ਿਲਾਫ਼ ਚਾਰਜਸ਼ੀਟ

ਨਵੀਂ ਦਿੱਲੀ/ਬਿਊਰੋ ਨਿਊਜ਼ :
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ‘ਚ ਵਾਧਾ ਹੋਣ ਦੀ ਸੰਭਾਵਨਾ ਹੈ।ਦਿੱਲੀ ਸਰਕਾਰ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਮੁੱਖ ਮੰਤਰੀ ਰਿਹਾਇਸ਼ ‘ਤੇ ਕੁੱਟਮਾਰ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ ਕਰ ਦਿੱਤਾ ਹੈ। ਪਟਿਆਲਾ ਹਾਊਸ ਕੋਰਟ ‘ਚ ਦਾਖ਼ਲ ਕੀਤੀ ਚਾਰਜਸ਼ੀਟ ‘ਚ ਕੇਜਰੀਵਾਲ ਤੇ ਸਿਸੋਦੀਆ ਤੋਂ ਇਲਾਵਾ 11 ਵਿਧਾਇਕਾਂ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ। ਕੁੱਟਮਾਰ ਤੇ ਬਦਸਲੂਕੀ ਦੇ ਇਸ ਮਾਮਲੇ ‘ਚ ਦਿੱਲੀ ਪੁਲਿਸ ਨੇ ਕੁੱਲ 13 ਵਿਅਕਤੀਆਂ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ ਕੀਤਾ ਹੈ। ਦਿੱਲੀ ਪੁਲਿਸ ਨੇ ਪਟਿਆਲਾ ਹਾਊਸ ਕੋਰਟ ਨੰਬਰ-16 ‘ਚ ਸੀਲਬੰਦ ਲਿਫ਼ਾਫ਼ੇ ‘ਚ 1533 ਪੰਨਿਆਂ ਦਾ ਦੋਸ਼ ਪੱਤਰ ਦਾਖ਼ਲ ਕੀਤਾ ਹੈ।
ਜਾਣਕਾਰੀ ਮੁਤਾਬਿਕ ਪੁਲਿਸ ਨੇ ਕਈ ਵਿਅਕਤੀਆਂ ਦੇ ਬਿਆਨ ਅਤੇ ਸਬੂਤਾਂ ਦੇ ਆਧਾਰ ‘ਤੇ ਦੋਸ਼ ਪੱਤਰ ਤਿਆਰ ਕੀਤਾ ਹੈ ਅਤੇ ਇਸ ਪੂਰੇ ਮਾਮਲੇ ‘ਚ ਕੇਜਰੀਵਾਲ ਦੇ ਸਾਬਕਾ ਸਲਾਹਕਾਰ ਵੀ. ਕੇ. ਜੈਨ ਨੂੰ ਮੁੱਖ ਸਰਕਾਰੀ ਗਵਾਹ ਬਣਾਇਆ ਹੈ। ਦੱਸਣਯੋਗ ਹੈ ਕਿ ਅੰਸ਼ੂ ਪ੍ਰਕਾਸ਼ ਨਾਲ ਕੁੱਟਮਾਰ ਕਰਨ ਦੇ ਦੋਸ਼ ‘ਚ ਆਮ ਆਦਮੀ ਪਾਰਟੀ ਦੇ 2 ਵਿਧਾਇਕ ਪ੍ਰਕਾਸ਼ ਜਰਵਾਲ ਅਤੇ ਅਮਾਨਤੁੱਲਾਹ ਖ਼ਾਨ ਜੇਲ੍ਹ ਵੀ ਗਏ ਸਨ, ਜਿਨ੍ਹਾਂ ਨੂੰ ਹੁਣ ਅਦਾਲਤ ਤੋਂ ਜ਼ਮਾਨਤ ਮਿਲੀ ਹੋਈ ਹੈ। ਇਸ ਮਾਮਲੇ ‘ਚ ਦਿੱਲੀ ਪੁਲਿਸ ਵਲੋਂ ਕੇਜਰੀਵਾਲ ਅਤੇ ਸਿਸੋਦੀਆ ਪਾਸੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।