ਪੰਜਾਬ ਵਿਚ ਤਿੰਨ ਮਹੀਨਿਆਂ ਦੌਰਾਨ 112 ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਪੰਜਾਬ ਵਿਚ ਤਿੰਨ ਮਹੀਨਿਆਂ ਦੌਰਾਨ 112 ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਕਿਸਾਨ ਖੁਦਕੁਸ਼ੀਆਂ ਬਾਰੇ ਸੂਚੀ ਜਾਰੀ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੇ ਆਗੂ।

ਸੁਨਾਮ/ਬਿਊਰੋ ਨਿਊਜ਼ :
ਪੰਜਾਬ ਵਿਚ ਪਿਛਲੇ 3 ਮਹੀਨਿਆਂ ਵਿਚ ਲਗਭਗ 112 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੂਬੇ ਦੇ ਕਿਸਾਨਾਂ ਵੱਲੋਂ ਕੀਤੀਆਂ ਖੁਦਕੁਸ਼ੀਆਂ ਦੀ ਸੂਚੀ ਜਾਰੀ ਕਰਦਿਆਂ ਇਸ ਲਈ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਯੂਨੀਅਨ ਵਲੋਂ ਜਾਰੀ ਸੂਚੀ ਅਨੁਸਾਰ ਪਿਛਲੇ 3 ਮਹੀਨਿਆਂ ਵਿਚ ਲਗਭਗ 112 ਕਿਸਾਨਾਂ ਨੇ ਇਹ ਖੁਦਕੁਸ਼ੀਆਂ ਸਰਕਾਰਾਂ ਵੱਲੋਂ ਖੇਤੀਬਾੜੀ ਧੰਦੇ ਪ੍ਰਤੀ ਅਪਣਾਈਆਂ ਦੋਗਲੀਆਂ ਨੀਤੀਆਂ ਅਤੇ ਸੌੜੀ ਰਾਜਨੀਤੀ ਕਰਕੇ ਕੀਤੀਆਂ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਆਗੂ ਅਤੇ ਬਲਾਕ ਪ੍ਰਧਾਨ ਜਸਵੰਤ ਸਿੰਘ ਨੇ ਆਖਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਧੋਖੇ ਵਿੱਚ ਰੱਖਿਆ ਕਿ ਸਰਕਾਰ ਬਣਨ ਉਤੇ ਕਿਸਾਨਾਂ ਦੇ ਸਾਰੇ ਕਰਜ਼ੇ ਬਿਨਾ ਸ਼ਰਤ ਮੁਆਫ਼ ਕੀਤੇ ਜਾਣਗੇ ਪਰ ਹੁਣ ਕਿਸਾਨਾਂ ਨੂੰ ਕੋਰਾ ਜਵਾਬ ਦਿੱਤਾ ਜਾ ਰਿਹਾ ਹੈ। ਬੈਂਕ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਕਰਜ਼ੇ ਭਰਨ ਲਈ ਜ਼ਲੀਲ ਕੀਤਾ ਜਾ ਰਿਹਾ ਹੈ ਜਿਸ ਕਾਰਨ ਕਿਸਾਨ ਮੌਤ ਦੇ ਰਾਹ ਤੁਰਨ ਲਈ ਮਜਬੂਰ ਹੋ ਰਹੇ ਹਨ। ਉਨ•ਾਂ ਨੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ ਲਗਭਗ ਇੱਕ ਹਜ਼ਾਰ ਤੋਂ ਵਧੇਰੇ ਕਿਸਾਨ ਤੇ ਮਜ਼ਦੂਰ ਖ਼ੁਦਕੁਸ਼ੀਆਂ ਕਰ ਗਏ ਹਨ ਪਰ ਪੰਜਾਬ ਸਰਕਾਰ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ। ਇਸ ਦੇ ਨਤੀਜੇ ਵਜੋਂ ਰਾਹਤ ਦੀ ਉਡੀਕ ਵਿੱਚ ਕਿਸਾਨ ਖੁਦਕੁਸ਼ੀਆਂ ਵਿੱਚ ਆਏ ਦਿਨ ਵਾਧਾ ਹੋ ਰਿਹਾ ਹੈ। ਕਿਸਾਨ ਜਥੇਬੰਦੀ ਨੇ ਖ਼ੁਦਕੁਸ਼ੀਆਂ ਰੋਕਣ ਲਈ ਪੰਜਾਬ ਸਰਕਾਰ ਨੂੰ ਕਿਸਾਨਾਂ ਬਾਂਹ ਫੜਨ ਦੀ ਅਪੀਲ ਕੀਤੀ। ਇਸ ਮੌਕੇ ਸੁਖਪਾਲ ਮਾਣਕ ਕਣਕਵਾਲ ਤੋਂ ਇਲਾਵਾ ਹੋਰ ਹਾਜ਼ਰ ਸਨ।