ਬਾਬਰੀ ਮਸਜਿਦ ਮਾਮਲਾ : ਅਡਵਾਨੀ, ਜੋਸ਼ੀ, ਉਮਾ ਭਾਰਤੀ ਸਮੇਤ 13 ਆਗੂਆਂ ਖ਼ਿਲਾਫ਼ ਮੁੜ ਚੱਲ ਸਕਦੈ ਮੁਕੱਦਮਾ

ਬਾਬਰੀ ਮਸਜਿਦ ਮਾਮਲਾ : ਅਡਵਾਨੀ, ਜੋਸ਼ੀ, ਉਮਾ ਭਾਰਤੀ ਸਮੇਤ 13 ਆਗੂਆਂ ਖ਼ਿਲਾਫ਼ ਮੁੜ ਚੱਲ ਸਕਦੈ ਮੁਕੱਦਮਾ

ਨਵੀਂ ਦਿੱਲੀ/ਬਿਊਰੋ ਨਿਊਜ਼ :
ਬਾਬਰੀ ਮਸਜਿਦ ਮਾਮਲੇ ਵਿਚ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਕੇਂਦਰੀ ਮੰਤਰੀ ਉਮਾ ਭਾਰਤੀ ਸਮੇਤ ਕਈ ਭਾਜਪਾ ਨੇਤਾਵਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਉਨ੍ਹਾਂ ਨੂੰ ਇਸ ਮਾਮਲੇ ਵਿਚ ਫਿਰ ਸਾਜ਼ਿਸ਼ ਰਚਣ ਦਾ ਦੋਸ਼ੀ ਬਣਾਇਆ ਜਾ ਸਕਦਾ ਹੈ। ਇਸ ਮਾਮਲੇ ਵਿਚ ਦੋਸ਼ੀਆਂ ਦੇ ਖ਼ਿਲਾਫ਼ ਟਰਾਇਲ ਵਿਚ ਹੋ ਰਹੀ ਦੇਰੀ ‘ਤੇ ਸੁਪਰੀਮ ਕੋਰਟ ਨੇ ਚਿੰਤਾ ਪ੍ਰਗਟ ਕਰਦੇ ਹੋਏ ਇਹ ਸੰਕੇਤ ਦਿੱਤਾ ਹੈ। ਇਸ ਸਬੰਧ ਵਿਚ ਅਦਾਲਤ 22 ਮਾਰਚ ਨੂੰ ਆਪਣਾ ਫ਼ੈਸਲਾ ਸੁਣਾ ਸਕਦੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਇਸ ਮਾਮਲੇ ਦੀ ਸੁਣਵਾਈ 2 ਵੱਖ-ਵੱਖ ਅਦਾਲਤਾਂ ਵਿਚ ਕਰਨ ਦੀ ਬਜਾਇ ਇਕ ਥਾਂ ਕਰਨ ਦੇ ਸੰਕੇਤ ਦਿੱਤੇ ਹਨ। ਸੋਮਵਾਰ ਨੂੰ ਅਦਾਲਤ ਨੇ ਸੰਕੇਤ ਦਿੱਤਾ ਕਿ 13 ਭਾਜਪਾ ਨੇਤਾਵਾਂ ਅਤੇ ਹੋਰ ਹਿੰਦੂਵਾਦੀ ਸੰਗਠਨ ਦੇ ਨੇਤਾਵਾਂ ਨੂੰ 1992 ਵਿਚ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿਚ ਸਾਜ਼ਿਸ਼ ਰਚਣ ਦਾ ਦੋਸ਼ੀ ਬਣਾਇਆ ਜਾ ਸਕਦਾ ਹੈ। ਸੁਪਰੀਮ ਕੋਰਟ ਨੇ ਇਹ ਸੰਕੇਤ ਸੀ.ਬੀ.ਆਈ. ਦੀ ਉਸ ਪਟੀਸ਼ਨ ‘ਤੇ ਸੁਣਵਾਈ ਦੌਰਾਨ ਦਿੱਤਾ ਜਿਸ ਵਿਚ ਇਲਾਹਾਬਾਦ ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਸਾਲ 2010 ਵਿਚ ਹਾਈਕੋਰਟ ਨੇ ਭਾਜਪਾ ਨੇਤਾ ਐਲ.ਕੇ.ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਉਮਾ ਭਾਰਤੀ, ਕਲਿਆਣ ਸਿੰਘ ਸਮੇਤ ਹੋਰ ਨੇਤਾਵਾਂ ਨੂੰ ਅਪਰਾਧਕ ਸਾਜ਼ਿਸ਼ ਰਚਣ ਦੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਸੀ।