ਸਰਬੱਤ ਖ਼ਾਲਸਾ ਸਬੰਧੀ ਗ਼ੈਰਕਾਨੂੰਨੀ ਹਿਰਾਸਤਾਂ ਬਾਰੇ ਸੁਣਵਾਈ 18 ਨੂੰ

ਸਰਬੱਤ ਖ਼ਾਲਸਾ ਸਬੰਧੀ ਗ਼ੈਰਕਾਨੂੰਨੀ ਹਿਰਾਸਤਾਂ ਬਾਰੇ ਸੁਣਵਾਈ 18 ਨੂੰ

ਚੰਡੀਗੜ੍ਹ/ਬਿਊਰੋ ਨਿਊਜ਼ :
‘ਸਰਬੱਤ ਖ਼ਾਲਸਾ’ ਸਬੰਧੀ ਕਥਿਤ ਤੌਰ ‘ਤੇ ਗ਼ੈਰਕਾਨੂੰਨੀ ਢੰਗ ਨਾਲ ਘੱਟੋ ਘੱਟ 46 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਏ ਜਾਣ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਸਬੰਧੀ ਜਾਂਚ ਰਿਪੋਰਟ ਦੇਣ ਲਈ ਪੰਜਾਬ ਸਰਕਾਰ ਨੂੰ ਹਫ਼ਤੇ ਦਾ ਸਮਾਂ ਦਿੱਤਾ ਹੈ।
ਹਿਰਾਸਤ ਵਿੱਚ ਲਏ ਵਿਅਕਤੀਆਂ ਨੂੰ ਛੱਡਣ ਦੀ ਮੰਗ ਕਰਦਿਆਂ ਸਿਮਰਨਜੀਤ ਸਿੰਘ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਮਿਹਰਦੀਪ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਸਬੰਧੀ ਜਾਣਕਾਰੀ ਇਕੱਤਰ ਕਰਨ ਦੀ ਪ੍ਰਕਿਰਿਆ ਹਾਲੇ ਜਾਰੀ ਹੈ। ਇਸ ‘ਤੇ ਜਸਟਿਸ ਜਤਿੰਦਰ ਚੌਹਾਨ ਨੇ ਮਾਮਲੇ ਦੀ ਸੁਣਵਾਈ 18 ਨਵੰਬਰ ‘ਤੇ ਪਾ ਦਿੱਤੀ।
ਇਸ ਤੋਂ ਪਹਿਲਾਂ ਬੈਂਚ ਨੇ 24 ਘੰਟਿਆਂ ਦੀ ਮੋਹਲਤ ਦਿੰਦਿਆਂ ਪੰਜਾਬ ਸਰਕਾਰ ਨੂੰ ਵੀਰਵਾਰ ਨੂੰ ਮਾਮਲੇ ਸਬੰਧੀ ਜਵਾਬ ਦੇਣ ਲਈ ਕਿਹਾ ਸੀ। ਪਟੀਸ਼ਨਰ ਦੇ ਵਕੀਲ ਨੇ ਦੱਸਿਆ ਕਿ ਪਟੀਸ਼ਨਰ ਨੂੰ ‘ਸਰਬੱਤ ਖ਼ਾਲਸਾ’ ਦੇ ਪ੍ਰਬੰਧਕ ਤੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ ਸੀ। ਪਟੀਸ਼ਨ ਵਿੱਚ ਸਿਮਰਨਜੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਪੰਜਾਬ ਪੁਲੀਸ ਨੇ ਕਥਿਤ ਤੌਰ ‘ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸ਼ਹਿ ‘ਤੇ ‘ਸਰਬੱਤ ਖ਼ਾਲਸਾ’ ਦੇ  ਪ੍ਰਬੰਧਕਾਂ ਤੇ ਸਮਰਥਕਾਂ ਦੇ ਘਰਾਂ ਉਤੇ ਛਾਪੇ ਮਾਰੇ ਸਨ।