ਯੂਨਾਈਟਿਡ ਅਕਾਲੀ ਦਲ ਵਲੋਂ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ 19 ਜੂਨ ਨੂੰ

ਯੂਨਾਈਟਿਡ ਅਕਾਲੀ ਦਲ ਵਲੋਂ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ 19 ਜੂਨ ਨੂੰ

ਸੰਗਰੂਰ/ਬਿਊਰੋ ਨਿਊਜ਼ :
ਯੂਨਾਈਟਿਡ ਅਕਾਲੀ ਦਲ ਵਲੋਂ ਆਪਣਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਭਰ ਵਿੱਚ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ 19 ਜੂਨ ਨੂੰ ਜਲੰਧਰ ਵਿੱਚ ਕੀਤਾ ਜਾਵੇਗਾ। ਇਹ ਜਾਣਕਾਰੀ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।
ਨਵਾਂ ਜਥੇਬੰਦਕ ਢਾਂਚਾ ਬਣਾਉਣ ਲਈ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰੇ ਵਾਸਤੇ 11 ਮੈਂਬਰੀ ਤਾਲਮੇਲ ਕਮੇਟੀ ਬਣਾਈ ਗਈ ਹੈ, ਜਿਸ ਵਿੱਚ ਭਾਈ ਮੋਹਕਮ ਸਿੰਘ, ਭਾਈ ਗੁਰਦੀਪ ਸਿੰਘ ਬਠਿੰਡਾ, ਜਤਿੰਦਰ ਸਿੰਘ ਈਸੜੂ, ਗੁਰਨਾਮ ਸਿੰਘ ਸਿੱਧੂ, ਬਹਾਦਰ ਸਿੰਘ ਰਾਹੋਂ, ਪ੍ਰਸ਼ੋਤਮ ਸਿੰਘ ਫੱਗੂਵਾਲਾ, ਭਾਈ ਵੱਸਣ ਸਿੰਘ ਜੱਫ਼ਰਵਾਲ, ਬਾਬਾ ਰੇਸ਼ਮ ਸਿੰਘ, ਬਾਬਾ ਚਮਕੌਰ ਸਿੰਘ, ਡਾ. ਹਰਮਨਜੀਤ ਸਿੰਘ ਅਤੇ ਗਿਆਨੀ ਦਵਿੰਦਰ ਸਿੰਘ ਬਟਾਲਾ ਸ਼ਾਮਲ ਹਨ। ਜਥੇਬੰਦਕ ਢਾਂਚੇ ਦੇ ਐਲਾਨ ਮਗਰੋਂ ਇਸ ਕਮੇਟੀ ਦੀ ਮਿਆਦ ਖ਼ਤਮ ਹੋ ਜਾਵੇਗੀ। ਪਾਰਟੀ ਦੇ ਨਵੇਂ ਚੁਣੇ ਜਾਣ ਵਾਲੇ ਅਹੁਦੇਦਾਰਾਂ ਦੀ ਮੀਟਿੰਗ 23 ਜੂਨ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿੱਚ ਸੱਦੀ ਗਈ ਹੈ। ਮੀਟਿੰਗ ਉਪਰੰਤ ਪੰਜਾਬ ਦੀਆਂ ਅਹਿਮ ਮੰਗਾਂ ਦੀ ਪ੍ਰਾਪਤੀ ਲਈ ਮੁੱਖ ਮੰਤਰੀ, ਪੰਜਾਬ ਦੀ ਕੋਠੀ ਵੱਲ ਰੋਸ ਮਾਰਚ ਕੀਤਾ ਜਾਵੇਗਾ ਤੇ ਮੰਗ ਪੱਤਰ ਸੌਂਪਿਆ ਜਾਵੇਗਾ।
ਭਾਈ ਮੋਹਕਮ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੇ ਜਾ ਰਹੇ ਰੋਸ ਧਰਨਿਆਂ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਜਿਹੜੇ ਲੋਕ ਪਿਛਲੇ ਦਸ ਸਾਲਾਂ ਵਿੱਚ ਪੰਜਾਬ ਨੂੰ ਤਬਾਹ ਕਰਨ ਲਈ ਜ਼ਿੰਮੇਵਾਰ ਹੋਣ, ਉਨ੍ਹਾਂਂ ਨੂੰ ਅਜਿਹੇ ਧਰਨੇ ਸ਼ੋਭਾ ਨਹੀਂ ਦਿੰਦੇ। ਅਕਾਲੀ ਦਲ ਵਲੋਂ ਇਹ ਧਰਨੇ ਪੰਜਾਬ ਦੇ ਭਲੇ ਲਈ ਨਹੀਂ ਸਗੋਂ ਆਪਣੀ ਖੱਲ਼ ਬਚਾਉਣ ਲਈ ਦਿੱਤੇ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਚ ਲਗਾਤਾਰ ਹੋ ਰਹੀ ਦੇਰੀ ਨੂੰ ਅਕਾਲੀ ਦਲ ਅਤੇ ਕਾਂਗਰਸ ਦੀ ਮਿਲੀਭੁਗਤ ਕਰਾਰ ਦਿੰਦਿਆਂ ਭਾਈ ਮੋਹਕਮ ਸਿੰਘ ਨੇ ਕਿਹਾ ਕਿ ਯੂਨਾਈਟਿਡ ਅਕਾਲੀ ਦਲ ਸਮੁੱਚੇ ਖ਼ਾਲਸਾ ਪੰਥ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜੇਗਾ।
ਐਸਜੀਪੀਸੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਰੋਸ ਧਰਨਿਆਂ ਵਿੱਚ ਸ਼ਾਮਲ ਹੋਣ ਸਬੰਧੀ ਉਨ੍ਹਾਂਂ ਕਿਹਾ ਕਿ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ, ਐਸਜੀਪੀਸੀ ਨੂੰ ਸੌੜੀ ਸਿਆਸਤ ਤੋਂ ਬਚਾ ਕੇ ਰੱਖਣ।