ਸੁਪਰੀਮ ਕੋਰਟ ਨੇ ਸਿੱਖ ਕਤਲੇਆਮ ਮਾਮਲੇ ‘ਚ ਬੰਦ ਕੀਤੇ 199 ਕੇਸਾਂ ਦੀਆਂ ਫਾਈਲਾਂ ਮੰਗੀਆਂ

ਸੁਪਰੀਮ ਕੋਰਟ ਨੇ ਸਿੱਖ ਕਤਲੇਆਮ ਮਾਮਲੇ ‘ਚ ਬੰਦ ਕੀਤੇ 199 ਕੇਸਾਂ ਦੀਆਂ ਫਾਈਲਾਂ ਮੰਗੀਆਂ

ਅਗਲੀ ਸੁਣਵਾਈ 25 ਅਪ੍ਰੈਲ ਨੂੰ 
ਨਵੀਂ ਦਿੱਲੀ/ਬਿਊਰੋ ਨਿਊਜ਼ :
ਸੁਪਰੀਮ ਕੋਰਟ ਨੇ 1984 ਸਿੱਖ ਵਿਰੋਧੀ ਕਤਲੇਆਮ ਮਾਮਲੇ ਦੀ ਸੁਣਵਾਈ ਕਰਦਿਆਂ ਬੰਦ ਕੇਸਾਂ ਦੀਆਂ 199 ਫਾਈਲਾਂ ਅਦਾਲਤ ਵਿਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਐਸ.ਆਈ.ਟੀ. ਨੇ ਇਹ ਫਾਈਲਾਂ ਬੰਦ ਕਰ ਦਿੱਤੀਆਂ ਸਨ। ਸਿੱਖ ਵਿਰੋਧੀ ਕਤਲੇਆਮ ਨੂੰ ਲੈ ਕੇ ਦਾਇਰ ਇਕ ਜਨਹਿੱਤ ਪਟੀਸ਼ਨ ‘ਤੇ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਇਸ ਤੋਂ ਪਹਿਲਾਂ ਸੁਣਵਾਈ ਵਿਚ ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਤੋਂ ਜਾਂਚ ਦੇ ਸਬੰਧ ਵਿਚ ਸੁਝਾਅ ਮੰਗੇ ਸਨ। ਇਸ ਦੇ ਇਲਾਵਾ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਕਤਲੇਆਮ ਦੀ ਜਾਂਚ ਲਈ ਗਠਿਤ ਕੀਤੀ ਐਸ.ਆਈ.ਟੀ. ਨੂੰ ਸਟੇਟਸ ਰਿਪੋਰਟ ਸੌਂਪਣ ਲਈ ਆਖਿਆ ਗਿਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 25 ਅਪ੍ਰੈਲ ਨੂੰ ਹੋਵੇਗੀ। ਇਸ ਮਾਮਲੇ ਦੀ ਜਾਂਚ ਲਈ 2014 ਵਿਚ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਸੀ। ਪਟੀਸ਼ਨਕਰਤਾ ਜੀ.ਐਸ. ਕਾਹਲੋਂ ਨੇ ਜਸਟਿਸ ਦੀਪਕ ਮਿਸ਼ਰਾ ਅਤੇ ਜਸਟਿਸ ਆਰ. ਭਾਨੂਮਤੀ ‘ਤੇ ਆਧਾਰਤ ਬੈਂਚ ਨੂੰ ਦੱਸਿਆ ਸੀ ਕਿ ਐਸ.ਆਈ.ਟੀ. ਜਾਂਚ ਵਿਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ। ਇਸ ਤੋਂ ਬਾਅਦ ਅਦਾਲਤ ਨੇ ਸਟੇਟਸ ਰਿਪੋਰਟ ਪੇਸ਼ ਕਰਨ ਲਈ ਆਖਿਆ ਸੀ। ਇਸ ਤੋਂ ਪਹਿਲਾਂ ਕੇਂਦਰ ਨੇ ਅਦਾਲਤ ਨੂੰ ਦੱਸਿਆ ਸੀ ਕਿ 221 ਮਾਮਲਿਆਂ ਵਿਚੋਂ 21 ਦੀ ਜਾਂਚ ਚੱਲ ਰਹੀ ਹੈ। ਇਸ ਦੇ ਨਾਲ ਹੀ ਇਕ ਹੋਰ ਮਾਮਲੇ ਵਿਚ ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਲਾਈ ਡਿਟੈਕਟਰ ਟੈਸਟ ਸਬੰਧੀ ਸੀ.ਬੀ.ਆਈ. ਦੀ ਪਟੀਸ਼ਨ ‘ਤੇ 30 ਅਪ੍ਰੈਲ ਨੂੰ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ।