ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਨੇ ਹਾਜ਼ਰੀ ਭਰੀ

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਨੇ ਹਾਜ਼ਰੀ ਭਰੀ

ਗੁਰੂ ਗੋਬਿੰਦ ਸਿੰਘ ਜੀ ਦਿੱਬ ਦ੍ਰਿਸ਼ਟੀ ਦੇ ਮਾਲਕ ਸਨ : ਮੋਦੀ
ਪ੍ਰਕਾਸ਼ ਦਿਹਾੜੇ ਲਈ ਨਿਭਾਈ ਸੇਵਾ ਵਾਸਤੇ ਖ਼ੁਦ ਨੂੰ ਸੁਭਾਗੀ ਮੰਨਦਾ : ਨਿਤਿਸ਼ ਕੁਮਾਰ
ਪਟਨਾ ਸਾਹਿਬ/ਬਿਊਰੋ ਨਿਊਜ਼:
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਆਈਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਨੂੰ ਜੀ ਆਇਆ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਆਖਿਆ। ਸਟੇਜ ਸਕੱਤਰ ਦੀ ਭੂਮਿਕਾ ਡਾ. ਜਸਪਾਲ ਸਿੰਘ ਉਪ ਕੁਲਪਤੀ ਪਟਿਆਲਾ ਯੂਨੀਵਰਸਿਟੀ ਵੱਲੋਂ ਬਾਖ਼ੂਬੀ ਨਿਭਾਈ ਗਈ। ਇਲਾਹੀ ਗੁਰਬਾਣੀ ਦਾ ਕੀਰਤਨ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਭਾਈ ਚਰਨਜੀਤ ਸਿੰਘ ਲਾਲ ਦਿੱਲੀ ਵਾਲੇ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵੱਲੋਂ ਕੀਰਤਨ ਕੀਤਾ ਗਿਆ।
ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਮੌਕੇ ਇੱਥੋਂ ਦੇ ਗਾਂਧੀ ਮੈਦਾਨ ਵਿੱਚ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਪੂਰੀ ਦੁਨੀਆ ਲਈ ਪ੍ਰੇਰਨਾਦਾਇਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦੁਨੀਆ ਭਰ ਵਿੱਚ ਭਾਰਤੀ ਸਫਾਰਤਖਾਨਿਆਂ ਨੂੰ ਪ੍ਰਕਾਸ਼ ਪੁਰਬ ਭਾਰਤੀਆਂ ਖਾਸ ਕਰ ਕੇ ਸਿੱਖ ਭਾਈਚਾਰੇ ਨੂੰ ਨਾਲ ਲੈ ਕੇ ਮਨਾਉਣ ਲਈ ਕਿਹਾ ਹੈ। ਉਨ੍ਹਾਂ ਆਪਣਾ ਭਾਸ਼ਣ ਗੁਰੂ ਗੋਬਿੰਦ ਸਿੰਘ ਜੀ ਦੇ ਤਿਆਗ, ਯੁੱਧਨੀਤੀ, ਸਾਹਿਤਕ ਰੁਚੀਆਂ ਅਤੇ ਜਾਤ-ਪਾਤ ਤੋਂ ਬਿਨਾਂ ਸਮਾਜ ਸਿਰਜਣ ਦੀ ਦੂਰ-ਅੰਦੇਸ਼ੀ ਦੁਆਲੇ ਕੇਂਦਰਿਤ ਰੱਖਿਆ। ਉਨ੍ਹਾਂ ਪ੍ਰਕਾਸ਼ ਪੁਰਬ ਲਈ ਕੀਤੇ ਸ਼ਾਨਦਾਰ ਪ੍ਰਬੰਧਾਂ ਲਈ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਸ਼ਲਾਘਾ ਕੀਤੀ।
ਸ੍ਰੀ ਮੋਦੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਆਪਣੇ ਪਿਤਾ ਤੇ ਪੁੱਤਰਾਂ ਦਾ ਬਲੀਦਾਨ ਆਪਣੇ ਆਪ ਵਿੱਚ ਬਹੁਤ ਵੱਡੀ ਕੁਰਬਾਨੀ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਦਿੱਬ ਦ੍ਰਿਸ਼ਟੀ ਦੇ ਮਾਲਕ ਸਨ ਅਤੇ ਇਸ ਕਰ ਕੇ ਉਨ੍ਹਾਂ ਗੁਰਗੱਦੀ ਕਿਸੇ ਵਿਅਕਤੀ ਨੂੰ ਦੇਣ ਦੀ ਬਜਾਏ ਗੁਰੂ ਗ੍ਰੰਥ ਸਾਹਿਬ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਪੰਜ ਪਿਆਰਿਆਂ ਦੀ ਸਾਜਨਾ ਵੇਲੇ ਉਨ੍ਹਾਂ ਦੇਸ਼ ਨੂੰ ਏਕਤਾ ਦੇ ਸੂਤਰ ਵਿੱਚ ਬੰਨ੍ਹਣ ਲਈ ਮੁਲਕ ਦੇ ਵੱਖ-ਵੱਖ ਹਿੱਸਿਆਂ ਤੋਂ ਪੰਜ ਪਿਆਰਿਆਂ ਦੀ ਚੋਣ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਅਜਿਹਾ ਕਰ ਕੇ ਨਵੀਂ ਰਵਾਇਤ ਤੋਰੀ ਕਿ ਸਾਰੇ ਫੈਸਲੇ ਪੰਜਾਂ ਪਿਆਰਿਆਂ ਦੀ ਸਹਿਮਤੀ ਨਾਲ ਲਏ ਜਾਣਗੇ ਅਤੇ ਉਹ ਫੈਸਲਾ ਗੁਰੂ ਸਾਹਿਬ ‘ਤੇ ਵੀ ਲਾਗੂ ਹੋਵੇਗਾ। ਪ੍ਰਧਾਨ ਮੰਤਰੀ ਨੇ ਬਿਹਾਰ ਵਿੱਚ ਸ਼ਰਾਬਬੰਦੀ ਦੇ ਫੈਸਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਮਾਮਲੇ ਵਿੱਚ ਨਿਤਿਸ਼ ਕੁਮਾਰ ਦਾ ਸਾਥ ਦੇਣ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਨਿਤਿਸ਼ ਕੁਮਾਰ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 10 ਰੁਪਏ ਵਾਲੀ ਡਾਕ ਟਿਕਟ ਜਾਰੀ ਕੀਤੀ ਗਈ।

Large number of Devotees paying obeisance at gurudwara 'on the occasion of 350th birth anniversary celebrations of Guru Gobind Singh in Patna on Thursday. A Tribune Photograph
ਨਿਤਿਸ਼ ਵੱਲੋਂ ‘ਗੁਰੂ ਸਰਕਿਟ’ ਬਣਾਉਣ ਦਾ ਐਲਾਨ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਗਏ 350 ਸਾਲਾ ਪ੍ਰਕਾਸ਼ ਪੁਰਬ ਵਿਚ ਅਹਿਮ ਸ਼ਲਾਘਾਯੋਗ ਭੂਮਿਕਾ ਨਿਭਾਉਣ ਵਾਲੇ ਨਿਤਿਸ਼ ਕੁਮਾਰ ਮੁੱਖ ਮੰਤਰੀ ਬਿਹਾਰ ਜਦ ਗਾਂਧੀ ਮੈਦਾਨ ਦੇ ਮੁੱਖ ਪੰਡਾਲ ਵਿਖੇ ਸੰਬੋਧਨ ਲਈ ਮੰਚ ‘ਤੇ ਆਏ ਤਾਂ ਪ੍ਰਬੰਧਾਂ ਤੋਂ ਗਦ-ਗਦ ਹੋਏ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਵੱਲੋਂ ਉਨ੍ਹਾਂ ਦਾ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਗੂੰਜਵੇਂ ਜੈਕਾਰਿਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਨਿਤਿਸ਼ ਕੁਮਾਰ ਨੇ ਗੁਰੂ ਫ਼ਤਹਿ ਅਰਜ਼ ਕਰਦਿਆਂ ਸੰਬੋਧਨ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਜਨਮ ਤੇ ਕਰਮ ਦੀ ਪਾਵਨ ਧਰਤੀ ਪਟਨਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾਣਾ ਜਿਥੇ ਮਾਣ ਵਾਲੀ ਗੱਲ ਹੈ ਉਥੇ ਹੀ ਉਹ ਆਪਣੇ ਹਿੱਸੇ ਆਈ ਇਸ ਸੇਵਾ ਲਈ ਸੁਭਾਗ ਸਮਝਦੇ ਹਨ। ਇਸ ਦੀ ਤਿਆਰੀ ਪਿਛਲੇ ਕਈ ਸਾਲਾਂ ਤੋਂ ਆਰੰਭ ਦਿੱਤੀ ਗਈ ਸੀ ਤੇ ਦਸਮੇਸ਼ ਪਿਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਕੌਮੀ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ, ਜਿਸ ਲਈ ਸਥਾਨਕ ਅਧਿਕਾਰੀਆਂ ਨੇ ਪੰਜਾਬੀ ਵੀ ਸਿੱਖ ਲਈ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਈ ਸਮੱਸਿਆ ਪੈਦਾ ਨਾ ਹੋਵੇ। ਨਿਤਿਸ਼ ਕੁਮਾਰ ਨੇ 350ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਮਜ਼ਲੂਮਾਂ ਦੀ ਸੁੱਤੀ ਤਾਕਤ ਨੂੰ ਜਗਾ ਕੇ ਇਤਿਹਾਸ ਦਾ ਰੁਖ਼ ਪਲਟ ਦਿੱਤਾ। ਉਨ੍ਹਾਂ ਕਿਹਾ ਕਿ ਬਿਹਾਰ ਦੇ ਲੋਕਾਂ ਲਈ ਇਹ ਮਾਣ ਦੀ ਗੱਲ ਹੈ ਕਿ ਉਨ੍ਹਾਂ ਨੂੰ 350ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲਿਆ ਹੈ।
ਇਸ ਮੌਕੇ ਨਿਤਿਸ਼ ਕੁਮਾਰ ਨੇ ਐਲਾਨ ਕੀਤਾ ਕਿ ਗੁਰੂ ਕਾ ਬਾਗ ਗੁਰਦੁਆਰੇ ਕੋਲ ਬਿਹਾਰ ਸਰਕਾਰ ਵੱਲੋਂ ਇਕ ਕੇਂਦਰ ਸਥਾਪਤ ਕੀਤਾ ਜਾਵੇਗਾ, ਜਿਸ ਵਿੱਚ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ, ਗੁਰੂ ਤੇਗ ਬਹਾਦਰ ਅਤੇ ਗੁਰੂ ਗੋਬਿੰਦ ਸਿੰਘ ਨਾਲ ਸਬੰਧਤ ਸਾਰੇ ਗੁਰਦੁਆਰਿਆਂ ਦੀ ਸਾਂਭ ਸੰਭਾਲ ਕੀਤੀ ਜਾਵੇਗੀ। ਉਨ੍ਹਾਂ ਇਥੇ ਸਥਿਤ ਵੱਖ-ਵੱਖ ਗੁਰਧਾਮਾਂ ਨੂੰ ਇਕ ਲੜੀ ‘ਚ ਜੋੜਨ ਵਾਸਤੇ ‘ਗੁਰੂ ਸਰਕਿਟ’ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਸਮੂਹ ਗੁਰਧਾਮਾਂ ਦੇ ਦਰਸ਼ਨ ਸੰਗਤਾਂ ਅਸਾਨੀ ਨਾਲ ਕਰ ਸਕਣ। ਇਸੇ ਪ੍ਰਕਾਰ ਹੀ ਉਨ੍ਹਾਂ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਬਹੁ ਪ੍ਰਕਾਸ਼ ਕੇਂਦਰ ਬਣਾਉਣ ਦਾ ਵਾਅਦਾ ਕੀਤਾ। ਇਸ ਮੌਕੇ ਨਿਤਿਸ਼ ਕੁਮਾਰ ਨੇ ਪ੍ਰਕਾਸ਼ ਪੁਰਬ ਸਮਾਗਮ ਦੀ ਤਿਆਰੀ ਦੀ ਦੇਖ-ਰੇਖ ਕਰ ਰਹੇ ਸਾਬਕਾ ਅਧਿਕਾਰੀ ਜੀ. ਐਸ. ਕੰਗ, ਬਲਜੀਤ ਸਿੰਘ, ਸ੍ਰੀ ਗੁਰੂ ਨਾਨਕ ਨਿਸ਼ਕਾਮ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ, ਬਾਬਾ ਕਸ਼ਮੀਰਾ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਤੋਂ ਇਲਾਵਾ ਹੋਰਨਾਂ ਜਥੇਬੰਦੀਆਂ, ਮਹਾਂਪੁਰਖਾਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਕਮੇਟੀ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਪੰਜਾਬ ਸਰਕਾਰ ਦਾ ਤਹਿ ਦਿੱਲੋਂ ਧੰਨਵਾਦ ਕੀਤਾ। ਉਨ੍ਹਾਂ ਪੰਜਾਬ ਨਾਲ ਸੰਬੰਧਤ ਅਧਿਕਾਰੀਆਂ ਜਿਸ ਵਿਚ ਪ੍ਰਿੰਸੀਪਲ ਸਕੱਤਰ ਹਰਜੋਤ ਕੌਰ, ਡਾ: ਸਾਲਿਨ ਪੁਲਿਸ ਉੱਚ ਅਧਿਕਾਰੀ ਸਨ ਦਾ ਖਾਸ ਤੌਰ ‘ਤੇ ਧੰਨਵਾਦ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਕਿਹੜੇ ਲਫ਼ਜ਼ਾਂ ਨਾਲ ਨਿਤਿਸ਼ ਕੁਮਾਰ ਦਾ ਧੰਨਵਾਦ ਕਰਨ, ਜਿਨ੍ਹਾਂ ਇੰਨੇ ਵਧੀਆ ਪ੍ਰਬੰਧ ਕੀਤੇ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਇਹ ਸ਼ਤਾਬਦੀ ਮਨਾਉਣੀ ਹੁੰਦੀ ਤਾਂ ਉਹ ਵੀ ਅਜਿਹੇ ਪ੍ਰਬੰਧ ਨਹੀਂ ਕਰ ਸਕਦੇ ਸਨ। ਉਨ੍ਹਾਂ ਨਿਤਿਸ਼ ਕੁਮਾਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ 70 ਸਾਲਾ ਸਿਆਸੀ ਜੀਵਨ ਵਿੱਚ ਉਨ੍ਹਾਂ ਵੱਡੇ ਵੱਡੇ ਸਮਾਗਮ ਦੇਖੇ ਪਰ ਜਿੰਨੀ ਸ਼ਰਧਾ ਤੇ ਸਤਿਕਾਰ ਨਾਲ ਬਿਹਾਰ ਸਰਕਾਰ ਨੇ ਇਹ ਸ਼ਤਾਬਦੀ ਮਨਾਈ, ਉਹ ਬੇਮਿਸਾਲ ਹੈ।
ਇਸ ਤੋਂ ਪਹਿਲਾਂ ਪ੍ਰਬੰਧਕੀ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ ਅਤੇ ਅਖੀਰ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਸੰਗਤ ਦਾ ਧੰਨਵਾਦ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨਿਤਿਸ਼ ਕੁਮਾਰ, ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਰਾਜਪਾਲ ਰਾਮ ਨਾਥ ਕੋਵਿੰਦ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਰੂ ਗੋਬਿੰਦ ਸਿੰਘ ਦੀ ਵੱਡ ਅਕਾਰੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਤਖ਼ਤ ਸ੍ਰੀ ਹਰਿਮੰਦਰ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਨੇ ਸਿਰੋਪਾਓ ਦੇ ਕੇ ਮੋਦੀ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਕੇਂਦਰੀ ਮੰਤਰੀ ਸ੍ਰੀ ਲਾਲੂ ਪ੍ਰਸਾਦ ਯਾਦਵ, ਸੰਸਦ ਮੈਂਬਰ ਪਟਨਾ ਸਾਹਿਬ ਸ਼ਤਰੂਘਨ ਸਿਨਹਾ, ਸਾਬਕਾ ਮੁੱਖ ਮੰਤਰੀ ਜੀਤਨ ਕੁਮਾਰ ਮਾਂਝੀ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਉਪ ਮੁੱਖ ਮੰਤਰੀ ਬਿਹਾਰ ਤੇਜੱਸਵੀ ਯਾਦਵ, ਮੰਤਰੀ ਤੇਜਪ੍ਰਤਾਪ ਯਾਦਵ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਸੰਸਦ ਮੈਂਬਰ ਸ. ਪ੍ਰੇਮ ਸਿੰਘ ਚੰਦੂਮਾਜਰਾ, ਸਿੱਖਿਆ ਮੰਤਰੀ ਸ. ਦਲਜੀਤ ਸਿੰਘ ਚੀਮਾ, ਕੈਨੇਡਾ ਤੋਂ ਮੈਂਬਰ ਪਾਰਲੀਮੈਂਟ ਡਾ: ਰੂਬੀ ਢਾਲਾ ਹਾਜ਼ਰ ਸਨ, ਜਦ ਕਿ ਧਾਰਮਿਕ ਸਟੇਜ ‘ਤੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ, ਮੀਤ ਜਥੇਦਾਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੇ ਸੁਚੱਜੇ ਪ੍ਰਬੰਧਾਂ ਲਈ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਤੇ ਸਥਾਨਕ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਸਮਾਗਮ ਵਿਚ ਹਾਜ਼ਰ ਤੇ ਸੇਵਾ ਨਿਭਾਅ ਰਹੇ ਸੰਤ ਸਮਾਜ, ਸੰਪਰਦਾਵਾਂ, ਟਕਸਾਲਾਂ, ਸੰਤ ਮਹਾਂਪੁਰਸ਼ਾਂ, ਨਿਹੰਗ ਸਿੰਘ ਜਥੇਬੰਦੀਆਂ, ਸਿੰਘ ਸਭਾਵਾਂ, ਉਦਾਸੀਨ ਤੇ ਨਿਰਮਲ ਸੰਪਰਦਾਵਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਭਾਰਤ ਦੇ ਇਲਾਵਾ ਚੀਨ, ਰੂਸ, ਬਰਤਾਨੀਆ, ਅਮਰੀਕਾ ਤੇ ਹੋਰ ਦੇਸ਼ਾਂ ਤੋਂ ਦਰਸ਼ਨ ਕਰਨ ਆਈਆਂ ਸਮੂਹ ਸੰਗਤਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਹਿੰਦੂ, ਮੁਸਲਿਮ, ਜੈਨ, ਪਾਰਸੀ, ਬੋਧੀ ਧਰਮ ਦੇ ਧਾਰਮਿਕ ਮੁਖੀਆਂ, ਜਿਨ੍ਹਾਂ ਨੇ ਸਮਾਗਮ ਵਿਚ ਸ਼ਿਰਕਤ ਕੀਤੀ ਦਾ ਵੀ ਧੰਨਵਾਦ ਕੀਤਾ।