ਗੁਰਪੁਰਬ ਉਤੇ ਨਨਕਾਣਾ ਸਾਹਿਬ ਜਾਣ ਵਾਲੇ 403 ਸਿੱਖ ਸ਼ਰਧਾਲੂਆਂ ਦੀਆਂ ਵੀਜ਼ਾ ਅਰਜ਼ੀਆਂ ਰੱਦ

ਗੁਰਪੁਰਬ ਉਤੇ ਨਨਕਾਣਾ ਸਾਹਿਬ ਜਾਣ ਵਾਲੇ 403 ਸਿੱਖ ਸ਼ਰਧਾਲੂਆਂ ਦੀਆਂ ਵੀਜ਼ਾ ਅਰਜ਼ੀਆਂ ਰੱਦ

ਅੰਮ੍ਰਿਤਸਰ/ਬਿਊਰੋ ਨਿਊਜ਼ :

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਉਤੇ ਨਨਕਾਣਾ ਸਾਹਿਬ ਜਾਣ ਵਾਲੇ 403 ਸਿੱਖ ਸ਼ਰਧਾਲੂਆਂ ਦੀਆਂ ਵੀਜ਼ਾ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ‘ਤੇ ਜਾਣ ਵਾਸਤੇ ਲਗਭਗ 1630 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 1227 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਖ਼ੁਲਾਸਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤਾ ਹੈ।
ਮੁੱਖ ਸਕੱਤਰ ਨੇ ਆਖਿਆ ਕਿ ਇੰਨੀ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕੀਤੇ ਜਾਣ ਕਾਰਨ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ 403 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿੱਤੇ ਗਏ ਹਨ। ਇਨ੍ਹਾਂ ਸਿੱਖ ਸ਼ਰਧਾਲੂਆਂ ਵੱਲੋਂ ਕਈ ਦਿਨ ਪਹਿਲਾਂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਾਏ ਗਏ ਸਨ ਤੇ ਉਹ ਪਾਕਿਸਤਾਨ ਜਾਣ ਦੀ ਤਿਆਰੀ ਕਰ ਰਹੇ ਸਨ। ਹੁਣ ਜਦੋਂ ਜਥਾ ਰਵਾਨਾ ਹੋਣ ਵਿਚ ਦੋ ਦਿਨ ਰਹਿ ਗਏ ਹਨ ਤਾਂ ਐਨ ਆਖ਼ਰੀ ਮੌਕੇ ਉਨ੍ਹਾਂ ਨੂੰ ਵੀਜ਼ੇ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਲੰਮੇ ਸਮੇਂ ਤੋਂ ਮੰਗ ਕਰ ਰਹੀਆਂ ਹਨ ਕਿ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਿੱਖ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਦਿੱਤੇ ਜਾਣੇ ਚਾਹੀਦੇ ਹਨ।