ਕੌਮਾਂਤਰੀ ਪੱਧਰ ‘ਤੇ ਮਨਾਇਆ ਜਾਵੇਗਾ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪੁਰਬ ਸੁਲਤਾਨਪੁਰ ਲੋਧੀ ਵਿੱਚ ਵਿਸ਼ੇਸ਼ ਯਾਦਗਾਰ ਬਣਾਉਣ ਤੋਂ ਇਲਾਵਾ ਹੋਰ ਕਈ ਅਹਿਮ ਫ਼ੈਸਲੇ

ਕੌਮਾਂਤਰੀ ਪੱਧਰ ‘ਤੇ ਮਨਾਇਆ ਜਾਵੇਗਾ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪੁਰਬ ਸੁਲਤਾਨਪੁਰ ਲੋਧੀ ਵਿੱਚ ਵਿਸ਼ੇਸ਼ ਯਾਦਗਾਰ ਬਣਾਉਣ ਤੋਂ ਇਲਾਵਾ ਹੋਰ ਕਈ ਅਹਿਮ ਫ਼ੈਸਲੇ
ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਜਲੰਧਰ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ।

ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪੁਰਬ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾਵੇਗਾ ਅਤੇ ਸੁਲਤਾਨਪੁਰ ਲੋਧੀ ਵਿੱਚ ਪਹਿਲੇ ਗੁਰੂ ਜੀ ਦੀ ਵਿਸ਼ੇਸ਼ ਯਾਦਗਾਰ ਬਣਾਈ ਜਾਵੇਗੀ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਸੋਮਵਾਰ ਨੂੰ ਗੁਰਦੁਆਰਾ ਬੇਰ ਸਾਹਿਬ ਵਿਖੇ ਮੀਟਿੰਗ ‘ਚ ਲਿਆ ਗਿਆ। ਮੀਟਿੰਗ ‘ਚ ਇਸ ਸਬੰਧੀ ਕਈ ਹੋਰ ਅਹਿਮ ਫ਼ੈਸਲੇ ਵੀ ਲਏ ਗਏ। ਮੀਟਿੰਗ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਫ਼ੈਸਲਾ ਹੋਇਆ ਕਿ ਸੁਲਤਾਨਪੁਰ ਲੋਧੀ ਵਿੱਚ ਇਕ ਵਿਸ਼ੇਸ਼ ਯਾਦਗਾਰ ਸਥਾਪਿਤ ਕਰਨ ਦੇ ਨਾਲ ਨਾਲ ਇੱਕ ਕੌਮਾਂਤਰੀ ਕਮੇਟੀ ਬਣਾ ਕੇ ਅਤੇ ਆਧੁਨਿਕ ਅਜਾਇਬ ਘਰ ਸਥਾਪਿਤ ਕਰ ਕੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਇਤਿਹਾਸ ਨੂੰ ਰੂਪਮਾਨ ਕੀਤਾ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪੁਰਬ ਨੂੰ ਕੌਮਾਂਤਰੀ ਪੱਧਰ ‘ਤੇ ਮਨਾਏ ਜਾਣ ਅਤੇ ਵਿਸ਼ਾਲ ਯਾਦਗਾਰ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਕ ਆਧੁਨਿਕ ਅਜਾਇਬ ਘਰ ਵੀ ਬਣਾਇਆ ਜਾਵੇਗਾ, ਜਿਸ ਵਿੱਚ ਐਲਈਡੀ ਸਕਰੀਨਾਂ ਹੋਣਗੀਆਂ। ਇਸ ਅਜਾਇਬ ਘਰ ਵਿੱਚ ਗੁਰੂ ਸਾਹਿਬ ਦੇ ਆਰੰਭਕ ਜੀਵਨ, ਸੁਲਤਾਨਪੁਰ ਲੋਧੀ ਨਾਲ ਸਬੰਧਤ ਇਤਿਹਾਸ, ਉਦਾਸੀਆਂ ਤੇ ਕਰਤਾਰਪੁਰ ਵਿਖੇ ਕੀਤੀ ਕਿਰਤ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਇਸ ਦੇ ਨਾਲ ‘¡’ ਦਾ ਵਿਸ਼ਾਲ ਨਿਸ਼ਾਨ ਵੀ ਸਥਾਪਿਤ ਕੀਤਾ ਜਾਵੇਗਾ।
ਪ੍ਰੋ. ਬਡੂੰਗਰ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਯੂਨੀਵਰਸਿਟੀ ਨਨਕਾਣਾ ਸਾਹਿਬ ਵਿਖੇ ਹੀ ਸਥਾਪਿਤ ਕੀਤੀ ਜਾਵੇ, ਜਿਸ ਬਾਰੇ ਭਾਰਤ ਸਰਕਾਰ ਨਾਲ ਵੀ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਸੁਰਜੀਤ ਸਿੰਘ ਭਿੱਟੇਵਿੰਡ, ਭਾਈ ਰਾਮ ਸਿੰਘ, ਗੁਰਮੇਲ ਸਿੰਘ ਸੰਗਤਪੁਰਾ, ਨਿਰਮਲ ਸਿੰਘ, ਜੈਪਾਲ ਸਿੰਘ, ਬੀਬੀ ਪਰਮਜੀਤ ਕੌਰ, ਕੁਲਵੰਤ ਸਿੰਘ ਮੰਨਣ, ਬਲਵਿੰਦਰ ਸਿੰਘ ਵੇਈਂ ਪੁਈਂ, ਸੁਰਜੀਤ ਸਿੰਘ ਕਾਲਾ ਬੂਲਾ ਤੇ ਸਤਪਾਲ ਸਿੰਘ ਤਲਵੰਡੀ ਭਾਈ ਹਾਜ਼ਰ ਸਨ।