ਡੇਰਾ ਵਿਵਾਦ ਦੀ ਜਾਂਚ ਕਰ ਰਹੀ ਕਮੇਟੀ ਨੂੰ 7 ਮਾਰਚ ਤੱਕ ਮੋਹਲਤ ਮਿਲੀ

ਡੇਰਾ ਵਿਵਾਦ ਦੀ ਜਾਂਚ ਕਰ ਰਹੀ ਕਮੇਟੀ ਨੂੰ 7 ਮਾਰਚ ਤੱਕ ਮੋਹਲਤ ਮਿਲੀ

ਕੈਪਸ਼ਨ-ਐਸਜੀਪੀਸੀ ਦੀ ਇਕੱਤਰਤਾ ਸਬੰਧੀ ਜਾਣਕਾਰੀ ਦਿੰਦੇ ਹੋਏ ਕਮੇਟੀ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ।
ਸ੍ਰੀ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਇਕੱਤਰਤਾ ਹੋਈ। ਇਸ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਵੋਟਾਂ ਖ਼ਾਤਰ ਡੇਰਾ ਸਿਰਸਾ ਜਾਣ ਵਾਲੇ ਸਿੱਖ ਆਗੂਆਂ ਖ਼ਿਲਾਫ਼ ਪੜਤਾਲ ਲਈ ਗਠਿਤ ਕਮੇਟੀ ਨੂੰ ਰਿਪੋਰਟ ਸੌਂਪਣ ਲਈ 7 ਮਾਰਚ ਤੱਕ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਕਰਾਏ ਸਮਾਗਮਾਂ ਦੇ ਪ੍ਰਬੰਧਾਂ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਸਨਮਾਨ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੀਆਂ ਵੱਖ ਵੱਖ ਤਿੰਨ ਪ੍ਰਿੰਟਿੰਗ ਪ੍ਰੈੱਸਾਂ ਨੂੰ ਇਕੱਠਾ ਕਰਨ ਲਈ ਸਬ-ਕਮੇਟੀ ਰਾਹੀਂ ਮੁਕੰਮਲ ਰਿਪੋਰਟ ਪ੍ਰਾਪਤ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਨਾਮਣਾ ਖੱਟਣ ਵਾਲੇ ਦੋ ਸਿੱਖਾਂ ਤੇ ਦੋ ਸਿੱਖ ਬੁੱਧੀਜੀਵੀਆਂ ਦਾ ਹਰ ਸਾਲ ਸਨਮਾਨ ਕੀਤਾ ਜਾਵੇਗਾ, ਜਿਸ ਲਈ ਇਕ ਸਬ-ਕਮੇਟੀ ਬਣਾਈ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਅਗਲੇ ਮਹੀਨੇ ਕਰਾਏ ਜਾ ਰਹੇ ਬਜਟ ਇਜਲਾਸ ਬਾਰੇ ਬਜਟ ਕਮੇਟੀ ਦੀਆਂ ਸਿਫ਼ਾਰਸ਼ਾਂ ਵਿਚਾਰਨ ਬਾਅਦ ਅੰਤ੍ਰਿੰਗ ਕਮੇਟੀ ਵੱਲੋਂ ਜਨਰਲ ਹਾਊਸ ਨੂੰ ਭੇਜ ਦਿੱਤੀਆਂ ਗਈਆਂ ਹਨ। ਉਨ੍ਹਾਂ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਕੰਮਕਾਜ ਨੂੰ ਹੋਰ ਚੁਸਤ-ਦਰੁਸਤ ਬਣਾਉਣ ਲਈ ਇਕ ਸਬ-ਕਮੇਟੀ ਦਾ ਗਠਨ ਕੀਤਾ। ਪ੍ਰੋ. ਬਡੂੰਗਰ ਨੇ ਦੱਸਿਆ ਕਿ 1984 ਦੇ ਪੀੜਤਾਂ ਨੂੰ ਸਹਾਇਤਾ ਸਬੰਧੀ ਪੁੱਜੀਆਂ ਦਰਖਾਸਤਾਂ ਨੂੰ ਵਿਚਾਰਨ ਉਪਰੰਤ ਇਕ ਸਬ-ਕਮੇਟੀ ਗਠਿਤ ਕੀਤੀ ਗਈ ਹੈ।