ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 74ਵਾਂ ਸਥਾਪਨਾ ਦਿਵਸ ਮਨਾਇਆ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 74ਵਾਂ ਸਥਾਪਨਾ ਦਿਵਸ ਮਨਾਇਆ

ਅਕਾਲ ਤਖ਼ਤ ‘ਤੇ ਅਰਦਾਸ ਕਰਦੇ ਹੋਏ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਭੋਮਾ) ਦੇ ਆਗੂ।

ਅੰਮ੍ਰਿਤਸਰ/ਬਿਊਰੋ ਨਿਊਜ਼ :

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 74ਵਾਂ ਸਥਾਪਨਾ ਦਿਵਸ ਮਨਾਇਆ ਗਿਆ ਹੈ। ਇਸ ਸਬੰਧੀ ਵੱਖ-ਵੱਖ ਫੈਡਰੇਸ਼ਨਾਂ ਨੇ ਵੱਖੋ-ਵੱਖ ਸਮਾਗਮ ਕੀਤੇ। ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਭੋਮਾ) ਨੇ ਵੱਖ-ਵੱਖ ਤੌਰ ‘ਤੇ ਅਕਾਲ ਤਖ਼ਤ ‘ਤੇ ਅਰਦਾਸ ਕੀਤੀ, ਜਦਕਿ ਦੂਜੋ ਪਾਸੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਵੱਲੋਂ ਜਥੇਬੰਦੀ ਦਾ 74ਵਾਂ ਸਥਾਪਨਾ ਦਿਵਸ ਟਾਟਾ ਨਗਰ ਵਿਚ ਇਕ ਕਾਨਫਰੰਸ ਕਰਕੇ ਮਨਾਇਆ ਗਿਆ।
ਫੈਡਰੇਸ਼ਨ ਗਰੇਵਾਲ ਵੱਲੋਂ ਇੱਥੇ ਅਕਾਲ ਤਖ਼ਤ ‘ਤੇ ਅਰਦਾਸ ਮਗਰੋਂ ਜਥੇਬੰਦੀ ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਕੋਈ ਵੀ ਦੋਸ਼ੀ ਹੋਵੇ, ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਾਂਗਰਸ ਸਰਕਾਰ ‘ਤੇ ਦੋਸ਼ ਲਾਇਆ ਕਿ ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਲੋਕਾਂ ਦਾ ਧਿਆਨ ਭਟਕਾ ਰਹੀ ਹੈ। ਸਮਾਗਮ ਵਿੱਚ ਸ੍ਰੀ ਗਰੇਵਾਲ ਤੋਂ ਇਲਾਵਾ ਪਰਮਜੀਤ ਸਿੰਘ, ਕੰਵਲਜੀਤ ਸਿੰਘ ਲਾਲੀ, ਮਨਪ੍ਰੀਤ ਸਿੰਘ ਬੰਟੀ, ਦਿਲਬਾਗ ਸਿੰਘ ਕਲਸੀ, ਗੁਰਬਖਸ਼ ਸਿੰਘ ਸੇਖੋਂ, ਗੁਰਕੀਰਤਨ ਸਿੰਘ ਜਲਾਲਾਬਾਦ, ਧਰਮਿੰਦਰ ਸਿੰਘ ਮੁਕਤਸਰ ਆਦਿ ਹਾਜ਼ਰ ਸਨ।
ਇਸ ਦੌਰਾਨ ਫੈਡਰੇਸ਼ਨ ਭੋਮਾ ਨੇ ਵੀ ਸਥਾਪਨਾ ਦਿਵਸ ਦੇ ਸਬੰਧ ਵਿੱਚ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ। ਮਗਰੋਂ ਇਸ ਸਬੰਧੀ ਇਕ ਮਤਾ ਪਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂਆਂ ਨੂੰ ਅਪੀਲ ਕੀਤੀ ਕਿ ਕੁਰਬਾਨੀਆਂ ਨਾਲ ਬਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ, ਭਾਜਪਾ ਅਤੇ ਆਰਐਸਐਸ ਦੇ ਕਲਾਵੇ ਵਿੱਚੋਂ ਮੁਕਤ ਕਰਾਇਆ ਜਾਵੇ। ਦੂਜੇ ਮਤੇ ਰਾਹੀਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਦੇ ਮਾਮਲੇ ਵਿੱਚ ਅਕਾਲ ਤਖ਼ਤ ‘ਤੇ ਖੜ੍ਹੇ ਹੋ ਕੇ ਸੱਚ ਬਿਆਨ ਕਰਨ। ਤੀਜੇ ਮਤੇ ਰਾਹੀਂ ਕਾਂਗਰਸ ਸਰਕਾਰ ਨੂੰ ਸਜ਼ਾਵਾਂ ਭੁਗਤ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਕੈਬਨਿਟ ਵਿੱਚ ਮਤਾ ਪਾਸ ਕਰਨ ਦੀ ਅਪੀਲ ਕੀਤੀ ਗਈ।
ਦੂਜੋ ਪਾਸੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਵੱਲੋਂ ਜਥੇਬੰਦੀ ਦਾ 74ਵਾਂ ਸਥਾਪਨਾ ਦਿਵਸ ਟਾਟਾ ਨਗਰ ਵਿੱਚ ਇਕ ਕਾਨਫਰੰਸ ਕਰਕੇ ਮਨਾਇਆ ਗਿਆ, ਜਿਸ ਵਿੱਚ ਇਕ ਮਤੇ ਰਾਹੀਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੌਜੂਦਾ ਪੰਥਕ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਅਹੁਦਿਆਂ ਤੋਂ ਅਸਤੀਫੇ ਦੇਣ ਤੇ ਕੌਮ ਕੋਲੋਂ ਬਿਨਾ ਸ਼ਰਤ ਮੁਆਫ਼ੀ ਮੰਗਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਫੈਡਰੇਸ਼ਨ ਦਾ 74ਵਾਂ ਸਥਾਪਨਾ ਦਿਵਸ ਝਾਰਖੰਡ ਸੂਬੇ ਦੇ ਟਾਟਾ ਨਗਰ ਵਿੱਚ ਮਨਾਇਆ ਗਿਆ। ਇਸ ਸਬੰਧੀ ਇੱਥੇ ਰਾਮਗੜ੍ਹੀਆ ਭਵਨ ਵਿੱਚ ਕਾਨਫਰੰਸ ਕਰਾਈ ਗਈ, ਜਿਸ ਵਿੱਚ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਅਤੇ ਨਵੰਬਰ 1984 ਸਿੱਖ ਕਤਲੇਆਮ ਦੀ ਮੁੱਖ ਗਵਾਹ ਬੀਬੀ ਨਿਰਪ੍ਰੀਤ ਕੌਰ ਨੇ ਸਿੱਖ ਨੌਜਵਾਨਾਂ ਨੂੰ ਸੰਬੋਧਨ ਕੀਤਾ। ਇਸ ਕਾਨਫਰੰਸ ਦੌਰਾਨ ਤਿੰਨ ਮਤੇ ਪਾਸ ਕੀਤੇ ਗਏ। ਇਸ ਮੌਕੇ ਤਿੰਨ ਮਤੇ ਪਾਸ ਕੀਤੇ ਗਏ ਤੇ ਇਕ ਮਤੇ ਰਾਹੀਂ ਅਕਾਲ ਤਖ਼ਤ ਦੇ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਗਈ।