ਅਮਨੈਸਟੀ ਇੰਟਰਨੈਸ਼ਨਲ ਨੇ ਕੈਪਟਨ ਤੋਂ ’84 ਕਤਲੇਆਮ ਪੀੜਤ ਪਰਿਵਾਰਾਂ ਦੇ ਸੰਘਰਸ਼ ਦੀ ਹਮਾਇਤ ਮੰਗੀ

ਅਮਨੈਸਟੀ ਇੰਟਰਨੈਸ਼ਨਲ ਨੇ ਕੈਪਟਨ ਤੋਂ ’84 ਕਤਲੇਆਮ ਪੀੜਤ ਪਰਿਵਾਰਾਂ ਦੇ ਸੰਘਰਸ਼ ਦੀ ਹਮਾਇਤ ਮੰਗੀ

ਚੰਡੀਗੜ੍ਹ/ਬਿਊਰੋ ਨਿਊਜ਼ :
ਅਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਸਰਕਾਰ ’84 ਕਤਲੇਆਮ ਪੀੜਤ ਪਰਿਵਾਰਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਜਾਵੇ।
ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਸਨਮ ਸੁਤਿਰਥ ਵਜ਼ੀਰ, ਪੱਤਰਕਾਰ ਹਰਮਿੰਦਰ ਕੌਰ ਤੇ ਵਕੀਲ ਨਵਕਿਰਨ ਸਿੰਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ’84 ਕਤਲੇਆਮ ਦੇ ਕੇਸਾਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਸਿੱਟ ਦੀ ਮਿਆਦ ਤੀਜੀ ਵਾਰੀ ਵਧਾਉਣ ਨਾਲ ਇਨਸਾਫ਼ ਪ੍ਰਕਿਰਿਆ ‘ਤੇ ਸਵਾਲੀਆ ਨਿਸ਼ਾਨ ਲੱਗਿਆ ਹੋਇਆ ਹੈ। ਸੀਨੀਅਰ ਪੱਤਰਕਾਰ ਹਰਮਿੰਦਰ ਕੌਰ ਨੇ ਕਿਹਾ ਕਿ ਸਰਕਾਰ ਨੂੰ ਨਵਾਂ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਫ਼ਿਰਕੂ ਹਿੰਸਾ ਦੌਰਾਨ ਆਪਣੇ ਫਰਜ਼ਾਂ ਦਾ ਪਾਲਣ ਨਾ ਕਰਨ ਵਾਲੇ ਸਿਆਸੀ ਆਗੂਆਂ, ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਡਿਊਟੀ ਵਿੱਚ ਲਾਪ੍ਰਵਾਹੀ ਲਈ ਜ਼ਿੰਮੇਵਾਰ ਠਹਿਰਾਇਆ ਜਾ ਸਕੇ। ਸਨਮ ਸੁਤਿਰਥ ਵਜ਼ੀਰ ਕਿਹਾ ਕਿ ਸਿੱਟ ਨੇ ਦੋ ਸਾਲਾਂ ਵਿੱਚ ਸਿਰਫ਼ ਚਾਰ ਦੋਸ਼ ਪੱਤਰ ਹੀ ਦਾਖ਼ਲ ਕੀਤੇ ਹਨ ਤੇ ਇਸ ਦੀ ਕਾਰਜਪ੍ਰਣਾਲੀ ਪਾਰਦਰਸ਼ੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਸਿੱਟ ਨੇ ਸੁਪਰੀਮ ਕੋਰਟ ਵਿੱਚ ਜਿਹੜੀਆਂ ਸਟੇਟਸ ਰਿਪੋਰਟਸ ਨੂੰ ਜਮ੍ਹਾਂ ਕਰਵਾਇਆ ਹੈ, ਉਨ੍ਹਾਂ ਵਿੱਚ ਇਹ ਵੀ ਨਹੀਂ ਦੱਸਿਆ ਕਿ ਜਿਹੜੇ ਮਾਮਲਿਆਂ ਨੂੰ ਮੁੜ ਜਾਂਚ ਲਈ ਰੱਖਿਆ ਸੀ, ਉਨ੍ਹਾਂ ਨੂੰ ਫਿਰ ਤੋਂ ਕਿਉਂ ਬੰਦ ਕਰ ਦਿੱਤਾ ਗਿਆ? ਉਨ੍ਹਾਂ ਦੱਸਿਆ ਕਿ ਨਵੰਬਰ 2014 ਵਿੱਚ ਇੱਕ ਜਨਤਕ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਤਾਂ ਜੋ ਕਤਲੇਆਮ ਪੀੜਤਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ। ਉਦੋਂ ਤੋਂ ਲੈ ਕੇ ਹੁਣ ਤੱਕ ਲੱਖਾਂ ਲੋਕਾਂ ਨੇ ਇਸ ਮੁਹਿੰਮ ਦੀ ਹਮਾਇਤ ਕੀਤੀ ਹੈ, ਜਿਨ੍ਹਾਂ ਵਿੱਚੋਂ 6 ਲੱਖ ਪੰਜਾਬ ਤੋਂ ਹਨ।