ਪ੍ਰੋ. ਬਡੂੰਗਰ ਨੇ ਗੁਰਬਾਣੀ ਦੇ ਹੋ ਰਹੇ ਨਿਰਾਦਰ ‘ਤੇ ਚਿੰਤਾ ਪ੍ਰਗਟਾਈ

ਪ੍ਰੋ. ਬਡੂੰਗਰ ਨੇ ਗੁਰਬਾਣੀ ਦੇ ਹੋ ਰਹੇ ਨਿਰਾਦਰ ‘ਤੇ ਚਿੰਤਾ ਪ੍ਰਗਟਾਈ

ਅੰਮ੍ਰਿਤਸਰ/ਬਿਊਰੋ ਨਿਊਜ਼:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖੀ ‘ਤੇ ਹੋ ਰਹੇ ਲਗਾਤਾਰ ਹਮਲੇ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ•ਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਸਵੀਰ ਵਿਚ ਇੱਕ ਬੀਬੀ ਦੇ ਕਮੀਜ਼ ਉੱਪਰ ਗੁਰਬਾਣੀ ਦੀਆਂ ਤੁਕਾਂ ਛਪੀਆਂ ਹੋਈਆਂ ਹਨ, ਜੋ ਗੁਰਬਾਣੀ ਦਾ ਘੋਰ ਨਿਰਾਦਰ ਹੈ। ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਅਤੇ ਗੁਰਬਾਣੀ ਦੀਆਂ ਤੁਕਾਂ ਵਾਲਾ ਕਮੀਜ਼ ਪਹਿਨੀ ਬੀਬੀ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਸਾਈਬਰ ਕਰਾਈਮ ਸੈਲ ਵਿਭਾਗ ਨੂੰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਅਤੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਕਰਨ ਲਈ ਪੱਤਰ ਲਿਖਿਆ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਭਰ ਵਿਚ ਸਾਜ਼ਿਸ਼ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਅਤੇ ਹੁਣ ਪਾਵਨ ਗੁਰਬਾਣੀ ਨੂੰ ਕੱਪੜਿਆਂ ਉਪਰ ਛਾਪ ਕੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।