ਡਾ. ਮਨਮੋਹਨ ਸਿੰਘ ਪਤਨੀ ਸਮੇਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਡਾ. ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਗੁਰਸ਼ਰਨ ਕੌਰ।
ਅੰਮ੍ਰਿਤਸਰ/ਬਿਊਰੋ ਨਿਊਜ਼:
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮਗਰੋਂ ਦੇਸ਼ ਵੰਡ ਸਬੰਧੀ ਬਣੇ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ ਕੀਤਾ।
ਆਪਣੀ ਪਤਨੀ ਬੀਬੀ ਗੁਰਸ਼ਰਨ ਕੌਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ ਸਾਬਕਾ ਪ੍ਰਧਾਨ ਮੰਤਰੀ ਨੇ ਇੱਥੇ ਯਾਤਰੂ ਬੁੱਕ ਵਿੱਚ ਆਪਣੀਆਂ ਭਾਵਨਾਵਾਂ ਦਰਜ ਕਰਦਿਆਂ ਲਿਖਿਆ ਕਿ ਉਨ੍ਹਾਂ ‘ਤੇ ਪ੍ਰਮਾਤਮਾ ਦੀ ਕ੍ਰਿਪਾ ਦ੍ਰਿਸ਼ਟੀ ਹੈ ਕਿ ਉਹ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਹਨ। ਉਨ੍ਹਾਂ ਨੇ ਪਰਿਕਰਮਾ ਕੀਤੀ ਅਤੇ ਹਰਿਮੰਦਰ ਸਾਹਿਬ ਮੱਥਾ ਟੇਕਿਆ, ਜਿਥੇ ਉਨ੍ਹਾਂ ਨੂੰ ਗੁਰੂ ਘਰ ਵੱਲੋਂ ਸਿਰੋਪਾ ਭੇਟ ਕੀਤਾ ਗਿਆ। ਉਨ੍ਹਾਂ ਕੁਝ ਪਲ ਗੁਰਬਾਣੀ ਦਾ ਕੀਰਤਨ ਸੁਣਿਆ।
ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਸੁਨਹਿਰੀ ਤਸਵੀਰ, ਸਿਰੋਪਾ ਤੇ ਲੋਈ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ, ਸਕੱਤਰ ਮਨਜੀਤ ਸਿੰਘ ਅਤੇ ਮੈਨੇਜਰ ਸੁਲੱਖਣ ਸਿੰਘ ਹਾਜ਼ਰ ਸਨ। ਉਪਰੰਤ ਸਾਬਕਾ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੀ ਪਤਨੀ ਟਾਊਨ ਹਾਲ ਵਿੱਚ ਦੇਸ਼ ਵੰਡ ਸਬੰਧੀ ਬਣਿਆ ਪਾਰਟੀਸ਼ਨ ਮਿਊਜ਼ੀਅਮ ਦੇਖਣ ਲਈ ਪੁੱਜੇ। ਲਗਭਗ ਅੱਧੇ ਘੰਟੇ ਦੇ ਠਹਿਰਾਅ ਦੌਰਾਨ ਉਨ੍ਹਾਂ ਨੇ ਵੰਡ ਸਬੰਧੀ ਪਾਰਟੀਸ਼ਨ ਮਿਊਜ਼ੀਅਮ ਦੀਆਂ ਵੱਖ-ਵੱਖ ਗੈਲਰੀਆਂ ਦੇਖੀਆਂ। ਇੱਥੇ ਯਾਤਰੂ ਕਿਤਾਬ ਵਿੱਚ ਆਪਣੀਆਂ ਭਾਵਨਾਵਾਂ ਦਰਜ ਕਰਦਿਆਂ ਉਨ੍ਹਾਂ ਲਿਖਿਆ ਕਿ ਇਹ ਵੰਡ ਮਿਊਜ਼ੀਅਮ ਅਤੀਤ ਵਿੱਚ ਵਾਪਰੇ ਇੱਕ ਦੁਖਦ ਅਧਿਆਇ ਨੂੰ ਯਾਦ ਕਰਾਉਂਦਾ ਹੈ। ਉਨ੍ਹਾਂ ਆਖਿਆ ਕਿ ਭਵਿੱਖ ਵਿੱਚ ਮੁੜ ਅਜਿਹਾ ਕਦੇ ਨਹੀਂ ਵਾਪਰਨਾ ਚਾਹੀਦਾ। ਦੱਸਣਯੋਗ ਹੈ ਕਿ ਡਾ. ਮਨਮੋਹਨ ਸਿੰਘ ਦਾ ਪਰਿਵਾਰ ਵੀ ਦੇਸ਼ ਵੰਡ ਦਾ ਸ਼ਿਕਾਰ ਹੋਇਆ ਸੀ। ਉਹ ਸੰਨ 1932 ਵਿੱਚ ਪਾਕਿਸਤਾਨ ਦੇ ਪਿੰਡ ਗਾਹ ਵਿੱਚ ਪੈਦਾ ਹੋਏ ਸਨ ਅਤੇ ਸੰਨ 1947 ਵਿੱਚ ਅੰਮ੍ਰਿਤਸਰ ਆਏ ਸਨ।
Comments (0)