ਡਾ. ਮਨਮੋਹਨ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ/ਬਿਊਰੋ ਨਿਊਜ਼ :
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਉਨ੍ਹਾਂ ਦੀ ਪਤਨੀ ਬੀਬੀ ਗੁਰਸ਼ਰਨ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਇੱਥੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਏ ਹੋਏ ਹਨ। ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਉਨ੍ਹਾਂ ਕੁਝ ਸਮਾਂ ਬੈਠ ਕੇ ਗੁਰਬਾਣੀ ਦਾ ਕੀਰਤਨ ਸੁਣਿਆ। ਉਹ ਲਗਭਗ ਅੱਧਾ ਘੰਟਾ ਸ੍ਰੀ ਹਰਿਮੰਦਰ ਸਾਹਿਬ ਰਹੇ ਅਤੇ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿੱਚ ਜਾ ਕੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਮਨਜੀਤ ਸਿੰਘ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਨਿੱਜੀ ਸਹਾਇਕ ਪਰਮਜੀਤ ਸਿੰਘ ਤੇ ਸੁਲੱਖਣ ਸਿੰਘ ਮੈਨੇਜਰ ਨੇ ਸਾਬਕਾ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ। ਡਾ. ਮਨਮੋਹਨ ਸਿੰਘ ਨੇ ਯਾਤਰੂ ਬੁੱਕ ਵਿੱਚ ਲਿਖਿਆ ਕਿ ਦੁਨੀਆਂ ਦੇ ਸਾਰੇ ਧਾਰਮਿਕ ਅਸਥਾਨ ਅਤਿ-ਸਤਿਕਾਰਤ ਹਨ ਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ਹੈ’ ਇਹ ਉਹ ਮੁਕੱਦਸ ਅਸਥਾਨ ਹੈ, ਜਿਥੇ ਆ ਕੇ ਮਨ ਤ੍ਰਿਪਤ ਹੋ ਜਾਂਦਾ ਹੈ।
ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾ, ਲੋਈ ਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਭਰਾ ਸੁਰਜੀਤ ਸਿੰਘ ਕੋਹਲੀ ਵੀ ਹਾਜ਼ਰ ਸਨ।
Comments (0)