ਪਾਣੀਆਂ ਦੇ ਮਸਲੇ ਉੱਤੇ ਰਾਜਸੀ ਲਿਚਗੜਿਚੀਆਂ ਬੰਦ ਹੋਣ : ਦਲ ਖ਼ਾਲਸਾ

ਪਾਣੀਆਂ ਦੇ ਮਸਲੇ ਉੱਤੇ ਰਾਜਸੀ ਲਿਚਗੜਿਚੀਆਂ ਬੰਦ ਹੋਣ : ਦਲ ਖ਼ਾਲਸਾ

ਗੈਰ-ਰਿਪੇਰੀਅਨ ਸੂਬਿਆਂ ਨੂੰ ਜਾਂਦਾ ਪਾਣੀ ਤੁਰੰਤ ਰੋਕਿਆ ਜਾਵੇ
ਅੰਮ੍ਰਿਤਸਰ/ਬਿਊਰੋ ਨਿਊਜ਼:
ਪੰਜਾਬ ਦੇ ਪਾਣੀਆਂ ਦੀ 1955 ਤੋਂ ਲਗਾਤਾਰ ਹੋ ਰਹੀ ਲੁੱਟ ਲਈ ਰਵਾਇਤੀ ਕਾਂਗਰਸੀ ਅਤੇ ਅਕਾਲੀ ਆਗੂਆਂ ਨੂੰ ਜ਼ਿੰਮੇਵਾਰ ਦਸਦਿਆਂ ਦਲ ਖ਼ਾਲਸਾ ਅਤੇ ਉਸ ਦੀਆਂ ਸਹਿਯੋਗੀ ਜਥੇਬੰਦੀਆਂ ਸਿੱਖ ਫੈਡਰੇਸ਼ਨ ਯੂ.ਕੇ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸਿੱਖ ਯੂਥ ਆਫ ਪੰਜਾਬ ਨੇ ਇਨ੍ਹਾਂ ਦੋਨਾਂ ਪਾਰਟੀਆਂ ਨਾਲ ਜੁੜੇ ਵਿਧਾਨਕਾਰਾਂ ਨੂੰ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਅਤੇ ਸੂਬੇ ਦੀ ਆਰਥਿਕਤਾ ਨਾਲ ਜੁੜੇ ਇਸ ਸੰਵੇਦਨਸ਼ੀਲ ਮਸਲੇ ‘ਤੇ ਡੰਗ-ਟਪਾਊ ਰਾਜਨੀਤੀ ਕਰਨ ਦੀ ਬਜਾਏ ਗੈਰ-ਰਿਪੇਰੀਅਨ ਸੂਬਿਆਂ ਨੂੰ ਜਾਂਦੇ ਪਾਣੀਆਂ ਨੂੰ ਰੋਕਣ ਲਈ ਦਲੇਰਆਨਾ ਕਦਮ ਚੁੱਕਣ ਲਈ ਆਖਿਆ ਹੈ।
ਪੰਥਕ ਧਿਰਾਂ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਦੇ ਵਿਧਾਇਕਾਂ ਨੂੰ ਕਿਹਾ ਹੈ ਕਿ ਉਹ ਇਕਮੱਤ ਹੋ ਕੇ ਆਪਣੇ ਰਾਜਨੀਤਿਕ ਆਕਾਵਾਂ ਦੀਆਂ ਕੀਤੀਆਂ ਗਲਤੀਆਂ ਨੂੰ ਸੁਧਾਰਦੇ ਹੋਏ ਵਿਧਾਨ ਸਭਾ ਸੈਸ਼ਨ ਵਿਚ ਪੰਜਾਬ ਦੇ ਪਾਣੀਆਂ ਸਬੰਧੀ ਗੈਰ-ਰਿਪੇਰੀਅਨ ਸੂਬਿਆਂ ਨਾਲ ਧੱਕੇ ਜਾਂ ਧੋਖੇ ਨਾਲ ਹੋਈਆਂ ਤਮਾਮ ਗੈਰ-ਕਾਨੂੰਨੀ ਸੰਧੀਆਂ ਅਤੇ ਸਮਝੌਤਿਆਂ ਨੂੰ ਰੱਦ ਕਰਨ ਦਾ ਬਿੱਲ ਪਾਸ ਕਰਨ।
ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਵਲੋਂ ਮੀਡੀਆ ਨੂੰ ਜਾਰੀ ਕੀਤੇ ਗਏ ਨੀਤੀ ਬਿਆਨ ਵਿਚ ਕਿਹਾ ਗਿਆ ਹੈ ਕਿ ਸਭ ਤੋਂ ਅਹਿਮ ਮੁੱਦਾ ਪੰਜਾਬ ਦਾ ਆਪਣੇ ਪਾਣੀਆਂ ‘ਤੇ ਮਾਲਕੀ ਹੱਕ ਲੈਣ ਦਾ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਦੇ ਮਸਲੇ ਉੱਤੇ ਰਾਜਸੀ ਲਿਚਗੜਿਚੀਆਂ ਬੰਦ ਕਰਕੇ ਗੈਰ-ਰਿਪੇਰੀਅਨ ਸੂਬਿਆਂ ਨੂੰ ਜਾਂਦਾ ਪਾਣੀ ਤੁਰੰਤ ਰੋਕੇ ਜਾਣ ਲਈ ਕਾਰਵਾਈ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਸਵਾਲ ਪਾਣੀਆਂ ਦੀ ਵੰਡ ਦਾ ਨਹੀਂ, ਪਾਣੀਆਂ ਦੀ ਮਾਲਕੀ ਦਾ ਹੈ ਜਿਸ ਨੂੰ ਸਰਕਾਰਾਂ ਅਤੇ ਨਿਆਂਪਾਲਿਕਾ ਨੇ ਹਮੇਸ਼ਾ ਦਰਕਿਨਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਆਪਣੇ ਕੁਦਰਤੀ ਸਰੋਤਾਂ ‘ਤੇ ਮਾਲਕੀ ਹੱਕ ਹੈ ਅਤੇ ਕੋਈ ਵੀ ਸਰਕਾਰ ਜਾਂ ਅਦਾਲਤ ਪੰਜਾਬ ਦੇ ਪਾਣੀ ਨੂੰ ਜਬਰਨ ਜਾਂ ਕਾਨੂੰਨ ਰਾਹੀਂ ਰਿਪੇਰੀਅਨ ਸਿਧਾਂਤ ਦਾ ਘਾਣ ਕਰਕੇ ਹੋਰ ਸੂਬਿਆਂ ਨੂੰ ਨਹੀਂ ਦੇ ਸਕਦੀ।
ਪ੍ਰਕਾਸ਼ ਸਿੰਘ ਬਾਦਲ ਅਤੇ ਅਮਰਿੰਦਰ ਸਿੰਘ ਵਲੋਂ ਇਕ ਦੂਜੇ ਤੋਂ ਵੱਧ-ਚੜ੍ਹ ਕੇ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਜ਼ਿਕਰ ਕਰਦਿਆਂ ਕੰਵਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਹੈਰਾਨ ਹਨ ਕਿ ਸਾਰੇ ਰਾਜਨੀਤਿਕ ਆਗੂਆਂ ਦੇ ਵੱਡੇ ਦਾਅਵਿਆਂ ਦੇ ਬਾਵਜੂਦ ਪੰਜਾਬ ਦਾ 55 ਫੀਸਦ ਤੋਂ ਜ਼ਿਆਦਾ ਪਾਣੀ ਗੈਰ-ਰਿਪੇਰੀਅਨ ਸੂਬਿਆਂ ਨੂੰ ਲਗਾਤਾਰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ‘ਤੇ ਸੋਚੀ ਸਮਝੀ ਚੁੱਪੀ ਧਾਰੀ ਬੈਠੇ ‘ਆਪ’ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਦੇ ਕਪਟੀ ਵਤੀਰੇ ਬਾਰੇ ਵੀ ਕਿਸੇ ਨੂੰ ਕੋਈ ਸ਼ੱਕ ਨਹੀਂ ਰਹਿ ਗਿਆ।
ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਨੂੰ ਰੋਕਣ ਲਈ ਸਭ ਤੋਂ ਪਹਿਲਾ ਅਮਲੀ ਕਦਮ 1990 ਵਿਚ ਬੱਬਰ ਖਾਲਸਾ ਦੀ ਅਗਵਾਈ ਵਿਚ ਜੁਝਾਰੂਆਂ ਨੇ ਚੁਕਿਆ ਸੀ, ਜਿਸ ਤੋਂ ਬਾਅਦ 2004 ਵਿਚ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਮੌਕੇ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਟਰਮੀਨੇਸ਼ਨ ਆਫ ਐਗਰੀਮੈਂਟਸ ਐਕਟ ਪਾਸ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਲੋਂ 2004 ਦੇ ਐਕਟ ਵਿਰੁੱਧ ਫੈਸਲਾ ਦੇਣ ਤੋਂ ਬਾਅਦ ਹੁਣ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਦੇ ਪਾਣੀਆਂ ਨੂੰ ਗੈਰ-ਰਿਪੇਰੀਅਨ ਸੂਬਿਆਂ ਨੂੰ ਜਾਣ ਤੋਂ ਰੋਕਣ ਅਤੇ ਹੁਣ ਤਕ ਇਨ੍ਹਾਂ ਸੂਬਿਆਂ ਵਲੋਂ ਵਰਤੇ ਜਾ ਰਹੇ ਪੰਜਾਬ ਦੇ ਪਾਣੀਆਂ ਦੇ ਬਦਲੇ ਮੁਆਵਜ਼ਾ ਵਸੂਲਣ।