ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਸ਼ਹੀਦ ਹੋਣ ਵਾਲਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਲਾਉਣ ਦੀ ਮੰਗ

ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਸ਼ਹੀਦ ਹੋਣ ਵਾਲਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਲਾਉਣ ਦੀ ਮੰਗ

ਕੈਪਸ਼ਨ- 1986 ਵਿਚ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਪੰਜਾਬ ਪੁਲੀਸ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਸਿੰਘਾਂ ਦੀਆਂ ਮ੍ਰਿਤਕ ਦੇਹਾਂ
ਅੰਮ੍ਰਿਤਸਰ/ਸਿੱਖ ਸਿਆਸਤ ਬਿਊਰੋ :
ਪੰਜਾਬ ਦੇ ਸ਼ਹਿਰ ਨਕੋਦਰ ਵਿਖੇ 2 ਫਰਵਰੀ 1986 ਨੂੰ ਮੁਹੱਲਾ ਗੁਰੂ ਨਾਨਕਪੁਰਾ ਦੇ ਗੁਰਦੁਆਰੇ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ 4 ਸਰੂਪ ਸਿੱਖ ਧਰਮ ਵਿਰੋਧੀ ਅਨਸਰਾਂ ਵਲੋਂ ਅਗਨ ਭੇਟ ਕਰ ਦਿੱਤੇ ਗਏ ਸਨ ਅਤੇ ਬਾਅਦ ਵਿੱਚ 4 ਫਰਵਰੀ 1986 ਨੂੰ ਪੰਜਾਬ ਪੁਲੀਸ ਵੱਲੋਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਬਦੀ ਵਿਰੁੱਧ ਸ਼ਾਂਤਮਈ ਵਿਖਾਵਾ ਕਰ ਰਹੇ ਸਿੱਖਾਂ ‘ਤੇ ਬਿਨਾਂ ਕਿਸੇ ਭੜਕਾਹਟ ਦੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਵਿੱਚ 4 ਸਿੰਘ ਸ਼ਹੀਦ ਹੋ ਗਏ ਸਨ।
1986 ਵਿਚ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਸ਼ਹੀਦ ਹੋਏ ਸਿੰਘਾਂ ਵਿਚੋਂ ਇਕ ਭਾਈ ਰਵਿੰਦਰ ਸਿੰਘ ਵੀ ਸਨ। ਭਾਈ ਰਵਿੰਦਰ ਸਿੰਘ ਦੇ ਮਾਤਾ ਬਲਦੀਪ ਕੌਰ ਅਤੇ ਪਿਤਾ ਬਲਦੇਵ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਇਨ੍ਹਾਂ ਸ਼ਹੀਦਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਈ ਜਾਵੇ।
ਸ਼ਹੀਦ ਭਾਈ ਰਵਿੰਦਰ ਸਿੰਘ ਦੇ ਮਾਤਾ-ਪਿਤਾ ਨੇ ਚਿੱਠੀ ਵਿਚ ਲਿਖਿਆ ਕਿ ਸਿੱਖ ਧਰਮ ਵਿੱਚ ਸਿੱਖਾਂ ਲਈ ਸ੍ਰੀ ਗੁਰੂ ਗਰੰਥ ਸਾਹਿਬ ਤੋਂ ਉੱਪਰ ਕੁਝ ਵੀ ਨਹੀਂ। ਇਸ ਲਈ ਇੱਕ ਸਿੱਖ ਲਈ ਗੁਰੂ ਦਾ ਸਤਿਕਾਰ ਆਪਣੀ ਜਾਨ ਤੋਂ ਵੀ ਉੱਪਰ ਹੈ। ਚਿੱਠੀ ਵਿਚ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧਿਆਨ 2 ਫਰਵਰੀ 2011 ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਏ ਸਮਾਗਮ ਦੌਰਾਨ ਗਿਆਨੀ ਗੁਰਬਚਨ ਸਿੰਘ ਵਲੋਂ ਕੁਰਬਾਨੀ ਦੇਣ ਵਾਲੇ ਸਿੰਘਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਿਮੰਦਰ ਸਿੰਘ ਸ਼ਾਮ ਚੁਰਾਸੀ, ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਅਤੇ ਭਾਈ ਝਲਮਨ ਸਿੰਘ ਰਾਜੋਵਾਲ ਗੋਰਸੀਆਂ ਨੂੰ ਕੌਮੀ ਸ਼ਹੀਦ ਕਰਾਰ ਦਿੱਤਾ ਗਿਆ ਸੀ। ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਨ੍ਹਾਂ ਸਿੱਖ ਸ਼ਹੀਦਾਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਸੀ। ਪਰ ਸ਼੍ਰੋਮਣੀ ਕਮੇਟੀ ਅਜੇ ਤੱਕ ਕੇਂਦਰੀ ਅਜਾਇਬ ਘਰ ਵਿੱਚ ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਨਹੀਂ ਲਗਾ ਸਕੀ। 32 ਸਾਲ ਪਹਿਲਾਂ ਹੋਏ ਇਸ ਸ਼ਹੀਦੀ ਸਾਕੇ ਦੀ ਅੱਗ ਅਜੇ ਵੀ ਸਿੱਖਾਂ ਦੇ ਦਿਲਾਂ ਵਿੱਚ ਬਲ ਰਹੀ ਹੈ ਅਤੇ ਸ਼ਹੀਦ ਸਿੰਘਾਂ ਦੇ ਪਰਿਵਾਰ ਇਨ੍ਹਾਂ ਨਾ ਭਰਨ ਵਾਲੇ ਜ਼ਖਮਾਂ ਦੀ ਪੀੜ ਨੂੰ ਨਿਰੰਤਰ ਆਪਣੇ ਅੰਦਰ ਸਮੋਈ ਬੈਠੇ ਹਨ।
ਚਿੱਠੀ ਵਿਚ ਅੱਗੇ ਸ਼ਹੀਦ ਰਵਿੰਦਰ ਸਿੰਘ ਦੇ ਮਾਤਾ-ਪਿਤਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਬੇਨਤੀ ਹੈ ਕਿ ਇਨ੍ਹਾਂ ਸਿੰਘਾਂ ਦੀ ਆ ਰਹੀ ਬਰਸੀ ‘ਤੇ ਇਨ੍ਹਾਂ ਸਿੱਖ ਸ਼ਹੀਦਾਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਲਈ ਦੀ ਕਿਰਪਾਲਤਾ ਕੀਤੀ ਜਾਵੇ।