ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤੇ ਜਾਣ ਦਾ ਸਖ਼ਤ ਨੋਟਿਸ

ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤੇ ਜਾਣ ਦਾ ਸਖ਼ਤ ਨੋਟਿਸ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਹੋਰ ਪੁਲੀਸ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ।
ਅੰਮ੍ਰਿਤਸਰ/ਬਿਊਰੋ ਨਿਊਜ਼ :
ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੁੱਚੀਆਂ ਪੰਥਕ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਨੂੰ ਹਦਾਇਤ ਕੀਤੀ ਹੈ ਕਿ ਗੁਰੂ ਸਾਹਿਬਾਨ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਵਾਲੇ ਵਿਰੁੱਧ ਆਈਪੀਸੀ ਦੀ ਧਾਰਾ 295 ਏ ਤਹਿਤ ਕੇਸ ਦਰਜ ਕਰਵਾਏ ਜਾਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਪੁਲੀਸ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਗੁਰੂ ਸਾਹਿਬਾਨ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਵਾਲੇ ਨਾਰਾਇਣ ਦਾਸ ਨਾਂ ਦੇ ਵਿਅਕਤੀ ਖ਼ਿਲਾਫ਼ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਇਹ ਮੰਗ ਪੱਤਰ ਪੁਲੀਸ ਕਮਿਸ਼ਨਰ ਦੇ ਨਾਂ ‘ਤੇ ਪੁਲੀਸ ਦੇ ਡਿਪਟੀ ਕਮਿਸ਼ਨਰ ਅਮਰੀਕ ਸਿੰਘ ਪੁਆਰ ਨੂੰ ਸੌਂਪਿਆ ਗਿਆ ਹੈ। ਇਸ ਮੰਗ ਪੱਤਰ ਵਿੱਚ ਉਨ੍ਹਾਂ ਆਖਿਆ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਦੀ ਪ੍ਰਮਾਣਿਕਤਾ ‘ਤੇ ਕਿੰਤੂ ਕਰਨ ਦਾ ਕਿਸੇ ਨੂੰ ਹੱਕ ਨਹੀਂ ਹੈ। ਉਨ੍ਹਾਂ ਆਖਿਆ ਕਿ ਨਾਰਾਇਣ ਦਾਸ ਨਾਂ ਦੇ ਇੱਕ ਵਿਅਕਤੀ ਵੱਲੋਂ ਵੀਡਿਓ ਰਾਹੀਂ ਗੁਰਬਾਣੀ ਅਤੇ ਗੁਰੂ ਅਰਜਨ ਦੇਵ ਜੀ ਬਾਰੇ ਗਲਤ ਬਿਆਨਬਾਜ਼ੀ ਕੀਤੀ ਗਈ ਹੈ। ਇਸ ਵਿਅਕਤੀ ਨੇ ਪੰਜਵੇਂ ਗੁਰੂ ‘ਤੇ ਭਗਤਾਂ ਦੀ ਬਾਣੀ ਬਦਲਣ ਦਾ ਦੋਸ਼ ਲਾਇਆ ਹੈ, ਜਿਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਅਜਿਹਾ ਕਰਕੇ ਸਿੱਖਾਂ ਅਤੇ ਭਗਤਾਂ ਦੇ ਪੈਰੋਕਾਰਾਂ ਵਿੱਚ ਗਲਤਫਹਿਮੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਡੀਸੀਪੀ ਨੂੰ ਮੰਗ ਪੱਤਰ ਦੇ ਕੇ ਨਰਾਇਣ ਦਾਸ ਖ਼ਿਲਾਫ਼ ਕੇਸ ਦਰਜ ਕਰਨ ਅਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮੰਗ ਪੱਤਰ ਦੇਣ ਵਾਲੇ ਵਫ਼ਦ ਵਿੱਚ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘਾ, ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਹੋਰ ਸ਼ਾਮਲ ਸਨ।