ਟਾਈਮ ਸੁਕੇਅਰ ਵਿਚ ਸਿੱਖਾਂ ਵਲੋਂ ਰਾਹੁਲ ਗਾਂਧੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਟਾਈਮ ਸੁਕੇਅਰ ਵਿਚ ਸਿੱਖਾਂ ਵਲੋਂ ਰਾਹੁਲ ਗਾਂਧੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਨਿਊਯਾਰਕ/ਬਿਊਰੋ ਨਿਊਜ਼ :
ਰਾਹੁਲ ਗਾਂਧੀ ਦੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਛੋਟੇ ਜਿਹੇ ਇਕੱਠ ਨੂੰ ਸੰਬੋਧਨ ਕਰਨ ਦੌਰਾਨ ਸੈਂਕੜੇ ਸਿੱਖਾਂ ਨੇ 1984 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਲਈ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਰਾਹੁਲ ਗਾਂਧੀ ਦੀ ਨਿਊਯਾਰਕ ਸਿਟੀ ਵਿਚ ਮੌਜੂਦਗੀ ਨੂੰ ਚੁਣੌਤੀ ਦੇਣ ਲਈ ਵੱਡੀ ਗਿਣਤੀ ਵਿਚ ਸਿੱਖ ਟਾਈਮ ਸਕੁਏਰ ਵਿਚ ਇਕੱਠੇ ਹੋਏ ਜਿਨ੍ਹਾਂ ਦੇ ਹੱਥਾਂ ਵਿਚ ਤਖ਼ਤੀਆਂ ਫੜੀਆਂ ਸਨ ਜਿਨ੍ਹਾਂ ‘ਤੇ ਲਿਖਿਆ ਸੀ ‘ਕਾਂਗਰਸ ਪਾਰਟੀ 1984 ਨਸਲਕੁਸ਼ੀ ਦੀ ਦੋਸ਼ੀ ਹੈ’ ਅਤੇ ‘ਨਸਲਕੁਸ਼ੀ ਦੇ ਸਮਰਥਕ ਰਾਹੁਲ ਗਾਂਧੀ ਲਈ ਅਮਰੀਕਾ ਵਿਚ ਕੋਈ ਥਾਂ ਨਹੀਂ’ ਦੇ ਨਾਅਰੇ ਲਗਾ ਰਹੇ ਸਨ।
ਸਿੱਖ ਅਧਿਕਾਰ ਸੰਸਥਾ ਸਿੱਖਸ ਫਾਰ ਜਸਟਿਸ ਦੇ ਕੋਆਰਡੀਨੇਟਰ ਅਵਤਾਰ ਸਿੰਘ ਪੰਨੂ ਨੇ ਕਿਹਾ ਕਿ 1984 ਸਿੱਖ ਨਸਲਕੁਸ਼ੀ ਕਰਨ ਅਤੇ ਇਸ ਦੇ ਦੋਸ਼ੀਆਂ ਨੂੰ ਬਚਾਉਣ ਲਈ ਰਾਹੁਲ ਤੇ ਕਾਂਗਰਸ ਦੇ ਹੋਰ ਲੀਡਰਾਂ ਦਾ ਉਤਰੀ ਅਮਰੀਕਾ ਵਿਚ ਪਿਛਾ ਕਰਨਾ ਜਾਰੀ ਰਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਨਿਆਂ ਪ੍ਰਣਾਲੀ ਸਿੱਖਾਂ ਨੂੰ ਇਨਸਾਫ਼ ਦਿਵਾਉਣ ਵਿਚ ਨਾਕਾਮ ਰਹੀ ਹੈ। ਹਜ਼ਾਰਾਂ ਦੀ ਗਿਣਤੀ ਵਿਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ ਤੇ 33 ਸਾਲ ਬਾਅਦ ਵੀ ਇਕ ਵੀ ਕਾਂਗਰਸੀ ਲੀਡਰ ਨੂੰ ਦੋਸ਼ੀ ਨਹੀਂ ਠਹਿਰਾਇਆ ਗਿਆ ਹੈ। ਰਾਹੁਲ ਗਾਂਧੀ ਹੁਣ ਉਸ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੀ ਅਗਵਾਈ ਕਰ ਰਿਹਾ ਹੈ, ਜਿਸ ਨੇ ਨਵੰਬਰ 1984 ਵਿਚ ਸਮੁੱਚੇ ਭਾਰਤ ਵਿਚ ਸਿੱਖ ਭਾਈਚਾਰੇ ਖ਼ਿਲਾਫ਼ ਨਸਲਕੁਸ਼ੀ ਹਿੰਸਾ ਕਰਵਾਈ ਤੇ ਦੋਸ਼ੀਆਂ ਨੂੰ ਪਨਾਹ ਦਿੱਤੀ। ਸਮੁੱਚੇ ਭਾਰਤ ਵਿਚ ਸਿੱਖਾਂ ਤੇ ਉਨ੍ਹਾਂ ਦੇ ਘਰਾਂ, ਵਪਾਰ, ਜਾਇਦਾਦਾਂ ਅਤੇ ਧਾਰਮਿਕ ਸਥਾਨਾਂ ‘ਤੇ ਇਹ ਹਮਲੇ ਬੜੀ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤੇ ਗਏ ਸਨ ਜਿਸ ਵਿਚ 30,000 ਤੋਂ ਵੱਧ ਸਿੱਖਾਂ ਨੂੰ ਜਿਊਂਦੇ ਸਾੜ ਦਿੱਤਾ ਗਿਆ ਸੀ, ਹਜ਼ਾਰਾਂ ਸਿੱਖ ਔਰਤਾਂ ਨਾਲ ਬਲਾਤਕਾਰ ਕੀਤਾ ਗਿਆ, ਸੈਂਕੜੇ ਗੁਰਦੁਆਰੇ ਸਾੜ ਦਿੱਤੇ ਗਏ ਅਤੇ 300,000 ਸਿੱਖ ਪਰਿਵਾਰਾਂ ਨੂੰ ਉਜਾੜ ਦਿੱਤਾ ਗਿਆ ਤੇ ਇਸ ਹਿੰਸਾ ਵਿਚ 30 ਲੱਖ ਤੋਂ ਵੱਧ ਸਿੱਖ ਪ੍ਰਭਾਵਿਤ ਹੋਏ ਸਨ।
ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਅਟਾਰਨੀ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਰਾਹੁਲ ਗਾਂਧੀ ਆਪਣੇ ਆਪ ਨੂੰ ਇਕ ਸੈਕੂਲਰ ਪਾਰਟੀ ਲੀਡਰ ਅਤੇ ਮੋਦੀ ਦੇ ਧਾਰਮਿਕ ਕੱਟੜਵਾਦ ਦੇ ਬਦਲ ਵਜੋਂ ਪੇਸ਼ ਕਰਨ ਦੀ ਕੋਸ਼ਿਸ ਕਰ ਰਿਹਾ ਹੈ ਪਰ 1984 ਦੀ ਸਿੱਖ ਵਿਰੋਧੀ ਹਿੰਸਾ ਇਹ ਸਾਬਤ ਕਰਦੀ ਹੈ ਕਿ ਧਾਰਮਿਕ ਘੱਟਗਿਣਤੀਆਂ ਖ਼ਿਲਾਫ਼ ਹਿੰਸਾ ਦੇ ਮਾਮਲੇ ਵਿਚ ਕਾਂਗਰਸ ਪਾਰਟੀ ਭਾਜਪਾ ਨਾਲੋਂ ਵੱਖਰੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਅਸਲ ਵਿਚ ਕਾਂਗਰਸ ਦੀ ਪਾੜੋ ਤੇ ਰਾਜ ਕਰੋ ਦੀ ਨੀਤੀ ਹੀ ਸਿੱਖਾਂ, ਮੁਸਲਮਾਨਾਂ ਅਤੇ ਇਸਾਈਆਂ ਖ਼ਿਲਾਫ਼ ਲਗਾਤਾਰ ਹੋ ਰਹੀ ਹਿੰਸਾ ਦੀ ਪ੍ਰਮੁੱਖ ਜੜ ਹੈ। ਉਨ੍ਹਾਂ ਕਿਹਾ ਕਿ ਨਿਆਂਪਾਲਿਕਾ ਦੀ ਨਾਕਾਮੀ ਅਤੇ ਸਿੱਖਾਂ ਖ਼ਿਲਾਫ਼ ਨਿਸ਼ਾਨਾ ਬਣਾ ਕੇ ਕੀਤੀ ਗਈ ਹਿੰਸਾ ਕਾਰਨ ਪੰਜਾਬ ਦੀ ਆਜ਼ਾਦੀ ਦੀ ਮੰਗ ਉਠੀ ਹੈ। ਰਾਹੁਲ ਗਾਂਧੀ ਖ਼ਿਲਾਫ਼ ਇਹ ਰੈਲੀ ਅਧਿਕਾਰ ਸੰਸਥਾ ਸਿੱਖਸ ਫਾਰ ਜਸਟਿਸ, ਈਸਟ ਕੋਸਟ ਕੋਆਰਡੀਨੇਸ਼ਨ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ.ਐਸ.ਏ., ਸਿੱਖ ਯੂਥ ਆਫ ਅਮਰੀਕਾ, ਦੋਆਬਾ ਸਿੱਖ ਐਸੋਸੀਏਸ਼ਨ ਵਲੋਂ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਦੇ ਸਹਿਯੋਗ ਨਾਲ ਕਰਵਾਈ ਗਈ ਸੀ।