ਕੀ ਮਿਲੇਗਾ 1986 ਸਾਕਾ ਨਕੋਦਰ ਬੇਅਦਬੀ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ?
ਪੰਜਾਬ ਵਿਧਾਨ ਸਭਾ ਵਿੱਚ ਚਾਰ ਸਿੱਖ ਨੌਜਵਨਾਂ ਨੂੰ ਸ਼ਰਧਾਂਜਲੀਆਂ
ਅੰਮ੍ਰਿਤਸਰ ਟਾਈਮਜ਼ ਬਿਊਰੋ
ਅੰਮ੍ਰਿਤਸਰ: ਨਕੋਦਰ ਵਿੱਚ ਅੱਜ ਤੋਂ ਸੈਂਤੀ ਵਰ੍ਹੇ ਪਹਿਲਾਂ ਵਾਪਰੇ ਸਾਕਾ ਨਕੋਦਰ ਦੇ ਸ਼ਹੀਦਾਂ ਨੂੰ ਵਿਧਾਨ ਸਭਾ ਵਿੱਚ ਸ਼ਰਧਾਂਜਲੀ ਭੇਂਟ ਕਰਨ ਲਈ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਸ਼ਹੀਦ ਸਿੰਘਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਚਲੂਪਰ,ਭਾਈ ਝਿਲਮਣ ਸਿੰਘ ਗੋਰਸੀਆਂ ਅਤੇ ਭਾਈ ਬਲਧੀਰ ਸਿੰਘ ਰਾਮਗੜ੍ਹ ਦੇ ਨਾਮ ਲੈ ਕੇ ਸਪੀਕਰ ਨੂੰ ਬੇਨਤੀ ਕੀਤੀ ਗਈ ਤਾਂ ਮੁੱਖ ਮੰਤਰੀ, ਸਪੀਕਰ ਤੇ ਸਮੁੱਚੇ ਹਾਊਸ ਨੇ ਖੜ੍ਹੇ ਹੋ ਕੇ ਇਨ੍ਹਾਂ ਚਾਰੇ ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਂਟ ਕੀਤੇ। ਸ਼ਹੀਦ ਸਿੰਘਾਂ ਨੂੰ ਵਿਧਾਨ ਸਭਾ ਵਿੱਚ ਸ਼ਰਧਾਂਜਲੀ ਦੇਣ ਨਾਲ ਜਲੰਧਰ ਪਾਰਲੀਮਾਨੀ ਉਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਘੇਰਾਬੰਦੀ ਦੇ ਅਸਾਰ ਵੱਧ ਗਏ ਹਨ।
ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਜੀ ਦੇ ਪਿਤਾ ਬਾਪੂ ਬਲਦੇਵ ਸਿੰਘ ਜੀ ਨੇ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਪੁਲਿਸ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਨੌਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕੀਤੀ ਕਾਰਵਾਈ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਸਾਕਾ ਨਕੋਦਰ ਸਬੰਧੀ ਜਸਟਿਸ ਗੁਰਨਾਮ ਸਿੰਘ ਰਿਪੋਰਟ ਬਿਨਾ ਕਿਸੇ ਦੇਰੀ ਦੇ ਵਿਧਾਨ ਸਭਾ ਵਿੱਚ ਪੇਸ਼ ਕਰਕੇ, ਇਸ ਤੇ ਚਰਚਾ ਕਰਵਾ ਇਸ ਸਬੰਧੀ ਐਕਸ਼ਨ ਰਿਪੋਰਟ ਜਾਰੀ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੁਆਰਾ 22 ਸਤੰਬਰ, 2022 ਨੂੰ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮੌਜੂਦਾ ਸਰਕਾਰ ਇੱਕ ਐਸ ਆਈ ਟੀ ਦਾ ਗਠਨ ਕਰਕੇ ਪਤਾ ਲਗਾਵੇ ਕਿ ਜਸਟਿਸ ਗੁਰਨਾਮ ਸਿੰਘ ਜਾਂਚ ਰਿਪੋਰਟ ਦਾ ਦੂਸਰਾ ਹਿੱਸਾ ਕਿਵੇਂ, ਕਿਸਨੇ ਤੇ ਕਦੋਂ ਗਾਇਬ ਕਰਵਾਇਆ।
Comments (0)