ਇਸ ਵਾਰ ਵਿਧਾਨ ਸਭਾ ਚੋਣਾਂ ਲਈ ਲਿਆਂਦੇ ਜਾਣਗੇ ਨਵੇਂ ਚਿਹਰੇ : ਢੀਂਡਸਾ

ਇਸ ਵਾਰ ਵਿਧਾਨ ਸਭਾ ਚੋਣਾਂ ਲਈ ਲਿਆਂਦੇ ਜਾਣਗੇ ਨਵੇਂ ਚਿਹਰੇ : ਢੀਂਡਸਾ

ਉਮੀਦਵਾਰਾਂ ਦੀ ਪਹਿਲੀ ਸੂਚੀ ਅਗਲੇ ਹਫ਼ਤੇ ਹੋਵੇਗੀ ਜਾਰੀ
ਸੰਗਰੂਰ/ਬਿਊਰੋ ਨਿਊਜ਼ :
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਲਈ ਕੁਝ ਨਵੇਂ ਚਿਹਰੇ ਲਿਆਂਦੇ ਜਾਣਗੇ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਾਜਪਾ ਨਾਲ ਰਲ ਕੇ ਲਗਾਤਾਰ ਤੀਸਰੀ ਵਾਰ ਸਰਕਾਰ ਬਣਾਈ ਜਾਵੇਗੀ। ਸ. ਢੀਂਡਸਾ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿਚ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਵਿਚੋਂ 95 ਪ੍ਰਤੀਸ਼ਤ ਪੂਰੇ ਹੋ ਚੁੱਕੇ ਹਨ। ਸ. ਢੀਂਡਸਾ ਨੇ ਕਿਹਾ ਕਿ ਇਕ ਪਾਸੇ ਅਕਾਲੀ ਦਲ ਹੈ ਜਿਸ ਵੱਲੋਂ ਕੀਤੇ ਵਾਅਦੇ ਪੂਰੇ ਕੀਤੇ ਜਾਂਦੇ ਹਨ ਅਤੇ ਦੂਜੇ ਪਾਸੇ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਹੈ, ਜਿਸ ਵੱਲੋਂ ਦਿੱਲੀ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ ਗਿਆ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਅਗਲੇ ਹਫ਼ਤੇ ਜਾਰੀ ਕਰ ਦਿੱਤੀ ਜਾਵੇਗੀ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਸ. ਰਜਿੰਦਰ ਸਿੰਘ ਕਾਂਝਲਾ, ਜ਼ਿਲ੍ਹਾ ਪ੍ਰਧਾਨ ਸ. ਤੇਜਾ ਸਿੰਘ ਕਮਾਲਪੁਰ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸ. ਜਸਵਿੰਦਰ ਸਿੰਘ ਪ੍ਰਿੰਸ, ਚਮਨਦੀਪ ਸਿੰਘ ਮਿਲਖੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਬੀਬੀ ਪਰਮਜੀਤ ਕੌਰ ਵਿਰਕ, ਸ਼ਹਿਰੀ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਢੀਂਗਰਾ, ਹਰਜਿੰਦਰ ਸਿੰਘ ਸਿੱਧੂ ਐਡਵੋਕੇਟ, ਹਰਬੰਸ ਸਿੰਘ ਗਰਚਾ, ਕੇਵਲ ਸਿੰਘ ਜਲਾਨ, ਮੋਤੀ ਲਾਲ, ਪ੍ਰੀਤਮ ਸਿੰਘ ਜੌਹਲ, ਗੁਰਮੀਤ ਸਿੰਘ ਜੌਹਲ, ਸੰਦੀਪ ਦਾਨੀਆ, ਜਸਵਿੰਦਰ ਸਿੰਘ ਖ਼ਾਲਸਾ ਵੀ ਮੌਜੂਦ ਸਨ।