ਸਰਹੱਦੀ ਜ਼ਿਲ੍ਹਿਆਂ ਦੇ ਪਿੰਡ ਖਾਲੀ ਕਰਵਾਏ
ਚੰਡੀਗੜ੍ਹ/ਬਿਊਰੋ ਨਿਊਜ਼ :
ਪੰਜਾਬ ਸਰਕਾਰ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਵਾਪਰ ਰਹੀਆਂ ਘਟਨਾਵਾਂ ਨੂੰ ਦੇਖਦਿਆਂ 6 ਸਰਹੱਦੀ ਜ਼ਿਲ੍ਹਿਆਂ ਵਿਚਲੇ 987 ਪਿੰਡ ਹੰਗਾਮੀ ਹਾਲਤ ਵਿੱਚ ਖਾਲ੍ਹੀ ਕਰਵਾ ਲਏ ਗਏ ਹਨ। ਇਹ ਕਦਮ ਬੀਤੀ ਰਾਤ ਭਾਰਤੀ ਫੌਜ ਵੱਲੋਂ ਕਸ਼ਮੀਰ ਵਿੱਚ ਸਰਹੱਦ ਪਾਰ ਅਤਿਵਾਦੀਆਂ ਵਿਰੁੱਧ ਕਾਰਵਾਈ ਕਰਨ ਤੋਂ ਬਾਅਦ ਪਾਕਿਸਤਾਨ ਵੱਲੋਂ ਕਿਸੇ ਤਰ੍ਹਾਂ ਦੀ ਕਾਰਵਾਈ ਕੀਤੇ ਜਾਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਹਿਲਾਂ ਸਵੇਰੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਫੋਨ ‘ਤੇ ਸਮੁੱਚੀ ਸਥਿਤੀ ਦੀ ਜਾਣਕਾਰੀ ਲਈ ਅਤੇ ਭਾਰਤ ਸਰਕਾਰ ਦੇ ਹੁਕਮਾਂ ‘ਤੇ ਪਿੰਡ ਖਾਲੀ ਕਰਨ ਦੇ ਆਦੇਸ਼ ਦਿੱਤੇ। ਇਸ ਤਹਿਤ ਫਿਰੋਜ਼ਪੁਰ ਦੇ 300, ਗੁਰਦਾਸਪੁਰ ਦੇ 290, ਅੰਮ੍ਰਿਤਸਰ ਦੇ 137, ਤਰਨਤਾਰਨ ਦੇ 135, ਫਾਜ਼ਿਲਕਾ ਦੇ 60 ਅਤੇ ਪਠਾਨਕੋਟ ਦੇ 65 ਪਿੰਡ ਖਾਲੀ ਕਰਨ ਲਈ ਕਿਹਾ ਗਿਆ ਹੈ। ਸ੍ਰੀ ਬਾਦਲ ਨੇ ਪਹਿਲਾਂ ਸਮੂਹ ਅਧਿਕਾਰੀਆਂ ਦੀ ਮੀਟਿੰਗ ਕਰਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੁੱਖ ਅਧਿਕਾਰੀਆ੬ ਨੂੰ ਸਬੰਧਤ ਜ਼ਿਲ੍ਹਿਆਂ ਵਿਚ ਮੋਰਚੇ ਸਾਂਭਣ ਦੇ ਆਦੇਸ਼ ਦਿੱਤੇ।
ਸ੍ਰੀ ਬਾਦਲ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਨੂੰ ਕੌਮਾਂਤਰੀ ਸਰਹੱਦ ਦੀ 10 ਕਿਲੋਮੀਟਰ ਦੀ ਪੱਟੀ ਵਿੱਚ ਪੈਂਦੇ ਪਿੰਡ ਖਾਲੀ ਕਰਵਾਉਣ ਲਈ ਕਿਹਾ ਸੀ। ਉਨ੍ਹਾਂ ਮੀਟਿੰਗ ਦੌਰਾਨ ਮੁੱਖ ਸਕੱਤਰ ਤੇ ਡੀਜੀਪੀ ਨੂੰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ 10 ਕਿਲੋਮੀਟਰ ਦੇ ਘੇਰੇ ਦੇ ਇਲਾਕੇ ਖਾਲੀ ਕਰਵਾਉਣ ਦੀ ਪ੍ਰਕਿਰਿਆ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕੈਂਪ ਸਥਾਪਤ ਕਰਨ ਲਈ ਢੁੱਕਵੀਆਂ ਥਾਵਾਂ ਦੀ ਸ਼ਨਾਖਤ ਕਰਨ ਲਈ ਆਖਿਆ ਹੈ ਅਤੇ ਕਿਹਾ ਹੈ ਕਿ ਖਾਲੀ ਕਰਵਾਏ ਜਾਣ ਵਾਲੇ ਇਲਾਕੇ ਦੇ ਕਿਸੇ ਵੀ ਬਸ਼ਿੰਦੇ ਨੂੰ ਅਸੁਵਿਧਾ ਅਤੇ ਮੁਸ਼ਕਲ ਨਹੀਂ ਆਉਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਸਬੰਧਤ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਵੀ ਨਿੱਜੀ ਤੌਰ ‘ਤੇ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਸਰਹੱਦੀ ਜ਼ਿਲ੍ਹਿਆਂ ਦੇ ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਹੀ ਰਹਿਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਤਾਲਮੇਲ ਬਣਾ ਕੇ ਰੱਖਣ ਲਈ ਆਖਿਆ। ਉਨ੍ਹਾਂ ਮੌਜੂਦਾ ਹਾਲਤ ਨਾਲ ਨਜਿੱਠਣ ਲਈ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇੱਕ-ਇੱਕ ਕਰੋੜ ਰੁਪਏ ਜਾਰੀ ਕਰਨ ਦੇ ਆਦੇਸ਼ ਵੀ ਦਿੱਤੇ ਹਨ।
ਮੁੱਖ ਮੰਤਰੀ ਨੇ ਸਰਹੱਦ ‘ਤੇ ਪੈਦਾ ਹੋਈ ਸਥਿਤੀ ਅਤੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਹਦਾਇਤ ਦਾ ਜਾਇਜ਼ਾ ਲੈਣ ਲਈ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਵੀ ਸੱਦੀ। ਮੰਤਰੀ ਮੰਡਲ ਨੇ ਮਤਾ ਪਾਸ ਕਰਕੇ ਭਾਰਤੀ ਫੌਜ ਵੱਲੋਂ ਕੀਤੀ ਕਾਰਵਾਈ ਦੀ ਸ਼ਲਾਘਾ ਕੀਤੀ। ਮੀਟਿੰਗ ਤੋਂ ਬਾਅਦ ਸ੍ਰੀ ਬਾਦਲ ਨੇ ਕਿਹਾ ਕਿ ਸਟੇਟ ਡਿਜ਼ਾਸਟਰ ਰਿਸਪੌਂਸ ਕਮੇਟੀ ਨੂੰ ਵੀ ਸਰਗਰਮ ਕਰ ਦਿੱਤਾ ਹੈ।
ਉਨ੍ਹਾਂ ਸਪਸ਼ਟ ਕੀਤਾ ਕਿ ਲੰਘੀ ਰਾਤ ਹੋਈ ਫੌਜੀ ਕਾਰਵਾਈ ਦੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਸੀ। ਵਧੀਕ ਮੁੱਖ ਸਕੱਤਰ ਗ੍ਰਹਿ ਅਤੇ ਏਡੀਜੀਪੀ ਅਮਨ ਤੇ ਕਾਨੂੰਨ ਨੂੰ ਅੰਮ੍ਰਿਤਸਰ ਵਿੱਚ ਸਮੁੱਚੇ ਹਾਲਾਤ ‘ਤੇ ਨਜ਼ਰ ਰੱਖਣ ਲਈ ਤਾਇਨਾਤ ਕਰ ਦਿੱਤਾ ਹੈ। ਇਨ੍ਹਾਂ ਜ਼ਿਲ੍ਹਿਆਂ ਦੀ ਸਰਹੱਦ ਦੇ 10 ਕਿਲੋਮੀਟਰ ਦੇ ਘੇਰੇ ਵਿੱਚ ਆਉਂਦੇ ਸਾਰੇ ਸਕੂਲ ਬੰਦ ਕਰ ਦਿੱਤੇ ਹਨ ਅਤੇ ਅਧਿਕਾਰੀਆਂ ਤੇ ਹੋਰ ਸਬੰਧਤ ਅਮਲੇ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਸ੍ਰੀ ਬਾਦਲ ਨੇ ਕਿਹਾ ਕਿ ਫਿਲਹਾਲ ਪਾਕਿਸਤਾਨ ਵੱਲੋਂ ਕੋਈ ਹਰਕਤ ਕਰਨ ਦਾ ਸਰਕਾਰ ਨੂੰ ਕੋਈ ਅਲਰਟ ਨਹੀਂ ਮਿਲਿਆ ਹੈ। ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੇ ਦੱਸਿਆ ਕਿ ਪਿੰਡਾਂ ਦੇ ਲੋਕ ਆਪਣੇ ਰਿਸ਼ਤੇਦਾਰਾਂ ਤੇ ਨਜ਼ਦੀਕੀਆਂ ਕੋਲ ਵੀ ਸ਼ਰਨ ਲੈ ਰਹੇ ਹਨ। ਹਰੇਕ ਸਬੰਧਤ ਜ਼ਿਲ੍ਹੇ ਵਿੱਚ 6-6 ਸੀਨੀਅਰ ਆਈਏਐਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਸਮੁੱਚੇ ਹਾਲਾਤ ‘ਤੇ ਨਜ਼ਰ ਰੱਖਣਗੇ।
ਪੰਜਾਬ ਸਰਕਾਰ ਨੇ ਪ੍ਰਭਾਵਿਤ ਪਿੰਡਾਂ ਵਿੱਚ ਨਜ਼ਰ ਰੱਖਣ ਲਈ ਸੀਨੀਅਰ ਆਈਏਐਸ ਅਧਿਕਾਰੀ ਤਾਇਨਾਤ ਕੀਤੇ ਹਨ। ਐਨਆਰਆਈ ਮਾਮਲਿਆਂ ਬਾਰੇ ਪ੍ਰਿੰਸੀਪਲ ਸਕੱਤਰ ਸੰਜੈ ਕੁਮਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ, ਪ੍ਰਿੰਸੀਪਲ ਸਕੱਤਰ (ਪਾਵਰ) ਏ ਵੇਣੂ ਪ੍ਰਸਾਦ ਨੂੰ ਫਾਜ਼ਿਲਕਾ, ਪ੍ਰਿੰਸੀਪਲ ਸਕੱਤਰ (ਯੋਜਨਾ) ਐੱਸਆਰ ਲੱਧੜ ਨੂੰ ਪਠਾਨਕੋਟ, ਵਿਜੀਲੈ੬ਸ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੂੰ ਗੁਰਦਾਸਪੁਰ, ਸਿੰਜਾਈ ਸਕੱਤਰ ਕੇਐੱਸ ਪੰਨੂ ਨੂੰ ਅੰਮ੍ਰਿਤਸਰ ਅਤੇ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਐੱਚਐੱਸ ਨੰਦਾ ਨੂੰ ਤਰਨ ਤਾਰਨ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਗਿਆ ਹੈ।
Comments (0)