ਹਮਲੇ ‘ਚ ਜ਼ਖ਼ਮੀ ਹੋਏ ਸਿੱਖ ਆਗੂ ਜੋਗਾ ਸਿੰਘ ਖਾਲਿਸਤਾਨੀ ਦੀ ਮੌਤ
ਲੁਧਿਆਣਾ/ਬਿਊਰੋ ਨਿਊਜ਼:
ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਚੂਹੜਪੁਰ ਰੋਡ ‘ਤੇ ਪਿੰਡ ਬੱਲੋਕੇ ਨੇੜੇ ਬੀਤੀ 30 ਜੂਨ ਨੂੰ ਹਮਲਾਵਰਾਂ ਵੱਲੋਂ ਕੀਤੇ ਹਮਲੇ ਵਿਚ ਜ਼ਖਮੀ ਹੋਏ ਸਿੱਖ ਆਗੂ ਜੋਗਾ ਸਿੰਘ ਖਾਲਿਸਤਾਨੀ ਦੀ ਵੀਰਵਾਰ ਨੂੰ ਦਿਆਨੰਦ ਹਸਪਤਾਲ ਵਿਚ ਮੌਤ ਹੋ ਗਈ। ਪੁਲੀਸ ਨੇ ਇਸ ਮਾਮਲੇ ਵਿਚ ਜ਼ਖਮੀ ਹੋਏ ਸੁਖਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਕਥਾ ਵਾਚਕ ਭਾਈ ਸੰਦੀਪ ਸਿੰਘ ਸਮੇਤ 9 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ। ਇਸ ਹਮਲੇ ਤੋਂ ਕੁਝ ਦਿਨ ਪਹਿਲਾਂ 12 ਜੂਨ ਨੂੰ ਵਿਸ਼ਵਕਰਮਾ ਕਾਲੋਨੀ ਸਥਿਤ ਗੁਰਦੁਆਰਾ ਸਾਹਿਬ ਦੀ ਕਮੇਟੀ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚ ਭਾਈ ਸੰਦੀਪ ਦੀ ਕੁਝ ਲੋਕਾਂ ਵੱਲੋਂ ਖਿੱਚਧੂਹ ਕੀਤੀ ਗਈ ਸੀ। ਇਸ ਮਾਮਲੇ ਵਿਚ ਪੁਲੀਸ ਵੱਲੋਂ ਜੋਗਾ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ, ਜਿਸ ਕਾਰਨ ਸੰਦੀਪ ਸਿੰਘ ਅਤੇ ਜੋਗਾ ਸਿੰਘ ਵਿਚਾਲੇ ਰੰਜਿਸ਼ ਚੱਲ ਰਹੀ ਸੀ । ਇਸ ਘਟਨਾ ਤੋਂ 18 ਦਿਨ ਬਾਅਦ ਜੋਗਾ ਸਿੰਘ ‘ਤੇ ਹਮਲਾਵਰਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿਚ ਜੋਗਾ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਸੀ ਜਿਸ ਕਾਰਨ ਉਹ ਘਟਨਾ ਵਾਲੇ ਦਿਨ ਤੋਂ ਹੀ ਨੀਮ ਬੇਹੋਸ਼ੀ ਦੀ ਹਾਲਤ ਵਿਚ ਸਨ। ਵੀਰਵਾਰ ਦੁਪਹਿਰ ਬਾਅਦ ਉਨ੍ਹਾਂ ਦੀ ਹਾਲਤ ਅਚਾਨਕ ਵਿਗੜ ਗਈ ਤੇ ਉਨ੍ਹਾਂ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਜ਼ਿਲ੍ਹੇ ਦੇ ਉਚ ਪੁਲੀਸ ਅਧਿਕਾਰੀ ਮੌਕੇ ‘ਤੇ ਪਹੁੰਚੇ।
ਜਾਂਚ ਕਰ ਰਹੇ ਅਧਿਕਾਰੀ ਬਲਦੇਵ ਰਾਜ ਨੇ ਦੱਸਿਆ ਕਿ ਇਸ ਮਾਮਲੇ ਵਿਚ ਨਾਮਜ਼ਦ ਸੰਦੀਪ ਸਿੰਘ ਦੀ ਗ੍ਰਿਫਤਾਰੀ ਲਈ ਕਈ ਥਾਵਾਂ ‘ਤੇ ਛਾਪੇ ਮਾਰੇ ਗਏ, ਪਰ ਉਹ ਪੁਲੀਸ ਦੇ ਹੱਥ ਨਹੀਂ ਆਇਆ। ਸਥਾਨਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸੰਦੀਪ ਸਿੰਘ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ ਪਰ ਬਾਅਦ ਵਿਚ ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਪ੍ਰਵਾਨ ਕਰ ਲਈ ਸੀ। ਪੁਲੀਸ ਵੱਲੋਂ ਜੋਗਾ ਸਿੰਘ ਦੀ ਮੌਤ ਤੋਂ ਬਾਅਦ ਇਸ ਮਾਮਲੇ ਵਿਚ ਧਾਰਾ 302 ਦਾ ਵਾਧਾ ਕੀਤਾ ਜਾ ਰਿਹਾ ਹੈ। ਪੁਲੀਸ ਨੇ ਇਸ ਮਾਮਲੇ ਵਿਚ ਨਾਮਜ਼ਦ ਕਥਿਤ ਦੋਸ਼ੀਆਂ ਵਿਚੋਂ 5 ਨੂੰ ਗ੍ਰਿਫਤਾਰ ਕਰ ਲਿਆ ਸੀ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਸਸਕਾਰ ਨਹੀਂ ਕਰਾਂਗੇ।
Comments (0)