ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ/ਬਿਊਰੋ ਨਿਊਜ਼ :
ਇੱਥੇ ਗੁਰੂ ਰਾਮਦਾਸ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਅੰਮ੍ਰਿਤ ਵੇਲੇ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ। ਸ਼ਾਮ ਨੂੰ ਰਹਿਰਾਸ ਮਗਰੋਂ ਆਤਿਸ਼ਬਾਜ਼ੀ ਕੀਤੀ ਗਈ ਅਤੇ ਸਮੂਹ ਇਮਾਰਤਾਂ ‘ਤੇ ਦੀਪਮਾਲਾ ਕੀਤੀ ਗਈ।
ਇਸ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਵੇਰੇ 8.30 ਤੋਂ ਦੁਪਹਿਰ 12 ਵਜੇ ਤਕ ਸੁੰਦਰ ਜਲੌਅ ਸਜਾਏ ਗਏ। ਇਸ ਦੌਰਾਨ ਮੁੰਬਈ ਤੋਂ ਆਈ ਸਿੱਖ ਸੰਗਤ ਵੱਲੋਂ ਕੋਲਕਾਤਾ ਤੋਂ ਸੱਦੇ ਕਾਰੀਗਰਾਂ ਦੀ ਮਦਦ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਉਪਰੰਤ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਕੀਰਤਨ ਕੀਤਾ।
ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਸੰਗਤਾਂ ਵਾਸਤੇ ਵਿਸ਼ੇਸ਼ ਪਕਵਾਨ ਤਿਆਰ ਕੀਤੇ ਗਏ ਸਨ। ਸ਼ਹਿਰ ਵਿੱਚ ਵੱਖ ਵੱਖ ਥਾਵਾਂ ‘ਤੇ ਵੀ ਲੰਗਰ ਲਾਏ ਗਏ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਨੇ ਦੱਸਿਆ ਕਿ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪੁੱਜੀ। ਜ਼ਿਕਰਯੋਗ ਹੈ ਕਿ ਅਕਾਲੀ ਸਰਕਾਰ ਵੱਲੋਂ ਵੱਖ ਵੱਖ ਮੌਕਿਆਂ ‘ਤੇ ਵੱਡੇ ਇਸ਼ਤਿਹਾਰਾਂ ਰਾਹੀਂ ਗੁਰਪੁਰਬ ਤੇ ਹੋਰ ਤਿਉਹਾਰਾਂ ਦੀ ਸੰਗਤ ਨੂੰ ਵਧਾਈ ਦਿੱਤੀ ਜਾਂਦੀ ਹੈ ਪਰ ਇਸ ਸਬੰਧੀ ਕੁਝ ਵੀ ਨਹੀਂ ਕੀਤਾ ਗਿਆ। ਸ਼ਹਿਰ ਦੀਆਂ ਪ੍ਰਮੁੱਖ ਇਮਾਰਤਾਂ ਜੋ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰਬੰਧ ਹੇਠ ਹਨ, ‘ਤੇ ਵੀ ਦੀਪਮਾਲਾ ਨਹੀਂ ਸੀ ਜਦਕਿ ਅੰਮ੍ਰਿਤਸਰ ਦੇ ਬਾਨੀ ਦਾ ਜਨਮ ਦਿਹਾੜਾ ਸਮੁੱਚੇ ਤੌਰ ‘ਤੇ ਮਨਾਇਆ ਜਾਣਾ ਚਾਹੀਦਾ ਸੀ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਨੇ ਆਖਿਆ ਕਿ ਭਵਿੱਖ ਵਿੱਚ ਪ੍ਰਕਾਸ਼ ਪੁਰਬ ਮੌਕੇ ਨਗਰ ਨਿਗਮ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪਹਿਲਾਂ ਮੀਟਿੰਗ ਕਰ ਕੇ ਪ੍ਰਬੰਧ ਕੀਤੇ ਜਾਣਗੇ।