ਫਰਵਰੀ-ਮਾਰਚ ਵਿਚ ਹੋ ਸਕਦੀਆਂ ਹਨ ਪੰਜਾਬ ਵਿਧਾਨ ਸਭਾ ਚੋਣਾਂ

ਫਰਵਰੀ-ਮਾਰਚ ਵਿਚ ਹੋ ਸਕਦੀਆਂ ਹਨ ਪੰਜਾਬ ਵਿਧਾਨ ਸਭਾ ਚੋਣਾਂ

ਨਵੀਂ ਦਿੱਲੀ/ਬਿਊਰੋ ਨਿਊਜ਼ :
ਪੰਜਾਬ ਤੇ ਉੱਤਰ ਪ੍ਰਦੇਸ਼ ਸਣੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਗਲੇ ਸਾਲ ਪਹਿਲੀ ਫਰਵਰੀ ਨੂੰ ਕੇਂਦਰੀ ਬਜਟ ਪੇਸ਼ ਹੋਣ ਤੋਂ ਫੌਰੀ ਬਾਅਦ ਫਰਵਰੀ-ਮਾਰਚ ਮਹੀਨੇ ਇਕੋ ਸਮੇਂ ਕਰਵਾਏ ਜਾਣ ਦੀ ਸੰਭਾਵਨਾ ਹੈ। ਚੋਣ ਕਮਿਸ਼ਨ ਵਿਚਲੇ ਸੂਤਰਾਂ ਨੇ ਕਿਹਾ ਕਿ ਪੰਜਾਬ, ਗੋਆ, ਉੱਤਰਾਖੰਡ ਤੇ ਮਨੀਪੁਰ ਵਿੱਚ ਇਕੋ ਦਿਨ ਵੋਟਾਂ ਪੈਣਗੀਆਂ, ਜਦੋਂ ਕਿ ਉੱਤਰ ਪ੍ਰਦੇਸ਼ ਵਿੱਚ ਚੋਣ ਅਮਲ ਸੱਤ ਗੇੜਾਂ ਦੌਰਾਨ ਨੇਪਰੇ ਚੜ੍ਹਨ ਦੀ ਆਸ ਹੈ।
ਪੰਜਾਬ ਵਿੱਚ ਲਗਾਤਾਰ ਦੋ ਵਾਰ ਤੋਂ ਸੱਤਾ ਵਿੱਚ ਚੱਲ ਰਹੇ ਅਕਾਲੀ-ਭਾਜਪਾ ਗੱਠਜੋੜ ਨੂੰ ਇਕ ਪਾਸੇ ਕਾਂਗਰਸ ਤੇ ਦੂਜੇ ਪਾਸੇ ‘ਆਪ’ ਪਾਸੋਂ ਤਕੜੀ ਟੱਕਰ ਮਿਲ ਰਹੀ ਹੈ। ਉੱਤਰ ਪ੍ਰਦੇਸ਼ ਵਿੱਚ ਭਾਜਪਾ ਨੂੰ 15 ਸਾਲਾਂ ਬਾਅਦ ਸੱਤਾ ਵਿੱਚ ਆਉਣ ਦੀ ਆਸ ਹੈ ਕਿਉਂਕਿ ਦੋ ਸਾਲ ਪਹਿਲਾਂ ਹੋਈਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੇ ਹੂੰਝਾ ਫੇਰੂ ਜਿੱਤ ਹਾਸਲ ਕੀਤੀ ਸੀ।
ਕੇਂਦਰ ਸਰਕਾਰ ਨੇ ਇਹਤਿਆਤ ਵਰਤਦਿਆਂ ਚੋਣ ਕਮਿਸ਼ਨ ਕੋਲ ਪਹੁੰਚ ਕਰ ਕੇ ਮੰਗ ਕੀਤੀ ਹੈ ਕਿ ਲੋਕ ਸਭਾ ਵਿੱਚ ਪਹਿਲੀ ਫਰਵਰੀ ਨੂੰ ਬਜਟ ਪੇਸ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਕਿਉਂਕਿ ਜੇ ਚੋਣ ਜ਼ਾਬਤਾ ਲਾਗੂ ਹੁੰਦਾ ਹੈ ਤਾਂ ਇਸ ਦੀ ਉਲੰਘਣਾ ਤੋਂ ਬਚਿਆ ਜਾ ਸਕੇ। ਸੂਤਰਾਂ ਨੇ ਕਿਹਾ ਕਿ ਕਮਿਸ਼ਨ ਨੂੰ ਬਜਟ ਕਵਾਇਦ ਉਤੇ ਕੋਈ ਇਤਰਾਜ਼ ਨਹੀਂ। ਕਮਿਸ਼ਨ ਚੋਣ ਅਮਲ ਮਾਰਚ ਦੇ ਅੱਧ ਤੱਕ ਮੁਕੰਮਲ ਕਰਨ ਦਾ ਇੱਛੁਕ ਹੈ ਤਾਂ ਕਿ ਇਨ੍ਹਾਂ ਰਾਜਾਂ ਵਿੱਚ ਨਵੀਆਂ ਵਿਧਾਨ ਸਭਾਵਾਂ ਮੌਜੂਦਾ ਕਾਰਜਕਾਲ ਖ਼ਤਮ ਹੋਣ ਤੋਂ ਪਹਿਲਾਂ ਹੀ ਹੋਂਦ ਵਿੱਚ ਆ ਜਾਣ। ਪੰਜਾਬ, ਗੋਆ ਅਤੇ ਮਨੀਪੁਰ ਵਿਧਾਨ ਸਭਾਵਾਂ ਦੀ ਮਿਆਦ 18 ਮਾਰਚ, ਉੱਤਰਾਖੰਡ ਵਿਧਾਨ ਸਭਾ ਦੀ ਮਿਆਦ 27 ਮਾਰਚ ਤੇ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀ ਮਿਆਦ 27 ਮਈ ਨੂੰ ਮੁੱਕ ਰਹੀ ਹੈ। ਇਨ੍ਹਾਂ ਰਾਜਾਂ ਵਿੱਚ ਚੋਣਾਂ ਆਜ਼ਾਦ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਵੱਡੇ ਪੱਧਰ ‘ਤੇ ਸੁਰੱਖਿਆ ਅਮਲੇ ਦੀ ਲੋੜ ਹੈ। ਚੋਣ ਕਮਿਸ਼ਨ ਵੀ ਚਾਹੁੰਦਾ ਹੈ ਕਿ ਲੋਕਾਂ ਨੂੰ ਭੈਅਮੁਕਤ ਹੋ ਕੇ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ।