ਤੋਤਾ ਸਿੰਘ ਵਿਰੁੱਧ ਕੇਸ ਖ਼ਤਮ ਕਰਨ ਦੀ ਅਰਜ਼ੀ ਰੱਦ

ਤੋਤਾ ਸਿੰਘ ਵਿਰੁੱਧ ਕੇਸ ਖ਼ਤਮ ਕਰਨ ਦੀ ਅਰਜ਼ੀ ਰੱਦ

ਐਸ.ਏ.ਐਸ. ਨਗਰ (ਮੁਹਾਲੀ)/ਬਿਊਰੋ ਨਿਊਜ਼ :
ਪੰਜਾਬ ਵਿੱਚ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਸੂਬੇ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੁਨੀਤ ਮੋਹਨ ਸ਼ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ 134 ਕਲਰਕ ਤੇ ਹੈਲਪਰ ਭਰਤੀ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਜਥੇਦਾਰ ਤੋਤਾ ਸਿੰਘ ਵਿਰੁੱਧ ਦਰਜ ਭ੍ਰਿਸ਼ਟਾਚਾਰ ਦਾ ਕੇਸ ਖ਼ਤਮ ਕਰਨ ਲਈ ਸਰਕਾਰੀ ਵਕੀਲ ਵਿਜੇ ਸਿੰਗਲਾ ਵੱਲੋਂ ਅਦਾਲਤ ਵਿੱਚ ਦਾਇਰ ਅਰਜ਼ੀ ਰੱਦ ਕਰ ਦਿੱਤੀ ਹੈ। ਤੋਤਾ ਸਿੰਘ ਆਪਣੇ ਵਕੀਲ ਨਾਲ ਮੁਹਾਲੀ ਅਦਾਲਤ ਵਿੱਚ ਪੇਸ਼ ਹੋਏ। ਜੱਜ ਨੇ ਕੇਸ ਦੀ ਅਗਲੀ ਸੁਣਵਾਈ ਲਈ 30 ਨਵੰਬਰ ਦਾ ਦਿਨ ਨਿਰਧਾਰਤ ਕੀਤਾ ਹੈ।
ਸਰਕਾਰੀ ਵਕੀਲ ਵਿਜੇ ਸਿੰਗਲਾ ਨੇ ਬੀਤੀ 10 ਅਕਤੂਬਰ ਨੂੰ ਤੋਤਾ ਸਿੰਘ ਦੇ ਵਿਰੁੱਧ ਦਰਜ ਭ੍ਰਿਸ਼ਟਾਚਾਰ ਦਾ ਕੇਸ ਖ਼ਤਮ ਕਰਨ ਲਈ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਸਰਕਾਰੀ ਵਕੀਲ ਦੀ ਦਲੀਲ ਸੀ ਕਿ ਵਿਜੀਲੈਂਸ ਬਿਊਰੋ ਵੱਲੋਂ ਹੁਣ ਤਕ ਇਸ ਕੇਸ ਦੇ ਮੁਤੱਲਕ ਕਰੀਬ 17 ਗਵਾਹ ਪੇਸ਼ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ ਸਿਰਫ਼ ਇੱਕ ਗਵਾਹ ਵਰਿੰਦਰ ਕੁਮਾਰ ਨੇ ਹੀ ਤੋਤਾ ਸਿੰਘ ਖ਼ਿਲਾਫ਼ ਬਿਆਨ ਦਿੱਤੇ ਸਨ, ਪਰ ਬਾਅਦ ਵਿੱਚ ਉਹ ਵੀ ਆਪਣੇ ਬਿਆਨਾਂ ਤੋਂ ਮੁੱਕਰ ਗਿਆ ਸੀ। ਉਂਜ ਵੀ ਵਿਜੀਲੈਂਸ ਦੀ ਪੜਤਾਲੀਆ ਟੀਮ ਕੈਬਨਿਟ ਮੰਤਰੀ ਖ਼ਿਲਾਫ਼ ਕੋਈ ਠੋਸ ਸਬੂਤ ਅਦਾਲਤ ਵਿੱਚ ਪੇਸ਼ ਨਹੀਂ ਕਰ ਸਕੀ ਹੈ।
ਇਸ ਕੇਸ ਵਿੱਚ ਨਾਮਜ਼ਦ ਸਾਬਕਾ ਓਐਸਡੀ ਮੇਜਰ ਚਰਨਜੀਤ ਸਿੰਘ ਮੀਲੂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰ ਕੇ ਖ਼ੁਦ ਨੂੰ ਬੇਕਸੂਰ ਦੱਸਦਿਆਂ ਵਿਜੀਲੈਂਸ ਵੱਲੋਂ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਨਿੱਜੀ ਰੰਜਿਸ਼ ਤਹਿਤ ਝੂਠੇ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ। ਹਾਈ ਕੋਰਟ ਵਿੱਚ ਮੀਲੂ ਦੀ ਪਟੀਸ਼ਨ ‘ਤੇ 18 ਨਵੰਬਰ ਨੂੰ ਸੁਣਵਾਈ ਹੋਣੀ ਹੈ।