ਰਾਇਲਟੀ ਮੰਗ ਕੇ ਸੌਦੇਬਾਜ਼ੀ ਕਰ ਰਹੀ ਹੈ ਬਾਦਲ ਸਰਕਾਰ : ਜਾਖੜ

ਰਾਇਲਟੀ ਮੰਗ ਕੇ ਸੌਦੇਬਾਜ਼ੀ ਕਰ ਰਹੀ ਹੈ ਬਾਦਲ ਸਰਕਾਰ : ਜਾਖੜ

ਅੰਮ੍ਰਿਤਸਰ/ਬਿਊਰੋ ਨਿਊਜ਼ :
ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਇਲਟੀ ਲੈਣ ਸਬੰਧੀ ਪੰਜਾਬ ਵਿਧਾਨ ਸਭਾ ਵੱਲੋਂ ਕੀਤੇ ਗਏ ਫ਼ੈਸਲੇ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਨੀਲ ਜਾਖੜ ਨੇ ਇਸ ਫ਼ੈਸਲੇ ਨੂੰ ਸੌਦੇਬਾਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਪਾਣੀਆਂ ਸਬੰਧੀ ਸੌਦੇ ਦਾ ਕਾਂਗਰਸ ਵਿਰੋਧ ਕਰੇਗੀ।
ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਸ੍ਰੀ ਜਾਖੜ ਨੇ ਦਰਿਆਈ ਪਾਣੀਆਂ ਦੇ ਮਾਮਲੇ ਸਬੰਧੀ ਮੀਟਿੰਗ ਵਿੱਚ ਕਾਂਗਰਸ ਦੇ ਸ਼ਾਮਲ ਨਾ ਹੋਣ ਦਾ ਸਮਰਥਨ ਕਰਦਿਆਂ ਆਖਿਆ ਕਿ ਕਾਂਗਰਸ ਪੰਜਾਬ ਦੇ ਪਾਣੀਆਂ ਦੀ ਸੌਦੇਬਾਜ਼ੀ ਦੇ ਹੱਕ ਵਿੱਚ ਨਹੀਂ ਹੈ। ਕੋਈ ਵੀ ਕਿਸਾਨ ਹਿਤੈਸ਼ੀ ਸਰਕਾਰ ਪੰਜਾਬ ਦੇ ਪਾਣੀਆਂ ਦਾ ਸੌਦਾ ਨਹੀਂ ਕਰ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਹਾਕਮ ਧਿਰ ਨੇ ਭਾਜਪਾ ਦੀ ਕੇਂਦਰ ਸਰਕਾਰ ਨਾਲ ਪੰਜਾਬ ਦੇ ਪਾਣੀਆਂ ਦਾ ਸੌਦਾ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਹਾਲੀ ਦਾ ਰਾਹ ਪੱਧਰਾ ਕੀਤਾ ਹੈ। ਇਸ ਸਬੰਧ ਵਿੱਚ ਕੇਂਦਰ ਸਰਕਾਰ ਦੀ ਮੱਦਦ ਨਾਲ ਸਿੱਖ ਗੁਰਦੁਆਰਾ ਐਕਟ ਵਿੱਚ ਸੰਸਦ ਰਾਹੀਂ ਸੋਧ ਕਰਾਈ ਗਈ ਹੈ, ਜਿਸ ਦੇ ਸੌਦੇ ਵਜੋਂ ਪੰਜਾਬ ਦਾ ਦਰਿਆਈ ਪਾਣੀ ਹੋਰਨਾਂ ਸੂਬਿਆਂ ਨੂੰ ਦਿੱਤਾ ਜਾਵੇਗਾ। ਅਕਾਲੀ-ਭਾਜਪਾ ਸਰਕਾਰ ਨੂੰ ਸੌਦੇਬਾਜ਼ਾਂ ਦੀ ਸਰਕਾਰ ਦੱਸਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਪੰਜਾਬ ਦੇ ਦਰਿਆ ਸੂਬੇ ਦੀ ਜੀਵਨ ਰੇਖਾ ਹਨ ਅਤੇ ਇਸ ਨੂੰ ਕਿਸੇ ਵੀ ਸੂਰਤ ਵਿੱਚ ਵੇਚਿਆ ਨਹੀਂ ਜਾ ਸਕਦਾ। ਕਾਂਗਰਸ ਇਸ ਸੌਦੇਬਾਜ਼ੀ ਦਾ ਡਟ ਕੇ ਵਿਰੋਧ ਕਰੇਗੀ। ਉਨ੍ਹਾਂ ਵਿਅੰਗ ਕੀਤਾ ਕਿ ਅਕਾਲੀ-ਭਾਜਪਾ ਸਰਕਾਰ ਦਸ ਸਾਲ ਤੋਂ ਸੱਤਾ ਵਿਚ ਹੈ ਅਤੇ ਇਸ ਤੋਂ ਪਹਿਲਾਂ ਹਾਕਮ ਧਿਰ ਨੇ ਪਾਣੀਆਂ ਨੂੰ ਬਚਾਉਣ ਲਈ ਕਦੇ ਕੋਈ ਉਪਰਾਲਾ ਨਹੀਂ ਕੀਤਾ ਜਦੋਂਕਿ ਦਸ ਸਾਲਾਂ ਵਿੱਚ ਇਹ ਕੰਮ ਤਰਜੀਹ ਦੇ ਆਧਾਰ ‘ਤੇ ਹੋਣਾ ਚਾਹੀਦਾ ਸੀ।  ਐਸਵਾਈਐਲ ਨਹਿਰ ਦੀ ਜ਼ਮੀਨ ਮੁੜ ਕਿਸਾਨਾਂ ਨੂੰ ਦੇਣ ਲਈ ਨੋਟੀਫਿਕੇਸ਼ਨ ਰੱਦ ਕੀਤੇ ਜਾਣ ਬਾਰੇ ਉਨ੍ਹਾਂ ਆਖਿਆ ਕਿ ਇਸ ਸਬੰਧੀ ਕੀਤੇ ਗਏ ਫ਼ੈਸਲੇ ਨੂੰ ਪਹਿਲਾਂ ਹੀ ਲਾਗੂ ਕਰ ਦੇਣਾ ਚਾਹੀਦਾ ਸੀ। ਜੇਕਰ ਹੁਣ ਤੱਕ ਜ਼ਮੀਨਾਂ ਕਿਸਾਨਾਂ ਨੂੰ ਦੇ ਦਿੱਤੀਆਂ ਹੁੰਦੀਆਂ ਤਾਂ ਹੁਣ ਸੁਪਰੀਮ ਕੋਰਟ ਦਾ ਫ਼ੈਸਲਾ ਲਾਗੂ ਨਹੀਂ ਹੋ ਸਕਣਾ ਸੀ ਪ੍ਰੰਤੂ ਸਰਕਾਰ ਨੇ ਇਹ ਫੈਸਲਾ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੀਤਾ ਹੈ ਅਤੇ ਹੁਣ ਇਸ ਨੂੰ ਲਾਗੂ ਕਰਨਾ ਮੁਸ਼ਕਲ ਹੋਵੇਗਾ। ਉਨ੍ਹਾਂ ਇਸ ਸਮੁੱਚੀ ਕਾਰਵਾਈ ਨੂੰ ਆਉਂਦੀਆਂ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਵਾਲੀ ਕਾਰਵਾਈ ਕਰਾਰ ਦਿੱਤਾ। ਉਨ੍ਹਾਂ ਇਹ ਵੀ ਆਖਿਆ ਕਿ ਜੇਕਰ ਹਾਕਮ ਧਿਰ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਸੁਹਿਰਦ ਹੈ ਤਾਂ ਹੁਣ ਤੱਕ ਇਸ ਮੰਤਵ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੋਈ ਗੱਲਬਾਤ ਕਿਉਂ ਨਹੀਂ ਕੀਤੀ ਗਈ ਜਦੋਂਕਿ ਪ੍ਰਧਾਨ ਮੰਤਰੀ ਇਸ ਮਸਲੇ ਦਾ ਹੱਲ ਕਰਨ ਦੇ ਸਮਰੱਥ ਹਨ।