ਜਸਜੀਤ ਸਿੰਘ ਜੰਮੂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਈ

ਜਸਜੀਤ ਸਿੰਘ ਜੰਮੂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਈ

ਅੰਮ੍ਰਿਤਸਰ/ਬਿਊਰੋ ਨਿਊਜ਼ :
ਜੰਮੂ ਵਿੱਚ 4 ਜੂਨ 2015 ਨੂੰ ਪੁਲੀਸ ਵੱਲੋਂ ਚਲਾਈ ਗਈ ਗੋਲੀ ਨਾਲ ਮਾਰੇ ਗਏ ਸਿੱਖ ਨੌਜਵਾਨ ਜਸਜੀਤ ਸਿੰਘ ਜੰਮੂ ਨੂੰ ਸ਼੍ਰੋਮਣੀ ਕਮੇਟੀ ਨੇ ਸ਼ਹੀਦ ਕਰਾਰ ਦਿੰਦਿਆਂ ਉਸ ਦੀ ਤਸਵੀਰ ਇੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਈ ਗਈ। ਇਸ ਸਬੰਧੀ ਫ਼ੈਸਲਾ ਅੰਤ੍ਰਿੰਗ ਕਮੇਟੀ ਵੱਲੋਂ ਕੀਤਾ ਗਿਆ ਸੀ।
ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ ਨੇ ਨਿਭਾਈ। ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਤੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ।
ਤਸਵੀਰ ਤੋਂ ਪਰਦਾ ਹਟਾਉਣ ਉਪਰੰਤ ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸਮੇਂ ਕੀਤੇ ਗਏ ਫ਼ੈਸਲੇ ਅਨੁਸਾਰ ਜਸਜੀਤ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਜਸਜੀਤ ਸਿੰਘ ਨੇ ਛੋਟੀ ਉਮਰ ਵਿੱਚ ਵੱਡੀ ਕੁਰਬਾਨੀ ਦਿੱਤੀ ਹੈ। ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦੀ ਤਸਵੀਰ ਲੱਗੇ ਇਸ਼ਤਿਹਾਰ ਨੂੰ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਪਾੜ ਦਿੱਤਾ ਸੀ, ਜਿਸ ਖ਼ਿਲਾਫ਼ ਨੌਜਵਾਨਾਂ ਨੇ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕੀਤਾ। ਇਨ੍ਹਾਂ ਨੌਜਵਾਨਾਂ ‘ਤੇ ਪੁਲੀਸ ਦੇ ਅੰਨ੍ਹੇਵਾਹ ਗੋਲੀ ਚਲਾਈ ਅਤੇ ਇਸ ਵਿੱਚ ਜਸਜੀਤ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਜੋ ਸਿੱਖ ਕੌਮ ਵਾਸਤੇ ਕੁਝ ਕਰਕੇ ਜਾਂਦੇ ਹਨ, ਉਨ੍ਹਾਂ ਦੀ ਯਾਦ ਨੂੰ ਹਮੇਸ਼ਾ ਵਾਸਤੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸੰਭਾਲ ਕੇ ਰੱਖਿਆ ਜਾਂਦਾ ਹੈ। ਇਸ ਮੌਕੇ ਜਸਜੀਤ ਸਿੰਘ ਦੇ ਪਿਤਾ ਨਰਵੀਰ ਸਿੰਘ, ਮਾਤਾ ਰਾਜ ਕੌਰ ਤੇ ਸਿੱਖ ਨੌਜਵਾਨ ਸਭਾ ਸਿੰਬਲ ਕੈਂਪ ਜੰਮੂ ਦੇ ਪ੍ਰਧਾਨ ਅਜਮੀਤ ਸਿੰਘ ਤੇ ਨਾਲ ਆਏ ਮੈਂਬਰਾਂ ਨੂੰ ਸਿਰੋਪਾ ਦਿੱਤਾ ਗਿਆ।