ਗੋਲਕ ਦੀ ਦੁਰਵਰਤੋਂ ਕਰ ਰਹੀ ਹੈ ਸ਼੍ਰੋਮਣੀ ਕਮੇਟੀ : ਅਖੰਡ ਅਕਾਲੀ ਦਲ

ਗੋਲਕ ਦੀ ਦੁਰਵਰਤੋਂ ਕਰ ਰਹੀ ਹੈ ਸ਼੍ਰੋਮਣੀ ਕਮੇਟੀ : ਅਖੰਡ ਅਕਾਲੀ ਦਲ

ਕੈਪਸ਼ਨ-ਅਖੰਡ ਅਕਾਲੀ ਦਲ ਦੀ ਮੀਟਿੰਗ ਸਮੇਂ ਦਾ ਦ੍ਰਿਸ਼।
ਅੰਮ੍ਰਿਤਸਰ/ਬਿਊਰੋ ਨਿਊਜ਼ :
ਅਖੰਡ ਅਕਾਲੀ ਦਲ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਪਿਛਲੇ ਦਸ ਸਾਲਾਂ ਦੌਰਾਨ ਗੋਲਕ ਦੀ ਦੁਰਵਰਤੋਂ ਹੋਈ ਹੈ ਅਤੇ ਇਸ ਦੀ ਜਾਂਚ ਕਰਵਾ ਕੇ ਰਿਪੋਰਟ ਜਨਤਕ ਕੀਤੀ ਜਾਣੀ ਚਾਹੀਦੀ ਹੈ। ਇਹ ਮੰਗ ਜਥੇਬੰਦੀ ਦੇ ਪ੍ਰਧਾਨ ਤੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਵੱਲੋਂ ਕੀਤੀ ਗਈ।
ਅਖੰਡ ਅਕਾਲੀ ਦਲ ਦੀ ਮੀਟਿੰਗ ਸਰਪ੍ਰਸਤ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਸਾਬਕਾ ਜਥੇਦਾਰ ਅਤੇ ਪ੍ਰਧਾਨ ਰਵੀਇੰਦਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਰਘਬੀਰ ਸਿੰਘ ਰਾਜਾਸਾਂਸੀ, ਭਰਪੂਰ ਸਿੰਘ, ਬੂਟਾ ਸਿੰਘ ਤੇ ਹੋਰ ਆਗੂ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਸ੍ਰੀ ਰਾਜਾਸਾਂਸੀ ਨੇ ਦੱਸਿਆ ਕਿ ਪਾਰਟੀ ਦੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਵਿੱਚ ਪਿਛਲੇ ਦਹਾਕੇ ਦੌਰਾਨ ਗੋਲਕ ਦੀ ਹੋਈ ਦੁਰਵਰਤੋਂ ‘ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਇਸ ਦੀ ਉਚ ਪੱਧਰੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਸਾਬਕਾ ਜਥੇਦਾਰ ਅਵਤਾਰ ਸਿੰਘ ਦੇ ਸਮੇਂ ਵਿੱਚ ਗੁਰਧਾਮਾਂ ਦੀਆਂ ਗੋਲਕਾਂ ਨੂੰ ਨੁਕਸਾਨ ਪੁੱਜਾ ਹੈ। ਇਸ ਲਈ ਜ਼ਰੂਰੀ ਹੈ ਕਿ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਸਮੇਤ ਸੈਕਸ਼ਨ 85 ਹੇਠ ਆਉਂਦੇ ਗੁਰਦੁਆਰਿਆਂ ਅਤੇ ਹੋਰ ਵਿਦਿਅਕ ਸੰਸਥਾਵਾਂ ਦੀ ਆਮਦਨ ਅਤੇ ਖਰਚ ਸਬੰਧੀ ਪੜਤਾਲ ਕਰਾਈ ਜਾਵੇ। ਇਹ ਪੜਤਾਲ ਸਰਕਾਰੀ ਚਾਰਟਰਡ ਅਕਾਉਂਟੈਂਟ ਇੱਕ ਮਹੀਨੇ ਵਿੱਚ ਕਰਾਈ ਜਾਣੀ ਚਾਹੀਦੀ ਹੈ ਅਤੇ ਇਸ ਦੀ ਰਿਪੋਰਟ ਜਨਤਕ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਨਵੰਬਰ 2011 ਤੋਂ ਅਕਤੂਬਰ 2016 ਤੱਕ ਇਸ ਸਮੇਂ ਦੌਰਾਨ ਰਹੇ ਅੰਤ੍ਰਿੰਗ ਕਮੇਟੀ ਮੈਂਬਰਾਂ, ਅਹੁਦੇਦਾਰਾਂ ਤੇ ਉਚ ਅਧਿਕਾਰੀਆਂ ਦੀਆਂ ਜਾਇਦਾਦਾਂ ਦੀ ਵੀ ਪੜਤਾਲ ਹੋਣੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਹ ਜਾਂਚ ਨਾ ਕਰਾਈ ਗਈ ਤਾਂ ਜਥੇਬੰਦੀ ਆਪਣੇ ਪੱਧਰ ‘ਤੇ ਇਸ ਸਬੰਧੀ ਰਿਪੋਰਟ ਜਨਤਕ ਕਰੇਗੀ।