ਸ਼੍ਰੋਮਣੀ ਕਮੇਟੀ ਦੇ ਸਕੂਲਾਂ-ਕਾਲਜਾਂ ਵਿਚ ਅੰਮ੍ਰਿਤਧਾਰੀ ਬੱਚਿਆਂ ਲਈ ਸਿੱਖਿਆ ਹੋਵੇਗੀ ਮੁਫ਼ਤ

ਸ਼੍ਰੋਮਣੀ ਕਮੇਟੀ ਦੇ ਸਕੂਲਾਂ-ਕਾਲਜਾਂ ਵਿਚ ਅੰਮ੍ਰਿਤਧਾਰੀ ਬੱਚਿਆਂ ਲਈ ਸਿੱਖਿਆ ਹੋਵੇਗੀ ਮੁਫ਼ਤ

ਕੈਪਸ਼ਨ-ਅੰਤ੍ਰਿੰਗ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਪ੍ਰੋ. ਕਿਰਪਾਲ ਸਿੰਘ ਬਡੂੰਗਰ।
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਅੰਤ੍ਰਿੰਗ ਕਮੇਟੀ ਦੀ ਹੋਈ ਬੈਠਕ ਵਿੱਚ ਕਮੇਟੀ ਦੇ ਪ੍ਰਬੰਧਾਂ ਅਧੀਨ ਆਉਂਦੇ ਸਾਰੇ ਸਕੂਲਾਂ ਤੇ ਕਾਲਜਾਂ ਵਿੱਚ ਪੜ੍ਹਨ ਵਾਲੇ ਅੰਮ੍ਰਿਤਧਾਰੀ ਬੱਚਿਆਂ ਦੀਆਂ ਟਿਊਸ਼ਨ ਫੀਸਾਂ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਕੱਤਰਤਾ ਦੀ ਸ਼ੁਰੂਆਤ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਨੇ ਗੁਰਮਤਿ ਫਲਸਫੇ ਅਨੁਸਾਰ ਕਾਰਜ ਨੇਪਰੇ ਚੜ੍ਹਨ ਦੀ ਅਰਦਾਸ ਕੀਤੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਮੁੱਚੀ ਅੰਤ੍ਰਿੰਗ ਕਮੇਟੀ ਮੈਂਬਰਾਂ ਵੱਲੋਂ 13 ਮਤਿਆਂ ਨੂੰ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ ਹੈ। ਮਤਿਆਂ ਬਾਰੇ ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਸਿੱਖੀ ਨੂੰ ਪ੍ਰਫੁੱਲਤ ਕਰਨ ਤੇ ਉਨ੍ਹਾਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ 31 ਮੈਂਬਰੀ ਸਲਾਹਕਾਰ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਵਿਦੇਸ਼ਾਂ ਵਿੱਚੋਂ ਸਿੱਖ ਸਖਸ਼ੀਅਤਾਂ ਨੂੰ ਸ਼ਾਮਲ ਕੀਤਾ ਜਾਵੇਗਾ। ਪੂਰੇ ਭਾਰਤ ਵਿੱਚ ਸਿੱਖੀ ਨੂੰ ਪ੍ਰਫੁੱਲਤ ਕਰਨ ਅਤੇ ਦੂਜੇ ਸੂਬਿਆਂ ਵਿੱਚ ਸਿੱਖ ਮਸਲਿਆਂ ਨੂੰ ਨਜਿੱਠਣ ਲਈ ਦੇਸ਼ ਭਰ ਦੇ ਹਰੇਕ ਰਾਜ ਵਿੱਚੋਂ ਇੱਕ-ਇੱਕ ਨੁਮਾਇੰਦਾ ਸ਼ਾਮਲ ਕਰਕੇ 31 ਮੈਂਬਰੀ ਸਲਾਹਕਾਰ ਕੌਂਸਲ ਵੀ ਕਾਇਮ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕੈਨੇਡਾ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਛਾਪਣ ਸਬੰਧੀ ਸਬ-ਕਮੇਟੀ ਬਣਾਈ ਗਈ ਹੈ, ਜਿਸ ਵਿੱਚ ਬਲਦੇਵ ਸਿੰਘ ਕਿਆਮਪੁਰ, ਅਮਰਜੀਤ ਸਿੰਘ ਚਾਵਲਾ, ਹਰਚਰਨ ਸਿੰਘ ਤੇ ਭਾਈ ਰਾਮ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਅੰਤ੍ਰਿੰਗ ਕਮੇਟੀ ਮੈਂਬਰਾਂ ਨੇ ਇਹ ਮਤਾ ਵੀ ਪਾਸ ਕੀਤਾ ਕਿ ਜਿਸ ਦਿਨ ਭਾਈ ਜੈਤਾ ਜੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲੈ ਕੇ ਆਏ ਸਨ, ਉਸ ਦਿਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗਿਆਨੀ ਤਰਲੋਚਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਰਾਜ ਵਿਖੇ ਲੋਹਗੜ੍ਹ, ਜਿਥੇ ਬੈਠ ਕੇ ਕੌਮ ਦੇ ਪਹਿਲੇ ਬਾਦਸ਼ਾਹ ਬਾਬਾ ਬੰਦਾ ਸਿੰਘ ਬਹਾਦਰ ਨੇ ਸਿੱਖ ਰਾਜ ਦਾ ਸਿੱਕਾ ਜਾਰੀ ਕੀਤਾ, ਵਿੱਚ ਵਿਲੱਖਣ ਯਾਦਗਾਰ ਕਾਇਮ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦਾ ਮਾਰਗ ਦਰਸ਼ਨ ਕਰਨ ਲਈ ਬਣਾਏ ਗਏ ਸੂਚਨਾ ਕੇਂਦਰ ਨੂੰ ਹੋਰ ਚੁਸਤ ਦਰੁਸਤ ਕਰਨ ਲਈ ਕਾਬਲ ਵਿਅਕਤੀਆਂ ਦੀ ਯੋਗਤਾ ਅਨੁਸਾਰ ਚੋਣ ਕੀਤੀ ਜਾਵੇਗੀ। ਬਾਹਰਲੇ ਦੇਸ਼ਾਂ ਤੋਂ ਆਉਂਦੀਆਂ ਸੰਗਤਾਂ ਲਈ ਅਜਿਹੇ ਵਿਅਕਤੀਆਂ ਦੀ ਭਾਲ ਕੀਤੀ ਜਾਵੇਗੀ ਜੋ ਬਹੁ-ਭਾਸ਼ਾਈ ਹੋਣ ਤੇ ਜਿਨ੍ਹਾਂ ਨੂੰ ਸਿੱਖ ਇਤਿਹਾਸ ਦਾ ਪੂਰਾ ਗਿਆਨ ਹੋਵੇ।