ਅਕਾਲੀ ਦਲ ਨੂੰ ਵੱਡਾ ਝਟਕਾ, ਦੋ ਵਿਧਾਇਕਾਂ ਸਮੇਤ ਚਾਰ ਆਗੂ ਕਾਂਗਰਸ ਵਿਚ ਸ਼ਾਮਲ

ਅਕਾਲੀ ਦਲ ਨੂੰ ਵੱਡਾ ਝਟਕਾ, ਦੋ ਵਿਧਾਇਕਾਂ ਸਮੇਤ ਚਾਰ ਆਗੂ ਕਾਂਗਰਸ ਵਿਚ ਸ਼ਾਮਲ

ਨਵੀਂ ਦਿੱਲੀ/ਬਿਊਰੋ ਨਿਊਜ਼ :
ਪੰਜਾਬ ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ 2 ਵਿਧਾਇਕਾਂ ਸਮੇਤ ਚਾਰ ਆਗੂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਬਾਘਾ ਪੁਰਾਣਾ ਤੋਂ ਵਿਧਾਇਕ ਮਹੇਸ਼ਇੰਦਰ ਸਿੰਘ ਅਤੇ ਨਿਹਾਲ ਸਿੰਘ ਵਾਲਾ ਤੋਂ  ਵਿਧਾਇਕਾ ਰਾਜਵਿੰਦਰ ਕੌਰ ਭਾਗੀਕੇ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਹ ਦੋਵੇਂ ਲੀਡਰ ਪਾਰਟੀ ਵੱਲੋਂ ਟਿਕਟ ਕੱਟੇ ਜਾਣ ਤੋਂ ਬਾਅਦ ਨਾਰਾਜ਼ ਚੱਲ ਰਹੇ ਸਨ। ਦੋਹਾਂ ਵਿਧਾਇਕਾਂ ਨੇ ਕਿਹਾ ਕਿ ਉਨ੍ਹਾਂ ਦੀ ਵਫ਼ਾਦਾਰੀ ਦਾ ਬਾਦਲਾਂ ਨੇ ਮੁੱਲ ਨਹੀਂ ਪਾਇਆ। ਉਹ ਪਾਰਟੀ ਪ੍ਰਤੀ ਵਫ਼ਾਦਾਰ ਸਨ ਪਰ ਬਾਦਲਾਂ ਦੀ ਗੁਲਾਮੀ ਨਹੀਂ ਕਬੂਲੀ, ਇਸ ਕਰਕੇ ਹੀ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ। ਇਨ੍ਹਾਂ ਤੋਂ ਇਲਾਵਾ ਫਿਲੌਰ ਤੋਂ ਸਮਾਜ ਸੇਵੀ ਅਜੇ ਸ਼ਰਮਾ ਤੇ ਪ੍ਰੀਤਮ ਸਿੰਘ ਕੋਟਭਾਈ ਵੀ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।
ਦਰਅਸਲ ਵਿਧਾਨ ਸਭਾ ਚੋਣਾਂ 2017 ਲਈ ਉਮੀਦਵਾਰਾਂ ਦਾ ਐਲਾਨ ਕਰਦਿਆਂ ਹੀ ਅਕਾਲੀ ਦਲ ਵਿਚ ਬਗ਼ਾਵਤੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਟਿਕਟਾਂ ਕੱਟੇ ਜਾਣ ਤੋਂ ਨਾਰਾਜ਼ ਅਕਾਲੀ ਵਿਧਾਇਕਾਂ ਵੱਲੋਂ ਪਾਰਟੀ ਛੱਡਣ ਦਾ ਸਿਲਸਲਾ ਜਾਰੀ ਹੈ। ਪਾਰਟੀ ਵੱਲੋਂ ਟਿਕਟ ਨਾ ਦੇਣ ਦੇ ਐਲਾਨ ਤੋਂ ਬਾਅਦ ਬਾਘਾਪੁਰਾਣਾ ਦੇ ਅਕਾਲੀ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਆਪਣੇ ਹਮਾਇਤੀਆਂ ਸਮੇਤ ਪਾਰਟੀ ਵਿੱਚੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਇਹ ਵੀ ਇਲਜ਼ਾਮ ਲਗਾਇਆ ਕਿ ਪਾਰਟੀ ਖ਼ਿਲਾਫ਼ ਆਵਾਜ਼ ਚੁੱਕਣ ਤੋਂ ਨਾਰਾਜ਼ ਅਕਾਲੀ ਸਰਕਾਰ ਨੇ ਉਨ੍ਹਾਂ ਨੂੰ ਡਰਾਉਣਾ ਧਮਕਾਉਣਾ ਸ਼ੁਰੂ ਕਰ ਦਿੱਤਾ ਹੈ।
ਵਿਧਾਇਕ ਮਹੇਸ਼ ਇੰਦਰ ਸਿੰਘ ਨੇ ਅਸਤੀਫਾ ਦੇਣ ਸਮੇਂ ਇਲਜ਼ਾਮ ਲਗਾਇਆ ਸੀ ਕਿ ਪਾਰਟੀ ਵਿਚ ਬਗਾਵਤ ਕਰਨ ਦੇ ਚੱਲਦੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਸਿਲਸਲਾ ਚੱਲ ਰਿਹਾ ਸੀ। ਉਨ੍ਹਾਂ ਦੀ ਰਿਹਾਇਸ਼ ‘ਤੇ ਪੁਲੀਸ ਨੇ ਛਾਪੇਮਾਰੀ ਕੀਤੀ ਤੇ ਗੈਂਗਸਟਰਾਂ ਨਾਲ ਸਬੰਧਾਂ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕਰਨ ਦੀ ਧਮਕੀ ਦਿੱਤੀ। ਪੁਲੀਸ ਨੇ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਕਰਨ ਲਈ ਵੀ ਕਿਹਾ ਤੇ ਸਾਫ਼ ਕਰ ਦਿੱਤਾ ਕਿ ਜੇ ਅਕਾਲੀ ਦਲ ਛੱਡਿਆ ਤਾਂ ਉਨ੍ਹਾਂ ਦਾ ਵੱਡਾ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਟਿਕਟ ਕੱਟਣ ਦੇ ਰੋਸ ਵਜੋਂ ਨਹੀਂ, ਸਗੋਂ ਘਰੇ ਪੁਲੀਸ ਭੇਜ ਕੇ ਬੇਇਜ਼ਤ ਕਰਨ ਦੇ ਰੋਸ ਵਜੋਂ ਪਾਰਟੀ ਛੱਡੀ ਹੈ।

ਕੈਪਟਨ ਤੇ ਸਿੱਧੂ ਵਿਚਾਲੇ ਦਿੱਲੀ ‘ਚ ਹੋਈ ਮੀਟਿੰਗ :
ਭਾਰਤੀ ਜਨਤਾ ਪਾਰਟੀ ਦੇ ਸਾਬਕਾ ਰਾਜ ਸਭਾ ਮੈਂਬਰ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਐਤਵਾਰ ਨੂੰ ਨਵਜੋਤ ਸਿੰਘ ਸਿੱਧੂ ਮੁਲਾਕਾਤ ਲਈ ਉਨ੍ਹਾਂ ਦੇ ਘਰ ਆਏ ਸਨ। ਕੈਪਟਨ ਨੇ ਆਖਿਆ ਕਿ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਇਸ ਦੌਰਾਨ ਸਿੱਧੂ ਨੇ ਪਾਰਟੀ ਲਈ ਕੰਮ ਕਰਨ ਦੀ ਇੱਛਾ ਵੀ ਪ੍ਰਗਟਾਈ। ਸਿੱਧੂ ਦੀ ਪਾਰਟੀ ਵਿੱਚ ਭੂਮਿਕਾ ਕੀ ਹੋਵੇਗੀ, ਇਸ ਬਾਰੇ ਕੈਪਟਨ ਨੇ ਆਖਿਆ ਕਿ ਇਹ ਨਵਜੋਤ ਸਿੱਧੂ ਨੇ ਹੀ ਤੈਅ ਕਰਨਾ ਹੈ ਕਿ ਉਨ੍ਹਾਂ ਨੇ ਆਪਣਾ ਕਿੱਤਾ ਜਾਰੀ ਰੱਖਣਾ ਹੈ ਜਾਂ ਪਾਰਟੀ ਲਈ ਕੰਮ ਕਰਨਾ ਹੈ। ਸਾਫ ਹੈ ਕਿ ਸਿੱਧੂ ਅਜੇ ਵੀ ਕਾਂਗਰਸ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਸਸ਼ੋਪੰਜ ਵਿੱਚ ਹਨ।
ਉਨ੍ਹਾਂ ਦੱਸਿਆ ਕਿ ਸਿੱਧੂ ਦੇ ਮੁੰਬਈ ਵਿੱਚ ਕੁਝ ਰੁਝੇਵੇਂ ਹਨ, ਜਿਨ੍ਹਾਂ ਨੂੰ ਉਹ ਛੇਤੀ ਹੀ ਪੂਰਾ ਕਰਨ ਤੋਂ ਬਾਅਦ ਪਾਰਟੀ ਲਈ ਕੰਮ ਕਰਨਗੇ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੋਰ ਸਿੱਧੂ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੀ ਹੈ।