ਜ਼ਮੀਨ ਘੁਟਾਲਾ : ਕੈਪਟਨ ਨੂੰ ਰਾਹਤ ਦੀ ਆਸ ਬੱਝੀ

ਜ਼ਮੀਨ ਘੁਟਾਲਾ : ਕੈਪਟਨ ਨੂੰ ਰਾਹਤ ਦੀ ਆਸ ਬੱਝੀ

ਐਸ.ਏ.ਐਸ. ਨਗਰ (ਮੁਹਾਲੀ)/ਬਿਊਰੋ ਨਿਊਜ਼ :
ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਬਹੁ-ਚਰਚਿਤ ਜ਼ਮੀਨ ਘੁਟਾਲੇ ਦੇ ਕੇਸ ਵਿੱਚ ਨਾਮਜ਼ਦ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਰਾਹਤ ਮਿਲਣ ਦੀ ਆਸ ਬੱਝ ਗਈ ਹੈ। ਕੈਪਟਨ ਅਤੇ ਹੋਰਾਂ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਕੇਸ ਨੂੰ ਖਤਮ ਕਰਨ ਦੇ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਦੀ ਸਕੱਤਰ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਮੁਹਾਲੀ ਅਦਾਲਤ ਵਿੱਚ ਪੇਸ਼ ਹੋ ਕੇ ਆਪਣੇ ਬਿਆਨ ਕਲਮਬੰਦ ਕਰਵਾਏ ਹਨ। ਮਹਿਲਾ ਅਧਿਕਾਰੀ ਨੇ ਅਦਾਲਤ ਵਿੱਚ ਦਰਜ ਕਰਵਾਏ ਬਿਆਨਾਂ ਵਿੱਚ ਕਿਹਾ ਕਿ ਵਿਜੀਲੈਂਸ ਜੇਕਰ ਕੈਪਟਨ ਤੇ ਹੋਰਾਂ ਮੁਲਜ਼ਮਾਂ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਖਤਮ ਕਰਨਾ ਚਾਹੁੰਦੀ ਹੈ ਤਾਂ ਵਿਧਾਨ ਸਭਾ ਨੂੰ ਕੋਈ ਇਤਰਾਜ਼ ਨਹੀਂ ਹੈ।
ਵਕੀਲਾਂ ਨੇ ਦੱਸਿਆ ਕਿ ਹਾਈ ਕੋਰਟ ਦੇ ਹੁਕਮਾਂ ‘ਤੇ ਪੰਜਾਬ ਵਿਜੀਲੈਂਸ ਬਿਓਰੋ ਇਸ ਕੇਸ ਦੀ ਨਵੇਂ ਸਿਰਿਓਂ ਕੀਤੀ ਪੜਤਾਲ ਵਿੱਚ ਕੈਪਟਨ ਸਣੇ ਹੋਰ ਮੁਲਜ਼ਮਾਂ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ। ਦੱਸਣਯੋਗ ਹੈ ਕਿ 7 ਅਕਤੂਬਰ ਨੂੰ ਪੰਜਾਬ ਵਿਜੀਲੈਂਸ ਬਿਓਰੋ ਨੇ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਾਂ ਖ਼ਿਲਾਫ਼ ਦਰਜ ਕੇਸ ਨੂੰ ਖ਼ਤਮ ਕਰਨ ਲਈ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਕੇਸ ਦੀ ਸੁਣਵਾਈ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਆਂਸਲ ਬੇਰੀ ਨੇ ਕੀਤੀ ਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਇੱਕ ਹੋਰ ਮੁਲਜ਼ਮ ਮਹੇਸ਼ ਖੰਨਾ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਕੈਪਟਨ ਨੇ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਿੱਜੀ ਪੇਸ਼ੀ ਤੋਂ ਛੋਟ ਦੇਣ ਦੀ ਮੰਗ ਕੀਤੀ ਹੈ।