ਮੁੱਖ ਮੁਕਾਬਲਾ ਤਾਂ ਕਾਂਗਰਸ ਤੇ ‘ਆਪ’ ਵਿਚਾਲੇ : ਅਮਰਿੰਦਰ ਸਿੰਘ

ਮੁੱਖ ਮੁਕਾਬਲਾ ਤਾਂ ਕਾਂਗਰਸ ਤੇ ‘ਆਪ’ ਵਿਚਾਲੇ : ਅਮਰਿੰਦਰ ਸਿੰਘ

ਕੈਪਸ਼ਨ-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਵਿਚ ਸ਼ਾਮਲ ਹੁੰਦੇ ਹੋਏ ‘ਆਪ’ ਆਗੂ ਸੀ ਐਮ ਲਖਨਪਾਲ (ਸੱਜੇ), ਪੀ ਕੇ ਸ਼ਰਮਾ (ਖੱਬਿਓਂ ਤੀਜੇ), ਇਕਬਾਲ ਪੰਨੂ (ਖੱਬਿਓਂ ਦੂਜੇ) ਤੇ ਭਰਪੂਰ ਸਿੰਘ।  
ਨਵੀਂ ਦਿੱਲੀ/ਬਿਊਰੋ ਨਿਊਜ਼ :
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੁਕਾਬਲਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਹੋਵੇਗਾ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਪ੍ਰਿਅੰਕਾ ਗਾਂਧੀ ਨੂੰ ਬੇਨਤੀ ਕਰਨਗੇ ਕਿ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਪੰਜਾਬ ਵਿੱਚ ਪਾਰਟੀ ਲਈ ਚੋਣ ਪ੍ਰਚਾਰ ਕਰਨ ਆਉਣ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਨੋਟਬੰਦੀ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਅਦਾਲਤ ਦਾ ਦਰਵਾਜ਼ਾ ਖੜ੍ਹਕਾਏਗੀ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਸਲ ਮੁਕਾਬਲਾ ਕਾਂਗਰਸ ਤੇ ‘ਆਪ’ ਵਿਚਕਾਰ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ‘ਆਪ’ ਦੀ ਸਥਿਤੀ ਕਮਜ਼ੋਰ ਹੁੰਦੀ ਜਾ ਰਹੀ ਹੈ ਤੇ ਪਾਰਟੀ ਨੂੰ ਪ੍ਰਚਾਰ ਲਈ 50 ਹਜ਼ਾਰ ਲੋਕ ਬਾਹਰਲੇ ਸੂਬਿਆਂ ਤੋਂ ਲਿਆਉਣੇ ਪਏ ਹਨ। ਹਾਕਮ ਧਿਰ ਅਕਾਲੀ-ਭਾਜਪਾ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਤਾਂ ਮੁਕਾਬਲੇ ਤੋਂ ਹੀ ਬਾਹਰ ਹੈ। ਉਨ੍ਹਾਂ ‘ਆਪ’ ਆਗੂ ਸੀ ਐਮ ਲਖਨਪਾਲ, ਪੀ ਕੇ ਸ਼ਰਮਾ, ਇਕਬਾਲ ਪੰਨੂ ਤੇ ਭਰਪੂਰ ਸਿੰਘ ਦਾ ਕਾਂਗਰਸ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕਰਦਿਆਂ ਕਿਹਾ ਕਿ ਹੁਣ ‘ਆਪ’ ਦਾ ਗ੍ਰਾਫ਼ ਹੇਠਾਂ ਡਿੱਗ ਰਿਹਾ ਹੈ ਤੇ ਪੰਜਾਬ ਵਾਸੀਆਂ ਦਾ ਇਸ ਪਾਰਟੀ ਤੋਂ ਮੋਹ ਭੰਗ ਹੋ ਰਿਹਾ ਹੈ। ਉੁਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਬਿਆਨ ਦੇ ਰਹੇ ਹਨ ਕਿ ਪਾਰਟੀ ਦੀ ਸਰਕਾਰ ਆਉਣ ‘ਤੇ ਕਿਸੇ ਦਲਿਤ ਆਗੂ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ, ਜਦੋਂਕਿ ਦਿੱਲੀ ਸਰਕਾਰ ਵਿੱਚ ਕੋਈ ਸਿੱਖ ਜਾਂ ਦਲਿਤ ਮੰਤਰੀ ਨਹੀਂ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪ੍ਰਿਅੰਕਾ ਗਾਂਧੀ ਨੂੰ ਅਪੀਲ ਕਰਨਗੇ ਕਿ ਉਹ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਪੰਜਾਬ ਵਿੱਚ ਪਾਰਟੀ ਦੇ ਪ੍ਰਚਾਰ ਲਈ ਆਉਣ। ਨੋਟਬੰਦੀ ਦੇ ਮਾਮਲੇ ‘ਤੇ ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਵਾਸੀ ਕਰੰਸੀ ਦੀ ਤੋਟ ਨਾਲ ਜੂਝ ਰਹੇ ਹਨ ਅਤੇ ਬੈਂਕਾਂ ਅਤੇ ਏਟੀਐਮਜ਼ ਅੱਗੇ 100 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ। ਇਸ ਮੁੱਦੇ ‘ਤੇ ਪੰਜਾਬ ਕਾਂਗਰਸ ਅਦਾਲਤ ਦਾ ਦਰਵਾਜ਼ਾ ਖੜ੍ਹਕਾਏਗੀ।