ਸਾਡੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਨਹੀਂ : ਭਗਵੰਤ ਮਾਨ

ਸਾਡੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਨਹੀਂ : ਭਗਵੰਤ ਮਾਨ

ਕੈਪਸ਼ਨ-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ।  
ਚਮਕੌਰ ਸਾਹਿਬ/ਬਿਊਰੋ ਨਿਊਜ਼ :
ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਵਿਰੋਧੀ ਧਿਰਾਂ ਵੱਲੋਂ ਘਿਰੀ ਆਮ ਆਦਮੀ ਪਾਰਟੀ (ਆਪ) ਦੀ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਚਮਕੌਰ ਸਾਹਿਬ ਵਿਚ ਸ਼ਹੀਦੀ ਸਮਾਗਮ ਦੌਰਾਨ ਐਲਾਨ ਕੀਤਾ ਕਿ ਪਾਰਟੀ ਪਾਣੀਆਂ ਦੀ ਰਾਖੀ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ ਅਤੇ ਸੂਬੇ ਕੋਲ ਕਿਸੇ ਨੂੰ ਦੇਣ ਲਈ ਇੱਕ ਬੂੰਦ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਮੁੱਦੇ ‘ਤੇ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਪਰ ਮੀਡੀਆ ਦੇ ਇੱਕ ਹਿੱਸੇ ਵੱਲੋਂ ਉਨ੍ਹਾਂ ਦੇ ਬਿਆਨਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਗੁਰੂ ਗੋਬਿੰਦ ਸਿੰਘ ਨੇ ਜ਼ੁਲਮ ਖਿਲਾਫ਼ ਜੰਗ ਲੜੀ ਅਤੇ ਜਿੱਥੇ ਸਮੂਹ ਮਨੁੱਖਤਾ ਨੂੰ ਜਬਰ ਜ਼ੁਲਮ ਵਿਰੁੱਧ ਲੜਨ ਦੀ ਪ੍ਰੇਰਨਾ ਮਿਲਦੀ ਹੈ, ਉਸੇ ਪ੍ਰੇਰਨਾ ਨਾਲ ‘ਆਪ’ ਬਾਦਲ ਪਰਿਵਾਰ ਦੇ ਜ਼ਾਲਮ ਰਾਜ ਦਾ ਅੰਤ ਕਰੇਗੀ। ਉਨ੍ਹਾਂ ਦੋਵਾਂ ਪਾਰਟੀਆਂ ‘ਤੇ ਮਿਲ ਕੇ ਚੋਣਾਂ ਲੜਨ ਦਾ ਇਲਜ਼ਾਮ ਵੀ ਲਗਾਇਆ। ਕੈਪਟਨ ਅਮਰਿੰਦਰ ਸਿੰਘ ਨੂੰ ਵੰਗਾਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਉਹ ਆਪਣੇ ਆਪ ਨੂੰ ਹਰਮਨ ਪਿਆਰਾ ਆਗੂ ਸਮਝਦੇ ਹਨ ਤਾਂ ਉਹ ਵੀ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ (ਭਗਵੰਤ ਮਾਨ) ਵਿਰੁੱਧ ਚੋਣ ਲੜ ਕੇ ਦੇਖ ਲੈਣ। ਪਾਰਟੀ ਦੇ ਚਮਕੌਰ ਸਾਹਿਬ ਤੋਂ ਉਮੀਦਵਾਰ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਨਾਮ ਨਾਲ ਚੰਨੀ ਸ਼ਬਦ ਨਾ ਲਾਇਆ ਜਾਵੇ ਕਿਉਂਕਿ ਹਲਕੇ ਨੂੰ ਤਾਂ ਕਾਂਗਰਸ ਦੇ ਚੰਨੀ ਤੋਂ ਮੁਕਤ ਕਰਵਾਉਣਾ ਹੈ। ਹਲਕਾ ਰੂਪਨਗਰ ਤੋਂ ਉਮੀਦਵਾਰ ਅਮਰਜੀਤ ਸਿੰਘ ਸੰਦੋਆ ਨੇ ਲੋਕਾਂ ਨੂੰ ਨਸ਼ਿਆਂ ਅਤੇ ਗੁੰਡਾਗਰਦੀ ਖਿਲਾਫ਼ ਲੜਨ ਦਾ ਸੁਨੇਹਾ ਦਿੱਤਾ।
ਬਾਅਦ ਵਿੱਚ ਭਗਵੰਤ ਮਾਨ ਨੇ ਦੱਸਿਆ ਕਿ ਪਾਰਟੀ ਦੇ ਰਹਿੰਦੇ ਉਮੀਦਵਾਰਾਂ ਦੀ ਸੂਚੀ ਇੱਕ-ਦੋ ਦਿਨਾਂ ਵਿੱਚ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਾਰਟੀ ਨੂੰ ਮਿਲਣ ਵਾਲਾ ਚੰਦਾ ਬਿਲਕੁਲ ਪਾਰਦਰਸ਼ੀ ਹੈ ਪਰ ਦੂਜੀਆਂ ਪਾਰਟੀਆਂ ਦੇ ਚੰਦੇ ਦੀ ਜੇਕਰ ਜਾਂਚ ਕਰਵਾਈ ਜਾਵੇ ਤਾਂ ਬਹੁਤ ਘਪਲੇ ਸਾਹਮਣੇ ਆ ਸਕਦੇ ਹਨ। ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਸ ਦਾ ਫ਼ੈਸਲਾ ਹਾਈਕਮਾਂਡ ਤੈਅ ਕਰੇਗੀ। ਇਸ ਮੌਕੇ ਪ੍ਰੋ. ਮੇਹਰ ਸਿੰਘ, ਗੁਰਮੇਲ ਸਿੰਘ ਬਾੜਾ, ਗੁਰਚਰਨ ਸਿੰਘ ਮਾਣੇਮਾਜਰਾ, ਚਾਂਦ ਕੁਮਾਰ ਬੇਲਾ, ਗਰਜਾ ਸਿੰਘ ਅਤੇ ਕੁਲਵੰਤ ਸਿੰਘ ਕਾਲੇਮਾਜਰਾ ਹਾਜ਼ਰ ਸਨ।

ਐਸ.ਵਾਈ.ਐਲ. ਲਈ ਅਕਾਲੀ ਤੇ ਕਾਂਗਰਸੀ ਜ਼ਿੰਮੇਵਾਰ : ਕਿੰਗਰਾ
ਚਮਕੌਰ ਸਾਹਿਬ : ‘ਆਪਣਾ ਪੰਜਾਬ’ ਪਾਰਟੀ ਦੇ ਜਨਰਲ ਸਕੱਤਰ ਹਰਦੀਪ ਸਿੰਘ ਕਿੰਗਰਾ ਨੇ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਪਾਰਟੀ ਵੱਲੋਂ ਸੰਧੂਆਂ ਚੌਕ ਵਿੱਚ ਲਾਈ ਸਟੇਜ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਐਸਵਾਈਐਲ ਲਈ ਜਿੰਨੀ ਜ਼ਿੰਮੇਵਾਰ ਕਾਂਗਰਸ ਪਾਰਟੀ ਹੈ, ਉਸ ਤੋਂ ਵੱਧ ਜ਼ਿੰਮੇਵਾਰ ਅਕਾਲੀ ਦਲ ਵੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਨੂੰ ਆਪਣੇ ਹਿੱਤ ਪਿਆਰੇ ਹਨ। ਪਾਣੀਆਂ ਦੇ ਮੁੱਦੇ ‘ਤੇ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਸਿਆਸੀ ਰੋਟੀਆਂ ਸੇਕਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਇਨ੍ਹਾਂ ਪਾਰਟੀਆਂ ‘ਤੇ ਬਿਲਕੁਲ ਭਰੋਸਾ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੰਜਾਬ ਅੰਦਰ ਭੇਜੇ ਨੁਮਾਇੰਦਿਆਂ ‘ਤੇ ਟਿਕਟਾਂ ਦੇਣ ਬਦਲੇ ਕਰੋੜਾਂ ਰੁਪਏ ਲੈਣ ਦੇ ਦੋਸ਼ ਲੱਗ ਰਹੇ ਹਨ। ਅਕਾਲੀ-ਭਾਜਪਾ ਸਰਕਾਰ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਵਾਅਦੇ ਪੂਰੇ ਕਰਨ ਦੀ ਬਜਾਏ ਉਹ ਲੋਕਾਂ ਨੂੰ ਲੁੱਟ ਅਤੇ ਕੁੱਟ ਰਹੇ ਹਨ। ਸ੍ਰੀ ਕਿੰਗਰਾ ਨੇ ਕਿਹਾ ਕਿ ‘ਆਪਣਾ ਪੰਜਾਬ ਪਾਰਟੀ’ ਦੀ ਸਰਕਾਰ ਬਣਨ ‘ਤੇ ਪਹਿਲ ਦੇ ਆਧਾਰ ‘ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਇੰਜੀਨੀਅਰ ਜਸਵੀਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੇ ਰਾਜ ਵਿੱਚ ਗਰੀਬਾਂ ਨਾਲ ਹਮੇਸ਼ਾ ਧੋਖਾ ਹੁੰਦਾ ਰਿਹਾ ਹੈ। ਇਸ ਕਾਰਨ ਹੁਣ ਲੋਕ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਪਾਰਟੀਆਂ ਨੂੰ ਮੂੰਹ ਨਹੀਂ ਲਾਉਣਗੇ। ਚਮਕੌਰ ਸਾਹਿਬ ਤੋਂ ਪਾਰਟੀ ਦੀ ਉਮੀਦਵਾਰ ਪਰਮਿੰਦਰ ਕੌਰ ਰੰਗਰਾ ਤੇ ਟਾਂਡਾ ਤੋਂ ਉਮੀਦਵਾਰ ਕਰਨਲ ਵਰਿੰਦਰ ਸ਼ਰਮਾ ਨੇ ਕਿਹਾ ਕਿ ਸੁੱਚਾ ਸਿੰਘ ਛੋਟੇਪੁਰ ਦੀ ਸੋਚ ਕਾਰਨ ਦੂਜੀਆਂ ਪਾਰਟੀਆਂ ਦੇ ਸੀਨੀਅਰ ਲੀਡਰ ਉਨ੍ਹਾਂ ਨਾਲ ਜੁੜ ਰਹੇ ਹਨ। ਇਸ ਮੌਕੇ ਮੀਤ ਪ੍ਰਧਾਨ ਅਮਨਦੀਪ ਸਿੰਘ ਬੋਪਾਰਾਏ, ਕਰਨਲ ਜੇ ਐਸ ਗਿੱਲ, ਇਸਤਰੀ ਵਿੰਗ ਦੀ ਪ੍ਰਧਾਨ ਪਰਵਿੰਦਰ ਕੌਰ, ਪ੍ਰਵੇਸ਼ ਕੌਸ਼ਲ, ਮੇਜਰ ਜਰਨੈਲ ਸਿੰਘ, ਅਮਰਜੀਤ ਸਿੰਘ ਵਾਲੀਆ ਅਤੇ ਪ੍ਰਿੰਸੀਪਲ ਬੁੱਧ ਰਾਮ ਸਿੰਘ ਵੀ ਹਾਜ਼ਰ ਸਨ।