ਬਹਿਬਲ ਕਲਾਂ ਕਾਂਡ : ਮ੍ਰਿਤਕ ਕ੍ਰਿਸ਼ਨ ਭਗਵਾਨ ਦੇ ਭਰਾ ਨੇ ਅਦਾਲਤ ‘ਚ ਦਿੱਤੀ ਸ਼ਿਕਾਇਤ

ਬਹਿਬਲ ਕਲਾਂ ਕਾਂਡ : ਮ੍ਰਿਤਕ ਕ੍ਰਿਸ਼ਨ ਭਗਵਾਨ ਦੇ ਭਰਾ ਨੇ ਅਦਾਲਤ ‘ਚ ਦਿੱਤੀ ਸ਼ਿਕਾਇਤ

ਕੇਸ ਦੀ ਸੁਣਵਾਈ 18 ਫਰਵਰੀ ਨੂੰ
ਫ਼ਰੀਦਕੋਟ/ਬਿਊਰੋ ਨਿਊਜ਼ :
ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬਹਿਬਲ ਕਲਾਂ ਵਿੱਚ ਅਕਤੂਬਰ 2015 ਵਿੱਚ ਪੁਲੀਸ ਦੀ ਗੋਲੀ ਨਾਲ ਮਾਰੇ ਗਏ ਦੋ ਸਿੱਖ ਨੌਜਵਾਨਾਂ ਦਾ ਮਾਮਲਾ ਇੱਥੋਂ ਦੀ ਅਦਾਲਤ ਵਿੱਚ ਪੁੱਜ ਗਿਆ ਹੈ। ਮ੍ਰਿਤਕ ਕ੍ਰਿਸ਼ਨ ਭਗਵਾਨ ਦੇ ਭਰਾ ਰੇਸ਼ਮ ਸਿੰਘ ਨੇ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾ ਕੇ ਮੋਗਾ ਦੇ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸ਼ਰਮਾ, ਫ਼ਰੀਦਕੋਟ ਦੇ ਸਾਬਕਾ ਐੱਸ.ਪੀ. ਬਿਕਰਮਜੀਤ ਸਿੰਘ ਅਤੇ ਇੰਸਪੈਕਟਰ ਅਮਰਜੀਤ ਸਿੰਘ ਕੁਲਾਰ ਖ਼ਿਲਾਫ਼ ਕਤਲ, ਇਰਾਦਾ ਕਤਲ ਅਤੇ ਅਸਲੇ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਇਨ੍ਹਾਂ ਅਧਿਕਾਰੀਆਂ ਨੂੰ ਅਦਾਲਤ ਵਿੱਚ ਤਲਬ ਕਰ ਕੇ ਸਜ਼ਾ ਦੇਣ ਦੀ ਮੰਗ ਕੀਤੀ ਹੈ। ਜੁਡੀਸ਼ੀਅਲ ਮੈਜਿਸਟਰੇਟ ਸ਼ਵੇਤਾ ਦਾਸ ਇਸ ਕੇਸ ਦੀ ਸੁਣਵਾਈ 18 ਫਰਵਰੀ ਨੂੰ ਕਰਨਗੇ।
ਦੱਸਣਯੋਗ ਹੈ ਕਿ ਕਰੀਬ ਡੇਢ ਸਾਲ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਪਿੰਡ ਬਹਿਬਲ ਕਲਾਂ ਨੇੜੇ ਇਕੱਤਰ ਹੋਈਆਂ ਸਿੱਖ ਸੰਗਤਾਂ ‘ਤੇ ਪੁਲੀਸ ਨੇ ਗੋਲੀ ਚਲਾ ਦਿੱਤੀ ਸੀ, ਜਿਸ ਨਾਲ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਸਿੱਖ ਸੰਗਤ ਦੇ ਦਬਾਅ ਤੋਂ ਬਾਅਦ ਪੁਲੀਸ ਨੇ ਥਾਣਾ ਬਾਜਾਖਾਨਾ ਵਿੱਚ ਇਨ੍ਹਾਂ ਦੋ ਸਿੱਖ ਨੌਜਵਾਨਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਅਣਪਛਾਤੇ ਪੁਲੀਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਪ੍ਰੰਤੂ ਘਟਨਾ ਤੋਂ 17 ਮਹੀਨੇ ਬਾਅਦ ਵੀ ਦੋਸ਼ੀਆਂ ਦੀ ਸ਼ਨਾਖਤ ਨਹੀਂ ਹੋ ਸਕੀ। ਬੇਅਦਬੀ ਕਾਂਡ ਨਾਲ ਸਬੰਧਤ ਮਾਮਲਿਆਂ ਵਿੱਚ ਪੁਲੀਸ ਹਾਲੇ ਤੱਕ ਤਫਤੀਸ਼ ਮੁਕੰਮਲ ਨਹੀਂ ਕਰ ਸਕੀ ਅਤੇ ਨਾ ਹੀ ਅਜੇ ਤੱਕ ਸੀਬੀਆਈ ਕਿਸੇ ਸਿੱਟੇ ‘ਤੇ ਪਹੁੰਚ ਸਕੀ। ਪੀੜਤ ਪਰਿਵਾਰ ਨੇ ਸੀਬੀਆਈ ਅਤੇ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ‘ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਅਦਾਲਤ ਵਿੱਚ ਸਿੱਧੀ ਸ਼ਿਕਾਇਤ ਦਰਜ ਕਰਵਾ ਕੇ ਉਕਤ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਰੇਸ਼ਮ ਸਿੰਘ ਨੇ ਦਾਅਵਾ ਕੀਤਾ ਕਿ ਘਟਨਾ ਵਾਲੇ ਦਿਨ ਮੌਕੇ ‘ਤੇ ਕਰੀਬ 350 ਪੁਲੀਸ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ, ਜਿਨ੍ਹਾਂ ਨੇ ਬਿਨਾਂ ਚੇਤਾਵਨੀ ਗੋਲੀਆਂ ਚਲਾਈਆਂ ਸਨ।