ਸਾਕਾ ਨਕੋਦਰ : ਸ਼ਹੀਦਾਂ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ‘ਚ ਲਾਉਣ ਬਾਰੇ ਮਤਾ ਪਾਸ

ਸਾਕਾ ਨਕੋਦਰ : ਸ਼ਹੀਦਾਂ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ‘ਚ ਲਾਉਣ ਬਾਰੇ ਮਤਾ ਪਾਸ

ਭਾਈ ਗੁਰਦੇਵ ਸਿੰਘ ਕਾਉਂਕੇ ਤੇ ਸ਼ਹੀਦ ਭਾਈ ਹਰਮੰਦਰ ਸਿੰਘ ਡੱਬਵਾਲੀ ਦੇ ਚਿੱਤਰ ਵੀ ਲਾਏ ਜਾਣਗੇ
ਅੰਮ੍ਰਿਤਸਰ/ਬਿਊਰੋ ਨਿਊਜ਼ :
ਸਿੱਖ ਭਾਈਚਾਰੇ ਦੀਆਂ ਕੋਸ਼ਿਸ਼ਾਂ, ਅਰਦਾਸਾਂ ਤੇ ਸ਼ਹੀਦ ਪਰਿਵਾਰਾਂ ਦੀ ਹਿੰਮਤ ਆਖ਼ਰ ਰੰਗ ਲਿਆਈ ਹੈ। ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਚਲੂਪੁਰ, ਭਾਈ ਬਲਧੀਰ ਸਿੰਘ ਫ਼ੌਜੀ ਅਤੇ ਭਾਈ ਝਲਮਣ ਸਿੰਘ ਗੋਰਸੀਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਉਣ ਸਬੰਧੀ ਮਤਾ ਪਾਸ ਕਰ ਦਿੱਤਾ ਗਿਆ ਹੈ। ਇਹ ਮਤਾ 17 ਫਰਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿਚ ਪਾਸ ਕੀਤਾ ਗਿਆ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਪੀ.ਏ. ਸੁਖਦੇਵ ਸਿੰਘ ਭੂਰਾ-ਕੋਨਾ ਨੇ ਦਿੱਤੀ।
ਮੀਟਿੰਗ ਵਿਚ ਪਹਿਲੀ ਜਨਵਰੀ 1993 ਨੂੰ ਝੂਠੇ ਮੁਕਾਬਲੇ ਵਿਚ ਸ਼ਹੀਦ ਕੀਤੇ ਗਏ ਜਥੇਦਾਰ ਅਕਾਲ ਤਖਤ ਭਾਈ ਗੁਰਦੇਵ ਸਿੰਘ ਕਾਉਂਕੇ ਅਤੇ ਸੌਦਾ ਸਾਧ ਦੇ ਗੁੰਡਿਆਂ ਵਲੋਂ 10 ਅਕਤੂਬਰ 2013 ਵਿਚ ਕਤਲ ਕੀਤੇ ਗਏ ਸ਼ਹੀਦ ਭਾਈ ਹਰਮੰਦਰ ਸਿੰਘ ਡੱਬਵਾਲੀ ਦੇ ਚਿੱਤਰ ਵੀ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਸਬੰਧੀ ਮਤਾ ਪਾਸ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ 2 ਫਰਵਰੀ 1986 ਨੂੰ ਪੰਜਾਬ ਦੇ ਸ਼ਹਿਰ ਨਕੋਦਰ ਵਿਖੇ ਮੁਹੱਲਾ ਗੁਰੂ ਨਾਨਕਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਸਰੂਪ ਸਿੱਖ ਧਰਮ ਵਿਰੋਧੀ ਅਨਸਰਾਂ ਵਲੋਂ ਅਗਨ ਭੇਟ ਕਰ ਦਿੱਤੇ ਗਏ ਸਨ ਤੇ ਬਾਅਦ ਵਿਚ 4 ਫਰਵਰੀ 1986 ਨੂੰ ਪੰਜਾਬ ਪੁਲੀਸ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਸ਼ਾਂਤਮਈ ਵਿਖਾਵਾ ਕਰ ਰਹੇ ਸਿੱਖਾਂ ‘ਤੇ ਬਿਨਾਂ ਕਿਸੇ ਭੜਕਾਹਟ ਦੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਵਿਚ ਚਾਰ ਸਿੰਘ ਸ਼ਹੀਦ ਹੋ ਗਏ ਸਨ। ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਮਾਤਾ ਬਲਦੀਪ ਕੌਰ ਤੇ ਪਿਤਾ ਬਲਦੇਵ ਸਿੰਘ ਨੇ ਪ੍ਰੋ. ਬਡੂੰਗਰ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਸੀ ਕਿ ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਈਆਂ ਜਾਣ। ਉਨ੍ਹਾਂ ਨੇ ਚਿੱਠੀ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਧਿਆਨ 2 ਫਰਵਰੀ 2011 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਮਾਗਮ ਵੱਲ ਦਿਵਾਇਆ ਸੀ, ਜਿਸ ਦੌਰਾਨ ਗਿਆਨੀ ਗੁਰਬਚਨ ਸਿੰਘ ਵਲੋਂ ਕੁਰਬਾਨੀ ਦੇਣ ਵਾਲੇ ਸਿੰਘਾਂ ਨੂੰ ਕੌਮੀ ਸ਼ਹੀਦ ਕਰਾਰ ਦਿੱਤਾ ਗਿਆ ਸੀ। ਗਿਆਨੀ ਗੁਰਬਚਨ ਸਿੰਘ ਨੇ ਇਨ੍ਹਾਂ ਸਿੱਖ ਸ਼ਹੀਦਾਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਸੀ ਪਰ ਅਜੇ ਤਕ ਕੇਂਦਰੀ ਅਜਾਇਬ ਘਰ ਵਿਚ ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਨਹੀਂ ਲਗ ਸਕੀਆਂ। ਕਾਫ਼ੀ ਸਾਲਾਂ ਤੋਂ ਪਰਿਵਾਰਾਂ ਵਲੋਂ ਬੇਨਤੀਆਂ ਕੀਤੀਆਂ ਜਾ ਰਹੀਆਂ ਸਨ ਪਰ ਬੀਤੇ ਕੁਝ ਮਹੀਨਿਆਂ ਤੋਂ ਸੋਸ਼ਲ ਮੀਡੀਏ ਅਤੇ ਅਖ਼ਬਾਰਾਂ/ਰੇਡੀਓ/ਟੀਵੀ ਰਾਹੀਂ ਵੀ ਬਹੁਤ ਲਾਬਿੰਗ ਹੋਈ। ਅਮਰੀਕਾ ਤੇ ਕੈਨੇਡਾ ਦੀਆਂ ਸਿੱਖ ਜਥੇਬੰਦੀਆਂ ਤੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੇ ਮਤੇ ਪਾ ਕੇ ਸ਼੍ਰੋਮਣੀ ਕਮੇਟੀ ਨੂੰ ਭੇਜੇ ਤੇ ਅੰਤ ਵਾਹਿਗੁਰੂ ਦੀ ਅਪਾਰ ਕਿਰਪਾ ਸਦਕਾ ਜਾਪਦਾ ਹੈ ਕਿ ਇਹ ਕਾਰਜ ਫ਼ਤਿਹ ਹੋਵੇਗਾ।
ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਰਿਵਾਰ ਨੇ ਕੈਨੇਡਾ-ਅਮਰੀਕਾ ਦੇ ਕੁਝ ਗੁਰਦੁਆਰਿਆਂ ਵਿਚ ਇਹ ਤਸਵੀਰਾਂ ਲਾਉਣ ਦਾ ਉਪਰਾਲਾ ਆਰੰਭਿਆ ਹੈ ਤਾਂ ਜੋ ਸ਼੍ਰੋਮਣੀ ਕਮੇਟੀ ਨੂੰ ਆਪਣੇ ਫਰਜ਼ਾਂ ਦਾ ਅਹਿਸਾਸ ਹੋ ਸਕੇ। ਇਸੇ ਯਤਨਾਂ ਤਹਿਤ ਕੈਲੀਫੋਰਨੀਆ ਦੇ ਇਤਿਹਾਸਕ ਗੁਰਦੁਆਰਾ ਸਟਾਕਟਨ ਵਿਖੇ ਸੰਗਤ ਦੇ ਸਹਿਯੋਗ ਨਾਲ ਚਾਰ ਸ਼ਹੀਦਾਂ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ।