ਖ਼ਾਲਸਈ ਜਾਹੋ-ਜਲਾਲ ਨਾਲ ਕੀਰਤਪੁਰ ਸਾਹਿਬ ਤੋਂ ਸ਼ੁਰੂ ਹੋਵੇਗਾ ਹੋਲਾ ਮਹੱਲਾ
ਕੈਪਸ਼ਨ-ਕੀਰਤਪੁਰ ਸਾਹਿਬ ਵਿਖੇ ਸੰਗਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਦ੍ਰਿਸ਼।
ਕੀਰਤਪੁਰ ਸਾਹਿਬ/ਬਿਊਰੋ ਨਿਊਜ਼ :
ਹੋਲਾ ਮਹੱਲਾ ਛੇ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਕੀਰਤਪੁਰ ਸਾਹਿਬ ਤੋਂ 8 ਮਾਰਚ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ੁਰੂ ਹੋ ਕੇ 10 ਮਾਰਚ ਨੂੰ ਅਖੰਡ ਪਾਠ ਦੇ ਭੋਗ ਮਗਰੋਂ ਇਹ ਜੋੜ ਮੇਲਾ ਆਨੰਦਪੁਰ ਸਾਹਿਬ ਵੱਲ ਰਵਾਨਾ ਹੋ ਜਾਵੇਗਾ। ਇਸ ਸਬੰਧੀ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਮੇਲਾ ਅਫ਼ਸਰ ਕਮ ਐਸਡੀਐਮ ਰਕੇਸ਼ ਕੁਮਾਰ ਗਰਗ ਨੇ ਦੱਸਿਆ ਕਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਤੇ ਸ਼ਰਧਾਲੂਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਡੀਐਸਪੀ ਰਣਧੀਰ ਸਿੰਘ ਨੇ ਦੱਸਿਆ ਕਿ ਸਮੁੱਚੇ ਮੇਲਾ ਖੇਤਰ ਨੂੰ ਦੋ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਜਿੱਥੇ ਐਸਪੀ ਪੱਧਰ ਦੇ ਸੈਕਟਰ ਇੰਚਾਰਜ ਨਿਯੁਕਤ ਕੀਤੇ ਜਾਣਗੇ, ਉਨ੍ਹਾਂ ਦੇ ਅਧੀਨ ਹੀ 400 ਦੇ ਕਰੀਬ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਪੁਲੀਸ ਵੱਲੋਂ ਵੀ ਸਖ਼ਤ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜੇਬ ਕਤਰਿਆਂ ਨੂੰ ਨੱਥ ਪਾਉਣ ਲਈ ਪੁਲੀਸ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਤਖ਼ਤ ਕੇਸਗੜ੍ਹ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ, ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ ਤੇ ਬਾਬਾ ਗੁਰਦਿੱਤਾ ਜੀ ਦੇ ਮੈਨੇਜਰ ਕਰਮਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਅਤੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਸਣੇ ਪ੍ਰਮੁੱਖ ਸਕੱਤਰ ਦੀਆਂ ਸਪਸ਼ਟ ਹਦਾਇਤਾਂ ਹਨ ਕਿ ਸ਼ਰਧਾਲੂਆਂ ਦੀ ਰਿਹਾਇਸ਼ ਦੇ ਪ੍ਰਬੰਧ ਅਤੇ ਲੰਗਰ ਦੇ ਪ੍ਰਬੰਧ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ 8 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਵੱਲੋਂ ਹੋਲੇ ਮਹੱਲੇ ਦੀ ਅਰੰਭਤਾ ਦੀ ਅਰਦਾਸ ਕੀਤੀ ਜਾਵੇਗੀ।
Comments (0)