ਬੇਅਦਬੀ ਦੀਆਂ ਘਟਨਾਵਾਂ ਲਈ ਸਬੰਧਤ ਕਮੇਟੀ ਖ਼ਿਲਾਫ਼ ਹੋਵੇਗੀ ਕਾਰਵਾਈ : ਗਿਆਨੀ ਗੁਰਬਚਨ ਸਿੰਘ

ਬੇਅਦਬੀ ਦੀਆਂ ਘਟਨਾਵਾਂ ਲਈ ਸਬੰਧਤ ਕਮੇਟੀ ਖ਼ਿਲਾਫ਼ ਹੋਵੇਗੀ ਕਾਰਵਾਈ : ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ/ਬਿਊਰੋ ਨਿਊਜ਼ :
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਨਿੱਤ ਵਾਪਰ ਰਹੀਆਂ ਘਟਨਾਵਾਂ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਗੁਰਦੁਆਰਾ ਕਮੇਟੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਭਵਿੱਖ ਵਿਚ ਗੁਰਦੁਆਰਾ ਕਮੇਟੀ ਦੀ ਅਣਗਹਿਲੀ ਕਾਰਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਤਾਂ ਸਬੰਧਤ ਕਮੇਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤਲਬ ਕਰਨ ਦੇ ਨਾਲ-ਨਾਲ ਕਮੇਟੀ ‘ਤੇ 295ਏ (ਧਾਰਮਿਕ ਭਾਵਨਾਂ ਨੂੰ ਠੇਸ ਪਹੰਚਾਉਣ) ਦਾ ਪਰਚਾ ਦਰਜ ਕਰਵਾਇਆ ਜਾਵੇਗਾ। ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਨਿੱਤ ਵਾਪਰ ਰਹੀਆਂ ਘਟਨਾਵਾਂ ਸਿੱਖ ਵਿਰੋਧੀ ਏਜੰਸੀਆਂ ਦੀ ਬਹੁਤ ਹੀ ਵੱਡੀ ਚਾਲ ਹੈ ਜਿਸ ਤੋਂ ਸੰਗਤ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘ ਤੇ ਪ੍ਰਬੰਧਕ ਕਮੇਟੀ ਦੀ ਜ਼ਿੰਮੇਵਾਰੀ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਗ੍ਰੰਥੀ ਸਿੰਘ ਦੀ ਗੈਰ-ਹਾਜ਼ਰੀ ਵਿਚ ਗੁਰਦੁਆਰਾ ਸਾਹਿਬ ਵਿਚ ਸੇਵਾਦਾਰ ਜ਼ਰੂਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਜਿਨ੍ਹਾਂ ਗੁਰਦੁਆਰਾ ਸਾਹਿਬਾਨ ਵਿਚ ਸੀ.ਸੀ.ਟੀ. ਵੀ. ਕੈਮਰੇ ਨਹੀਂ ਲੱਗੇ, ਸੁਰੱਖਿਆ ਦੇ ਨਜ਼ਰੀਏ ਨਾਲ ਉਹ ਗੁਰਦੁਆਰਾ ਕਮੇਟੀਆਂ ਆਪਣੇ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਬਣਾ ਕੇ ਸ਼੍ਰੋਮਣੀ ਕਮੇਟੀ ਤੋਂ ਗੁਰਦੁਆਰਾ ਸਾਹਿਬ ਵਿਚ ਸੀ.ਸੀ.ਟੀ. ਵੀ ਕੈਮਰੇ ਲਵਾਉਣ ਲਈ ਯਤਨ ਕਰਨ। ਇਸ ਦੌਰਾਨ ਸਿੰਘ ਸਾਹਿਬ ਨੇ ਵਿਦੇਸ਼ਾਂ ਵਿਚ ਹੋ ਰਹੇ ਨਸਲੀ ਹਮਲਿਆਂ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।