ਡੇਰੇ ਤੋਂ ਵੋਟਾਂ ਮੰਗਣ ਵਾਲੇ ਪਤਿਤ ਸਿੱਖਾਂ ਖ਼ਿਲਾਫ਼ ਵੀ ਹੋ ਸਕਦੀ ਹੈ ਕਾਰਵਾਈ

ਡੇਰੇ ਤੋਂ ਵੋਟਾਂ ਮੰਗਣ ਵਾਲੇ ਪਤਿਤ ਸਿੱਖਾਂ ਖ਼ਿਲਾਫ਼ ਵੀ ਹੋ ਸਕਦੀ ਹੈ ਕਾਰਵਾਈ

ਅੰਮ੍ਰਿਤਸਰ/ਬਿਊਰੋ ਨਿਊਜ਼ :
ਵੋਟਾਂ ਮੰਗਣ ਲਈ ਡੇਰਾ ਸਿਰਸਾ ਜਾਣ ਵਾਲੇ ਉਮੀਦਵਾਰਾਂ ਵਿਚੋਂ ਸਿਰਫ਼ ਗੁਰਸਿੱਖ ਵਿਅਕਤੀਆਂ ਨੂੰ ਹੀ ਸ੍ਰੀ ਅਕਾਲ ਤਖ਼ਤ ‘ਤੇ ਤਲਬ ਕੀਤੇ ਜਾਣ ਦੀ ਸੰਭਾਵਨਾ ਹੈ ਪਰ ਸ੍ਰੀ ਅਕਾਲ ਤਖ਼ਤ ਵੱਲੋਂ ਪਤਿਤ ਸਿੱਖਾਂ ਖ਼ਿਲਾਫ਼ ਵੀ ਕਾਰਵਾਈ ਹੋ ਸਕਦੀ ਹੈ। ਇਹ ਖੁਲਾਸਾ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੀਤਾ ਹੈ।
ਤਿੰਨ ਮੈਂਬਰੀ ਜਾਂਚ ਕਮੇਟੀ ਨੇ 6 ਮਾਰਚ ਨੂੰ ਇਸ ਸਬੰਧੀ ਆਪਣੀ ਜਾਂਚ ਰਿਪੋਰਟ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪੀ ਸੀ। ਉਸ ਦਿਨ ਕਾਹਲੀ ਵਿੱਚ ਹੋਣ ਕਾਰਨ ਗਿਆਨੀ ਗੁਰਬਚਨ ਸਿੰਘ ਰਿਪੋਰਟ ਪ੍ਰਾਪਤ ਕਰਨ ਮਗਰੋਂ ਰਾਜਸਥਾਨ ਰਵਾਨਾ ਹੋ ਗਏ ਸਨ। ਉਨ੍ਹਾਂ ਪਰਤਣ ਮਗਰੋਂ ਇੱਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਨਵੇਂ ਵਰ੍ਹੇ ਦਾ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ। ਇਸ ਮੁੱਦੇ ਸਬੰਧੀ ਉਨ੍ਹਾਂ ਦੱਸਿਆ ਕਿ ਜਾਂਚ ਕਮੇਟੀ ਵੱਲੋਂ ਦਿੱਤੀ ਰਿਪੋਰਟ ਵਿੱਚ ਲਗਭਗ 50 ਵਿਅਕਤੀਆਂ ਦੇ ਨਾਵਾਂ ਦਾ ਜ਼ਿਕਰ ਹੈ, ਜਿਨ੍ਹਾਂ ਵੋਟਾਂ ਵਾਸਤੇ ਸਮਰਥਨ ਪ੍ਰਾਪਤ ਕਰਨ ਲਈ ਡੇਰਾ ਸਿਰਸਾ ਦੇ ਮੁਖੀ ਨਾਲ ਸੰਪਰਕ ਕੀਤਾ ਅਤੇ ਸ੍ਰੀ ਅਕਾਲ ਤਖ਼ਤ ਤੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 50 ਵਿਅਕਤੀਆਂ ਵਿੱਚ ਕੁਝ ਵਿਅਕਤੀ ਗੁਰਸਿੱਖ ਹਨ ਅਤੇ ਕੁਝ ਪਤਿਤ ਹਨ। ਅਕਾਲ ਤਖ਼ਤ ਵੱਲੋਂ ਜਾਰੀ ਹੁਕਮਨਾਮੇ ਦੇ ਘੇਰੇ ਵਿੱਚ ਸਿਰਫ਼ ਗੁਰਸਿੱਖ ਵਿਅਕਤੀ ਆਉਂਦੇ ਹਨ ਅਤੇ ਉਨ੍ਹਾਂ ਨੂੰ ਹੀ ਸ੍ਰੀ ਅਕਾਲ ਤਖ਼ਤ ‘ਤੇ ਸਪੱਸ਼ਟੀਕਰਨ ਲਈ ਤਲਬ ਕੀਤਾ ਜਾ ਸਕਦਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਭਾਵੇਂ ਪਤਿਤ ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ‘ਤੇ ਤਲਬ ਨਾ ਕੀਤਾ ਜਾਵੇ ਪਰ ਹੁਕਮਨਾਮੇ ਦੀ ਉਲੰਘਣਾ ਸਬੰਧੀ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਹੋ ਸਕਦੀ ਹੈ। ਉਨ੍ਹਾਂ ਆਖਿਆ ਕਿ ਇਹ ਗੰਭੀਰ ਮਾਮਲਾ ਹੈ।
ਪਤਾ ਲੱਗਿਆ ਹੈ ਕਿ ਇਨ੍ਹਾਂ 50 ਵਿਅਕਤੀਆਂ ਵਿੱਚ ਵਧੇਰੇ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਹਨ। ਇਨ੍ਹਾਂ ਤੋਂ ਇਲਾਵਾ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਵੀ ਸ਼ਾਮਲ ਹਨ। ਇਹ ਨੁਮਾਇੰਦੇ 28 ਜਨਵਰੀ ਨੂੰ ਡੇਰਾ ਸਿਰਸਾ ਪੁੱਜੇ ਸਨ ਅਤੇ ਡੇਰਾ ਮੁਖੀ ਨਾਲ ਮੁਲਾਕਾਤ ਕੀਤੀ ਸੀ। ਇਸ ਮਗਰੋਂ ਪਹਿਲੀ ਜਨਵਰੀ ਨੂੰ ਡੇਰਾ ਸਿਰਸਾ ਨੇ ਆਪਣੀ ਹਮਾਇਤ ਸ਼੍ਰੋਮਣੀ ਅਕਾਲੀ ਦਲ ਨੂੰ ਦੇਣ ਦਾ ਐਲਾਨ ਕੀਤਾ ਸੀ। ਇਸ ਸਬੰਧੀ ਡੇਰੇ ਵਿੱਚ ਸਮਾਗਮ ਸਮੇਂ ਐਲਾਨ ਕੀਤਾ ਗਿਆ ਸੀ। ਉਸ ਵੇਲੇ ਮੰਚ ‘ਤੇ ਕਈ ਅਕਾਲੀ ਨੁਮਾਇੰਦੇ ਹਾਜ਼ਰ ਸਨ, ਜਿਨ੍ਹਾਂ ਦੀਆਂ ਤਸਵੀਰਾਂ ਵੀ ਪ੍ਰਕਾਸ਼ਤ ਹੋਈਆਂ ਸਨ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਹੋਲੇ-ਮਹੱਲੇ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੀ ਜਾਵੇਗੀ। ਇਸ ਮੀਟਿੰਗ ਵਿੱਚ ਡੇਰੇ ਤੋਂ ਹਮਾਇਤ ਲੈਣ ਵਾਲਿਆਂ ਖ਼ਿਲਾਫ਼ ਕਾਰਵਾਈ ਉਤੇ ਵਿਚਾਰ ਕੀਤਾ ਜਾਵੇਗਾ।