ਸ਼੍ਰੋਮਣੀ ਕਮੇਟੀ ਕਰੇਗੀ ਕੈਪਟਨ ਅਮਰਿੰਦਰ ਸਿੰਘ ਦਾ ਸਨਮਾਨ

ਸ਼੍ਰੋਮਣੀ ਕਮੇਟੀ ਕਰੇਗੀ ਕੈਪਟਨ ਅਮਰਿੰਦਰ ਸਿੰਘ ਦਾ ਸਨਮਾਨ

ਪਟਿਆਲਾ/ਬਿਊਰੋ ਨਿਊਜ਼ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬੰਡੂਗਰ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਦਰਬਾਰ ਸਾਹਿਬ, ਅੰਮ੍ਰਿਤਸਰ ਪੁੱਜਣ ‘ਤੇ ਸਨਮਾਨ ਕੀਤਾ ਜਾਵੇਗਾ। ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਉਚੇਚੇ ਤੌਰ ‘ਤੇ ਸਨਮਾਨ ਵਜੋਂ ਸਿਰੋਪਾਓ ਸਾਹਿਬ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਹੈੱਡ ਗ੍ਰੰਥੀ (ਦਰਬਾਰ ਸਾਹਿਬ) ਦੇ ਨਾਲ ਨਾਲ ਕਮੇਟੀ ਦੇ ਮੁੱਖ ਸਕੱਤਰ ਸਮੇਤ ਹੋਰ ਅਧਿਕਾਰੀਆਂ ਨੂੰ ਤਾਇਨਾਤ ਕਰਨ ਦਾ ਪ੍ਰੋਗਰਾਮ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਕਾਂਗਰਸ ਦੇ ਮੁੱਖ ਮੰਤਰੀਆਂ ਤੇ ਹੋਰ ਸ਼ਖ਼ਸੀਅਤਾਂ ਨਾਲ ਸਬੰਧ ਜ਼ਿਆਦਾਤਰ ਅਸੁਖਾਵੇਂ ਰਹੇ ਹਨ। ਅਜਿਹੇ ਵਿੱਚ ਕਈ ਮੌਕਿਆਂ ‘ਤੇ ਦਰਬਾਰ ਸਾਹਿਬ ਪੁੱਜਣ ‘ਤੇ ਕਈ ਕਾਂਗਰਸੀਆਂ ਨੂੰ ਸਿਰੋਪਾਓ ਨਹੀਂ ਦਿੱਤੇ ਗਏ। ਹੁਣ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਫ਼ੈਸਲਿਆਂ ਦੇ ਉਲਟ ਕਾਂਗਰਸ ਤਰਫ਼ੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਰਬਾਰ ਸਾਹਿਬ ਵਿਖੇ ਸਨਮਾਨਿਤ ਕਰਨ ਦਾ ਫ਼ੈਸਲਾ ਲੈਣਾ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬੰਡੂਗਰ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੀ ਫੇਰੀ ਮੌਕੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਦੀ ਇੱਛਾ ਹੈ ਕਿ ਪੰਜਾਬ ਵਿੱਚ ਰਾਜਸੀ ਕੁੱੜਤਣ ਨੂੰ ਖਤਮ ਕੀਤਾ ਜਾਵੇ।  ਉਨ੍ਹਾਂ ਇਹ ਵੀ ਦਲੀਲ ਦਿੱਤੀ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਦਰਬਾਰ ਸਾਹਿਬ, ਅੰਮ੍ਰਿਤਸਰ ‘ਤੇ 1984 ਵਿੱਚ ਹੋਏ ਫ਼ੌਜੀ ਹਮਲੇ ਦੇ ਵਿਰੋਧ ਵਿੱਚ ਕਾਂਗਰਸ ਤੋਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵੀ ਸਮੇਂ ਸਮੇਂ ਅਵਾਜ਼ ਬੁਲੰਦ ਕੀਤੀ ਹੈ। ਐਸਵਾਈਐਲ ਦੇ ਵਿਵਾਦ ‘ਤੇ ਵੀ ਕੈਪਟਨ ਵੱਲੋਂ ਰਾਜਸੀ ਸੋਚ ਤੋਂ ਹੱਟਕੇ ਪੰਜਾਬ ਦੇ ਹੱਕ ਵਿੱਚ  ਸਟੈਂਡ ਲਿਆ ਜਾ ਰਿਹਾ ਹੈ।
ਉਨ੍ਹਾਂ ਆਖਿਆ ਕਿ ਇਸ ਦੇ ਇਵਜ਼ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੇ ਦਰਬਾਰ ਸਾਹਿਬ ਪੁੱਜਣ ‘ਤੇ ਧਾਰਮਿਕ ਰਸਮਾਂ ਨਾਲ ਸਵਾਗਤ ਕੀਤਾ ਜਾਵੇਗਾ। ਇਸ ਤਹਿਤ ਦਰਬਾਰ ਸਾਹਿਬ ਅੰਦਰ ਸਿਰੋਪਾਓ ਦੇਣ ਲਈ ਸ਼੍ਰੋਮਣੀ ਕਮੇਟੀ ਨੇ ਪੂਰੀ ਤਿਆਰੀ ਕਰ ਲਈ ਹੈ. ਪ੍ਰੋ. ਬੰਡੂਗਰ ਦਾ ਇਹ ਵੀ ਕਹਿਣਾ ਸੀ ਕਿ ਅਜੇ ਕੈਪਟਨ ਵੱਲੋਂ ਦਰਬਾਰ ਸਾਹਿਬ ਸ਼ੁਕਰਾਨੇ ਵਜੋਂ ਪੁੱਜਣ ਸਬੰਧੀ ਮੁੱਖ ਮੰਤਰੀ ਦਫ਼ਤਰ ਵੱਲੋਂ ਸ਼੍ਰੋਮਣੀ ਕਮੇਟੀ ਕੋਲ ਕੋਈ ਟਾਈਮ ਨਹੀਂ ਪੁੱਜਿਆ ਪਰ ਮੁੱਖ ਮੰਤਰੀ ਜਦੋਂ ਵੀ ਦਰਬਾਰ ਸਾਹਿਬ ਆਉਣਗੇ, ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਅਤੇ ਸਵਾਗਤ ਵਿੱਚ ਢਿੱਲ ਨਹੀਂ ਵਿਖਾਈ ਜਾਵੇਗੀ।