ਕੀ ਸਿੱਖ ਨਸਲਕੁਸ਼ੀ ਮਤੇ ‘ਤੇ ਵਿਰੋਧ ਦਰਜ ਕਰਾਉਣ ਵੇਲੇ ਕੇਂਦਰ ਨੇ ਬਾਦਲਾਂ ਤੋਂ ਸਲਾਹ ਲਈ ਸੀ: ਫੂਲਕਾ

ਕੀ ਸਿੱਖ ਨਸਲਕੁਸ਼ੀ ਮਤੇ ‘ਤੇ ਵਿਰੋਧ ਦਰਜ ਕਰਾਉਣ ਵੇਲੇ ਕੇਂਦਰ ਨੇ ਬਾਦਲਾਂ ਤੋਂ ਸਲਾਹ ਲਈ ਸੀ: ਫੂਲਕਾ

ਚੰਡੀਗੜ੍ਹ/ਬਿਊਰੋ ਨਿਊਜ਼ :
ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ ਐਸ ਫੂਲਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਮੰਗ ਕੀਤੀ ਹੈ ਕਿ ਉਹ ਸਪਸ਼ਟ ਕਰਨ ਕਿ ਕੈਨੇਡਾ ਸਰਕਾਰ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਕਤਲੇਆਮ ਕਰਾਰ ਦੇਣ ਵਾਲੇ ਮਤੇ ‘ਤੇ ਕੇਂਦਰ ਸਰਕਾਰ ਨੇ ਵਿਰੋਧ ਦਰਜ ਕਰਾਉਣ ਤੋਂ ਪਹਿਲਾਂ ਕੀ ਉਨ੍ਹਾਂ ਨਾਲ ਸਲਾਹ ਕੀਤੀ ਸੀ।
ਸ੍ਰੀ ਫੂਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਕੇਂਦਰ ਵਿੱਚ ਮੰਤਰੀ ਹਨ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੋਕਾਂ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਕੇਂਦਰ ਸਰਕਾਰ ਨੇ ਓਂਟਾਰੀਓ ਅਸੈਂਬਲੀ ਵੱਲੋਂ 84 ਦੰਗਿਆਂ ਬਾਰੇ ਪਾਸ ਮਤੇ ਨੂੰ ਗੁਮਰਾਹਕੁਨ ਕਰਾਰ ਦੇਣ ਤੋਂ ਪਹਿਲਾਂ ਉਨ੍ਹਾਂ ਤੋਂ ਮਨਜ਼ੂਰੀ ਲਈ ਸੀ। ਇਸ ਸਬੰਧੀ ਫੋਨ ‘ਤੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਨੇ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਓਂਟਾਰੀਓ ਅਸੈਂਬਲੀ ਵੱਲੋਂ ਪਾਸ ਮਤੇ ਤੋਂ ਸਹਿਮਤ ਸੀ ਤਾਂ ਉਸ ਨੂੰ ਤੁਰਤ ਕੋਰ ਕਮੇਟੀ ਦੀ ਮੀਟਿੰਗ ਬੁਲਾਉਣੀ ਚਾਹੀਦੀ ਸੀ ਅਤੇ ਇਸ ਦੇ ਹੱਕ ਵਿੱਚ ਮਤਾ ਪਾਸ ਕਰਨਾ ਚਾਹੀਦਾ ਸੀ ਤੇ ਸਿੱਖ ਵਿਰੋਧੀ ਦੰਗਿਆਂ ਨੂੰ ਕਤਲੇਆਮ ਐਲਾਨਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਨੂੰ ਕੇਂਦਰ ਦੇ ਇਸ ਮਤੇ ਸਬੰਧੀ ਲਏ ਸਟੈਂਡ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਵਿਰੋਧ ਦਰਜ ਕਰਾਉਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਨੂੰ ਸੂਬੇ ਨਾਲ ਸਬੰਧਤ ਮੁੱਦਿਆਂ ‘ਤੇ ਦੋਹਰੀ ਰਾਜਨੀਤੀ ਨਹੀਂ ਕਰਨ ਦੇਣਗੇ, ਜਿਸ ਕਾਰਨ ਸੂਬੇ ਨੂੰ ਦਹਾਕਿਆਂ ਤੋਂ ਬਹੁਤ ਨੁਕਸਾਨ ਹੋਇਆ ਹੈ।