ਬਾਰੂਦ ਬਰਾਮਦਗੀ ਮਾਮਲੇ ਵਿਚ ਭਾਈ ਹਰਮਿੰਦਰ ਸਿੰਘ ਮਿੰਟੂ ਬਰੀ

ਬਾਰੂਦ ਬਰਾਮਦਗੀ ਮਾਮਲੇ ਵਿਚ ਭਾਈ ਹਰਮਿੰਦਰ ਸਿੰਘ ਮਿੰਟੂ ਬਰੀ

ਲੁਧਿਆਣਾ/ਬਿਊਰੋ ਨਿਊਜ਼ :
ਸਥਾਨਕ ਅਦਾਲਤ ਨੇ ਬਾਰੂਦ ਬਰਾਮਦਗੀ ਦੇ ਮਾਮਲੇ ਵਿਚ ਨਾਜ਼ਮਦ ਕੀਤੇ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਹੈ। ਜਾਣਕਾਰੀ ਦਿੰਦਿਆਂ ਭਾਈ ਮਿੰਟੂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਪੁਲੀਸ ਵੱਲੋਂ 20 ਜਨਵਰੀ, 2010 ਨੂੰ ਹਲਵਾਰਾ ਏਅਰ ਫੋਰਸ ਸਟੇਸ਼ਨ ਦੇ ਨੇੜੇ ਇਕ ਮਾਰੂਤੀ ਕਾਰ ਵਿਚੋਂ ਬਾਰੂਦ ਬਰਾਮਦ ਕੀਤਾ ਸੀ। ਪੁਲੀਸ ਵੱਲੋਂ ਇਸ ਮਾਮਲੇ ਵਿਚ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਵੇਲੇ ਭਾਵੇਂ ਪੁਲੀਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਸੀ ਪਰ ਬਾਅਦ ਵਿਚ ਪੁਲੀਸ ਵੱਲੋਂ ਇਸ ਮਾਮਲੇ ਵਿਚ ਭਾਈ ਮਿੰਟੂ ਸਮੇਤ ਪੰਜ ਖਾੜਕੂਆਂ ਨੂੰ ਨਾਮਜ਼ਦ ਕੀਤਾ ਸੀ। ਪੁਲੀਸ ਵੱਲੋਂ ਭਾਈ ਮਿੰਟੂ ਖ਼ਿਲਾਫ਼ ਚਾਲਾਨ ਪੇਸ਼ ਕੀਤਾ ਗਿਆ ਸੀ ਪਰ ਪੁਲੀਸ ਅਦਾਲਤ ਵਿਚ ਭਾਈ ਮਿੰਟੂ ‘ਤੇ ਦੋਸ਼ ਸਾਬਤ ਨਹੀਂ ਕਰ ਸਕੀ, ਜਿਸ ‘ਤੇ ਜੱਜ ਅਮਰਿੰਦਰ ਸਿੰਘ ਸ਼ੇਰਗਿੱਲ ਨੇ ਭਾਈ ਮਿੰਟੂ ਨੂੰ ਬਾਇੱਜ਼ਤ ਬਰੀ ਕਰ ਦਿੱਤਾ, ਜਦਕਿ ਇਸ ਮਾਮਲੇ ਵਿਚ ਚਾਰ ਖਾੜਕੂਆਂ ਨੂੰ ਪਹਿਲਾਂ ਹੀ ਬਰੀ ਕੀਤਾ ਜਾ ਚੁੱਕਾ ਹੈ। ਭਾਈ ਮਿੰਟੂ ਇਸ ਵੇਲੇ ਪਟਿਆਲਾ ਜੇਲ੍ਹ ਵਿਚ ਹਨ ਅਤੇ ਉਨ੍ਹਾਂ ਨੂੰ ਸੁਰੱਖਿਆ ਕਾਰਨਾਂ ਕਰਕੇ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ।