ਸ਼ਹੀਦੀ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਯਾਤਰੀਆਂ ਨੂੰ ਰੇਲ ਗੱਡੀ ‘ਚ ਨਾ ਚੜ੍ਹਣ ਦਿੱਤਾ

ਸ਼ਹੀਦੀ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਯਾਤਰੀਆਂ ਨੂੰ ਰੇਲ ਗੱਡੀ ‘ਚ ਨਾ ਚੜ੍ਹਣ ਦਿੱਤਾ

ਅੰਮ੍ਰਿਤਸਰ/ ਬਿਊਰੋ ਨਿਊਜ਼:
ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪਾਕਿਸਤਾਨ ਵਿੱਚ ਪੰਚਮ ਪਾਤਸ਼ਾਹ ਦਾ ਸ਼ਹੀਦੀ ਪੁਰਬ ਮਨਾਉਣ ਲਈ ਵੀਜ਼ਾ ਹੋਣ ਦੇ ਬਾਵਜੂਦ ਉਥੇ ਨਹੀਂ ਜਾ ਸਕਿਆ। ਇਸ ਜਥੇ ਵਿੱਚ 80 ਸ਼ਰਧਾਲੂ ਸ਼ਾਮਲ ਸਨ। ਉਨ੍ਹਾਂ ਕੋਲ ਵਿਸ਼ੇਸ਼ ਰੇਲ ਗੱਡੀ ਰਾਹੀਂ ਜਾਣ ਦੀ ਪ੍ਰਵਾਨਗੀ ਤਾਂ ਸੀ ਪਰ ਉਹ ਸਮਝੌਤਾ ਐਕਸਪ੍ਰੈੱਸ ਰਾਹੀਂ ਪਾਕਿਸਤਾਨ ਜਾਣਾ ਚਾਹੁੰਦੇ ਸਨ। 68 ਸ਼ਰਧਾਲੂ ਭਾਈ ਮਰਦਾਨਾ ਯਾਦਗਾਰੀ ਕਮੇਟੀ ਅਤੇ 12 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਧੜੇ ਨਾਲ ਸਬੰਧਤ ਹਨ। ਉਧਰ ਹਰਿਆਣਾ ਨਾਲ ਸਬੰਧਤ 14 ਸ਼ਰਧਾਲੂ ਸੜਕ ਰਸਤੇ ਅਟਾਰੀ ਸਰਹੱਦ ਤੋਂ ਪਾਕਿਸਤਾਨ ਪੁੱਜ ਗਏ।
ਭਾਈ ਮਰਦਾਨਾ ਯਾਦਗਾਰੀ ਕਮੇਟੀ ਦੇ ਮੁਖੀ ਹਰਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਜਦੋਂ ਉਹ ਸਮਝੌਤਾ ਐਕਸਪ੍ਰੈੱਸ ਜ਼ਰੀਏ ਪਾਕਿਸਤਾਨ ਜਾਣ ਵਾਸਤੇ ਅਟਾਰੀ ਰੇਲਵੇ ਸਟੇਸ਼ਨ ‘ਤੇ ਪੁੱਜੇ ਤਾਂ ਉਥੇ ਮੌਜੂਦ ਅਧਿਕਾਰੀਆਂ ਵੱਲੋਂ ਸ਼ਰਧਾਲੂਆਂ ਨੂੰ ਸਮਝੌਤਾ ਐਕਸਪ੍ਰੈੱਸ ਵਿੱਚ ਸਵਾਰ ਹੋਣ ਤੋਂ ਰੋਕ ਦਿੱਤਾ ਗਿਆ। ਉਨ੍ਹਾਂ ਨੇ ਰੇਲ ਵਿਭਾਗ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਵੀ ਅਜਿਹੇ ਵੀਜ਼ੇ ‘ਤੇ ਸਮਝੌਤਾ ਐਕਸਪ੍ਰੈੱਸ ਰਾਹੀਂ ਪਾਕਿਸਤਾਨ ਜਾਂਦੇ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਦਾਅਵਾ ਕੀਤਾ ਕਿ ਸ਼ਰਧਾਲੁਆਂ ਲਈ ਪਾਕਿਸਤਾਨ ਸਰਕਾਰ ਵੱਲੋਂ ਵਿਸ਼ੇਸ਼ ਰੇਲ ਗੱਡੀ ਭੇਜੀ ਜਾਣੀ ਸੀ ਪਰ ਭਾਰਤੀ ਰੇਲ ਵਿਭਾਗ ਨੇ ਪਾਕਿਸਤਾਨ ਦੀ ਰੇਲ ਗੱਡੀ ਨੂੰ ਇਧਰ ਆਉਣ ਦੀ ਆਗਿਆ ਨਹੀਂ ਦਿੱਤੀ। ਇਸੇ ਲਈ ਉਨ੍ਹਾਂ ਨੇ ਸਮਝੌਤਾ ਐਕਸਪ੍ਰੈੱਸ ਰਾਹੀਂ ਪਾਕਿਸਤਾਨ ਜਾਣ ਦਾ ਫ਼ੈਸਲਾ ਕੀਤਾ ਸੀ। ਪਾਕਿਸਤਾਨ ਜਾਣ ਤੋਂ ਰੋਕੇ ਜਾਣ ਕਾਰਨ ਨਿਰਾਸ਼ ਹੋਏ ਸ਼ਰਧਾਲੂ ਸਟੇਸ਼ਨ ਤੋਂ ਹੀ ਵਾਪਸ ਚਲੇ ਗਏ। ਇਹ ਯਾਤਰੂ ਆਪਣਾ ਸਾਮਾਨ ਅਤੇ ਹੋਰ ਦਸਤਾਵੇਜ਼ ਲੈ ਕੇ ਪੁੱਜੇ ਹੋਏ ਸਨ। ਸਿੱਖ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਪੱਖਪਾਤ ਕੀਤਾ ਗਿਆ ਹੈ। ਹੁਣ ਇਹ ਯਾਤਰੂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣਗੇ।
ਦੂਜੇ ਪਾਸੇ ਰੇਲ ਵਿਭਾਗ ਦੇ ਅਟਾਰੀ ਵਿਖੇ ਤਾਇਨਾਤ ਸੁਪਰਡੈਂਟ ਏ.ਕੇ. ਗੁਪਤਾ ਨੇ ਆਖਿਆ ਕਿ ਇਨ੍ਹਾਂ ਸ਼ਰਧਾਲੂਆਂ ਕੋਲ ਸਮਝੌਤਾ ਐਕਸਪ੍ਰੈੱਸ ਰਾਹੀਂ ਪਾਕਿਸਤਾਨ ਜਾਣ ਲਈ ਲੋੜੀਂਦੇ ਦਸਤਾਵੇਜ਼ ਨਹੀਂ ਸਨ। ਉਨ੍ਹਾਂ ਆਖਿਆ ਕਿ ਪਾਕਿਸਤਾਨ ਤੋਂ ਇਸ ਸਬੰਧੀ ਕੋਈ ਵਿਸ਼ੇਸ਼ ਰੇਲ ਗੱਡੀ ਨਹੀਂ ਪੁੱਜੀ। ਸਮਝੌਤਾ ਐਕਸਪ੍ਰੈੱਸ ਰਾਹੀਂ ਪਾਕਿਸਤਾਨ ਜਾਣ ਵਾਲਿਆਂ ਬਾਰੇ ਰੇਲ ਵਿਭਾਗ ਨੂੰ ਅਗਾਊਂ ਜਾਣਕਾਰੀ ਦਿੱਤੀ ਜਾਂਦੀ ਹੈ ਪਰ ਇਨ੍ਹਾਂ ਯਾਤਰੂਆਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।
ਦੱਸਣਯੋਗ ਹੈ ਕਿ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਪੰਚਮ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਪਾਕਿਸਤਾਨ ਵਿੱਚ 16 ਜੂਨ ਨੂੰ ਮਨਾਇਆ ਜਾ ਰਿਹਾ ਹੈ ਜਦਕਿ ਸ਼੍ਰੋਮਣੀ ਕਮੇਟੀ ਤੇ ਉਸ ਦੀਆਂ ਸਹਿਯੋਗੀ ਜਥੇਬੰਦੀਆਂ ਵੱਲੋਂ ਇਹ ਸ਼ਹੀਦੀ ਦਿਹਾੜਾ ਸੋਧੇ ਹੋਏ ‘ਨਾਨਕਸ਼ਾਹੀ ਕੈਲੰਡਰ’ ਅਨੁਸਾਰ 29 ਮਈ ਨੂੰ ਮਨਾਇਆ ਜਾ ਚੁੱਕਿਆ ਹੈ।  ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਗੋਪਾਲ ਸਿੰਘ ਚਾਵਲਾ ਵੱਲੋਂ ਸ਼ਰਧਾਲੂਆਂ ਨੂੰ 16 ਜੂਨ ਨੂੰ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਪਾਕਿਸਤਾਨ ਪੁੱਜਣ ਦੀ ਅਪੀਲ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਪੀਜੀਪੀਸੀ ਨੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਹੋਈ ਹੈ ਅਤੇ ‘ਸੋਧੇ’ ਹੋਏ ਕੈਲੰਡਰ ਨੂੰ ਰੱਦ ਕੀਤਾ ਹੋਇਆ ਹੈ।