ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਹੋਣ ਦਾ ਅਸਲੀ ਗੁਨਾਹਗਾਰ ਮਨਪ੍ਰੀਤ ਬਾਦਲ : ਸੁਖਬੀਰ ਬਾਦਲ

ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਹੋਣ ਦਾ ਅਸਲੀ ਗੁਨਾਹਗਾਰ ਮਨਪ੍ਰੀਤ ਬਾਦਲ : ਸੁਖਬੀਰ ਬਾਦਲ
ਕੈਪਸ਼ਨ- ਲੁਧਿਆਣਾ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ।

ਲੁਧਿਆਣਾ/ਬਿਊਰੋ ਨਿਊਜ਼ :
ਇੱਥੇ ਕਾਂਗਰਸ ਸਰਕਾਰ ਖ਼ਿਲਾਫ਼ ਲਾਏ ਧਰਨੇ ਵਿੱਚ ਸ਼ਾਮਲ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਹਰ ਘਰ ਵਿੱਚ ਨੌਕਰੀ ਅਤੇ ਸਮਾਜ ਭਲਾਈ ਦੇ ਲਾਭਾਂ ਨੂੰ ਦੁੱਗਣਾ ਕਰਨ ਦੇ ਵਾਅਦਿਆਂ ਤੋਂ ਪੱਲਾ ਝਾੜ ਚੁੱਕੀ ਹੈ।
ਧਰਨੇ ਤੋਂ ਬਾਅਦ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੇ ਘਰ ਰੱਖੀ ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਕਰਜ਼ਾ ਮੁਆਫ਼ੀ ਲਈ ਸਰਕਾਰ ਡਰਾਮੇਬਾਜ਼ੀ ਕਰ ਰਹੀ ਹੈ। ਇਸ ਬਾਰੇ ਕੋਈ ਕਮੇਟੀ ਬਣਾਉਣ ਦੀ ਲੋੜ ਨਹੀਂ ਸੀ। ਉਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀਆਂ ਸਰਕਾਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਚੁੱਕੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸ ਤਰ੍ਹਾਂ ਕਰਨਾ ਚਾਹੀਦਾ ਸੀ। ਉਨ੍ਹਾਂਂ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਹੋਣ ਦਾ ਅਸਲੀ ਗੁਨਾਹਗਾਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਹੈ।
ਸ੍ਰੀ ਸੁਖਬੀਰ ਬਾਦਲ ਨੇ ਕਿਹਾ ਕਿ ਮਨਪ੍ਰੀਤ ਨੇ ਹੀ ਕਾਂਗਰਸ ਦਾ ਚੋਣ ਮੈਨੀਫੈਸਟੋ ਤਿਆਰ ਕੀਤਾ ਸੀ। ਮਨਪ੍ਰੀਤ ਨੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਜਾਣਦਾ ਹੈ ਕਿ ਉਸ ਨੇ ਕਰਜ਼ਾ ਮੁਆਫ਼ੀ ਲਈ ਪੈਸਾ ਕਿੱਥੋਂ ਕੱਢਣਾ ਹੈ। ਹੁਣ ਉਹ ਪੈਸੇ ਦੀ ਕਮੀ ਦੇ ਬਹਾਨੇ ਨਹੀਂ ਘੜ ਸਕਦਾ। ਉਹ ਸੂਬੇ ਦੀ ਵਿੱਤੀ ਹਾਲਤ ਨੂੰ ਚੰਗੀ ਤਰ੍ਹਾਂ ਜਾਣਦਾ ਸੀ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਉਹ ਚਾਰ ਸਾਲ ਵਿੱਤ ਮੰਤਰੀ ਰਿਹਾ ਹੈ।
ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਦੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਸਹੀ ਠਹਿਰਾਉਣਾ ਸਰਕਾਰ ਦੀ ਨਾਕਾਮੀ ਹੈ, ਜਿਸ ਲਈ ਕੈਪਟਨ ਜ਼ਿੰਮੇਵਾਰ ਹੈ। ਉਨ੍ਹਾਂਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਰਾਣਾ ਗੁਰਜੀਤ ਨੂੰ ਮੰਤਰੀ ਦਾ ਅਹੁਦਾ ਛੱਡਣ ਲਈ ਮਜਬੂਰ ਕਰ ਦੇਵੇਗਾ। ਉਨ੍ਹਾਂਂ ਕਿਹਾ ਕਿ ਇਸ ਘੁਟਾਲੇ ਲਈ ਰਾਣਾ ਗੁਰਜੀਤ ਨੂੰ ਅਸਤੀਫ਼ਾ ਦੇਣਾ ਪਵੇਗਾ।